ਚੰਡੀਗੜ੍ਹ (ਜਨਗਾਥਾ ਟਾਈਮਜ਼) ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ਵਿੱਚ ਘਿਰੇ ਹੋਏ ਹਨ। ਅੱਜ ਉਨ੍ਹਾਂ ਨੇ ਮੀਡੀਆ ਸਾਹਮਣੇ ਆਪਣੇ ਉੱਤੇ ਲੱਗੇ ਇਲਜ਼ਾਮਾਂ ਬਾਰੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਸਾਜ਼ਿਸ਼ ਤਹਿਤ ਉਨ੍ਹਾਂ ’ਤੇ ਇਲਜ਼ਾਮ ਲਾਏ ਜਾ ਰਹੇ ਹਨ। ਇਸ ਸਬੰਧੀ ਉਹ ਪਹਿਲਾਂ ਵੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਇਹੀ ਸਪਸ਼ਟੀਕਰਨ ਦੇ ਚੁੱਕੇ ਹਨ।
ਪਟਨਾ ਸਾਹਿਬ ਬੋਰਡ ਦੇ ਪ੍ਰਧਾਨ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਾਈ ਗਈ ਧਾਰਮਕ ਸਜ਼ਾ ਭੁਗਤ ਰਹੇ ਹਨ। ਹੁਣ ਬੋਰਡ ਦੇ ਮੈਂਬਰ ਕਮਿਕਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਸ਼ਿਕਾਇਤ ਕੀਤੀ ਹੈ ਕਿ ਗਿਆਨੀ ਇਕਬਾਲ ਸਿੰਘ ਨੇ ਦੋ ਵਿਆਹ ਕਰਵਾਏ ਹਨ ਅਤੇ ਉਨ੍ਹਾਂ ਵੱਲੋਂ ਪੰਥਕ ਮਰਿਆਦਾ ਤੇ ਸਿੱਖੀ ਸਿਧਾਂਤਾਂ ਦਾ ਘਾਣ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਗਿਆਨੀ ਇਕਬਾਲ ਸਿੰਘ ’ਤੇ ਆਰਐਸਐਸ ਦੇ ਏਜੰਟ ਹੋਣ ਦਾ ਵੀ ਇਲਜ਼ਾਮ ਲਾਇਆ ਗਿਆ ਹੈ। ਇਸ ਸਬੰਧੀ ਸੰਗਤਾਂ ਵਿੱਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ। ਬੋਰਡ ਮੈਂਬਰ ਕਮਿਕਰ ਸਿੰਘ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਗਿਆਨੀ ਇਕਬਾਲ ਸਿੰਘ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।