ਮਸ਼ੀਨਾਂ ਨਾਲ ਹੀ ਕਰਵਾਈ ਜਾਵੇ ਸੀਵਰ ਮੈਨ ਹੋਲ ਦੀ ਸਫ਼ਾਈ : ਮੰਜੂ ਦਲੇਰ

    0
    152

    ਹੁਸ਼ਿਆਰਪੁਰ, / ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨਰ ਦੀ ਮੈਂਬਰ ਸ੍ਰੀਮਤੀ ਮੰਜੂ ਦਲੇਰ ਨੇ ਜਿਥੇ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨਾਲ ਸਫਾਈ ਸੇਵਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਮੀਟਿੰਗ ਕੀਤੀ, ਉਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਫਾਈ ਕਰਮਚਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸੀਵਰ ਮੈਨ ਹੋਲ ਦੀ ਸਫਾਈ ਮਸ਼ੀਨਾਂ ਨਾਲ ਹੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਸਫਾਈ ਸੇਵਕ ਖੁਦ ਅੰਦਰ ਜਾ ਕੇ ਸਫਾਈ ਨਾ ਕਰੇ ਅਤੇ ਅਧਿਕਾਰੀਆਂ ਵਲੋਂ ਵੀ ਅਜਿਹਾ ਨਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਦੀ ਸਿਹਤ ਦਾ ਵੀ ਖਾਸਤੌਰ ’ਤੇ ਧਿਆਨ ਰੱਖਿਆ ਜਾਵੇ ਅਤੇ ਸਮੇਂ-ਸਮੇਂ ’ਤੇ ਸਿਹਤ ਜਾਂਚ ਕੈਂਪ ਲਗਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਲੇਬਰ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਕਿਸੇ ਵੀ ਸਹੂਲਤ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਜਾਗਰੂਕਤਾ ਵੀ ਫੈਲਾਈ ਜਾਵੇ, ਤਾਂ ਜੋ ਮੁਹੱਲਾ ਸੈਨੀਟੇਸ਼ਨ ਕਮੇਟੀਆਂ/ਸਫਾਈ ਸੇਵਕਾਂ ਨੂੰ ਜਾਣਕਾਰੀ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਸਵਾਈ ਸੇਵਕਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਦਾ ਲਾਭ ਵੀ ਦਿੱਤਾ ਜਾਵੇ ਅਤੇ ਕੇਂਦਰ ਵੱਲੋਂ ਇਸ ਸਕੀਮ ਦੇ ਦੂਸਰੇ ਪੜਾਅ, ਜੋ ਕਿ ਬੇਘਰਾਂ ਲਈ ਹੋਵੇਗਾ, ਨੂੰ ਵੀ ਜਲਦ ਲਾਗੂ ਕੀਤਾ ਜਾ ਰਿਹਾ ਹੈ।
    ਸ੍ਰੀਮਤੀ ਦਲੇਰ ਨੇ ਜ਼ਿਲ੍ਹਾ ਸਿਖਿਆ ਅਫ਼ਸਰ (ਸ) ਪਾਸੋਂ ਸਫ਼ਾਈ ਸੇਵਕਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਜਾਣਕਾਰੀ ਲੈਂਦਿਆਂ, ‘ਸਿੱਖਿਆ ਦਾ ਅਧਿਕਾਰ ਐਕਟ’ ’ਚ ਦਰਜ ਸ਼ਰਤਾਂ ਨੂੰ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ’ਤੇ ਲਾਗੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਫ਼ਾਈ ਕਰਮਚਾਰੀਆਂ ਦਾ ਸਾਲ ਵਿੱਚ ਦੋ ਵਾਰ, ਸਰਕਾਰੀ ਹਸਪਤਾਲ ਵਿਖੇ ਸਿਹਤ ਚੈਕਅਪ ਕੈਂਪ ਅਤੇ ਲੋੜੀਂਦੇ ਟੈਸਟ ਕਰਵਾਉਣੇ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਸਕੀਮ’ ਦਾ ਲਾਭ ਸਫ਼ਾਈ ਸੇਵਕਾਂ ਤੱਕ ਪਹੁੰਚਣਾਉਣ ਲਈ ਵੀ ਕਿਹਾ। ਉਨ੍ਹਾਂ ਸਫਾਈ ਸੇਵਕਾਂ ਦੀ ਕੀਤੀ ਜਾ ਰਹੀ ਪੀ.ਐਫ. ਕਟੌਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਫਾਈ ਸੇਵਕਾਂ ਨੂੰ ਗਲੱਵਜ਼ ਅਤੇ ਮਾਸਕ ਪਾ ਕੇ ਹੀ ਸਫਾਈ ਕਰਨ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਨੂੰ ਬਿਮਾਰੀਆਂ ਦਾ ਸ਼ਿਕਾਰ ਨਾ ਹੋਣਾ ਪਵੇ। ਉਨ੍ਹਾਂ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਸਫਾਈ ਸੇਵਕਾਂ ਨੂੰ ਸਮੇਂ-ਸਮੇਂ ’ਤੇ ਸੇਫਟੀ ਕਿੱਟ ਮੁਹੱਈਆ ਕਰਵਾਈ ਜਾਵੇ।
    ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹੇ ’ਚ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਉਨ੍ਹਾਂ ਨੂੰ ਕਿਸੇ ਵੀ ਨਗਰ ਕੌਂਸਲ ਵਿੱਚ, ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸੀਵਰੇਜ ਦੀ ਸਫਾਈ ਲਈ ਇਕ ਹੋਰ ਵਿਸ਼ੇਸ਼ ਆਧੁਨਿਕ ਮਸ਼ੀਨ ਖਰੀਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਨੂੰ ਗਲੱਵਜ਼, ਮਾਸਕ ਸਮੇਤ ਸੇਫਟੀ ਕਿੱਟ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਲਵੀਰ ਰਾਜ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮੋਹਣ ਸਿੰਘ ਲੇਹਲ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਸਫਾਈ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦੇ ਹਾਜ਼ਰ ਸਨ।

    LEAVE A REPLY

    Please enter your comment!
    Please enter your name here