ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਘਰਾਂ ਉਤੇ ਕਾਲੇ ਝੰਡੇ ਲਹਿਰਾ ਕੇ ਰੋਸ ਜ਼ਾਹਿਰ

    0
    146

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਕਿਸਾਨ ਅੰਦੋਲਨ ਨੂੰ 6 ਮਹੀਨੇ ਪੂਰੇ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਬਲੈਕ ਦਿਵਸ’ ਮਨਾਇਆ ਜਾ ਰਿਹਾ ਹੈ, ਜਿਸ ਨੂੰ ਦਿੱਲੀ ਦੀਆਂ ਹੱਦਾਂ ਸਣੇ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰਾਂ ਵਿੱਚ ਮੋਦੀ ਦੇ ਪੁਤਲੇ ਸਾੜੇ ਜਾ ਰਹੇ ਹਨ।

    ਆਪਣੇ ਘਰਾਂ ਅਤੇ ਵਾਹਨਾਂ ’ਤੇ ਕਾਲੇ ਝੰਡੇ ਲਗਾ ਕੇ ਰੋਸ ਜ਼ਾਹਿਰ ਕੀਤਾ ਗਿਆ। ਕਿਸਾਨਾਂ ਨੇ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਫ਼ਸਲਾਂ ਨੂੰ ਐੱਮਐੱਸਪੀ ’ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਿੰਨੇ ਕਾਨੂੰਨ ਰੱਦ ਨਹੀਂ ਹੋਣਗੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

    ਪੰਜਾਬ ਵਿਚ ਬੀਜੇਪੀ ਨੂੰ ਛੱਡ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਨੇ ਆਪਣੇ ਘਰਾਂ ਉੱਪਰ ਕਾਲੇ ਝੰਡੇ ਲਾਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ ‘ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ ਹੈ। ਅੱਜ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ।

    ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਵੱਲੋਂ ਇਕ ਦਿਨ ਪਹਿਲਾਂ ਹੀ ਆਪਣੇ ਘਰ ਉਤੇ ਕਾਲਾ ਝੰਡਾ ਲਹਿਰਾ ਦਿੱਤਾ ਸੀ ਤੇ ਲੋਕਾਂ ਨੂੰ ਵੀ ਅਪੀਲ ਕੀਤੀ ਸੀ ਕਿ ਜਿੰਨਾ ਚਿਰ ਕਾਨੂੰਨ ਵਾਪਸ ਨਹੀਂ ਹੁੰਦੇ, ਝੰਡੇ ਇਸੇ ਤਰ੍ਹਾਂ ਲੱਗੇ ਰਹਿਣ ਦੇਣ।

    LEAVE A REPLY

    Please enter your comment!
    Please enter your name here