ਜ਼ਿਲ੍ਹੇ ‘ਚ ਅਮਨ-ਸ਼ਾਂਤੀ ਅਤੇ ਭਾਈਚਾਰਾ ਸਾਂਝ ਬਰਕਰਾਰ ਰੱਖੀ ਜਾਵੇਗੀ : ਡਿਪਟੀ ਕਮਿਸ਼ਨਰ

    0
    168

    ਹੁਸ਼ਿਆਰਪੁਰ  : ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖੀ ਜਾਵੇਗੀ। ਉਹ ਅੱਜ ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ਸਬੰਧੀ ਜ਼ਿਲ੍ਹਾ ਪੀਸ ਕਮੇਟੀ ਦੀ ਮੀਟਿੰਗ ਕਰ ਰਹੇ ਸਨ ਅਤੇ ਮੀਟਿੰਗ ਦੌਰਾਨ ਸਭ ਧਿਰਾਂ ਨੇ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਕਲਪ ਵੀ ਲਿਆ।
    ਇਸ ਮੌਕੇ ਐਸ.ਐਸ.ਪੀ. ਸ਼੍ਰੀ ਗੌਰਵ ਗਰਗ ਤੋਂ ਇਲਾਵਾ ਪ੍ਰਸਾਸ਼ਨਿਕ ਅਧਿਕਾਰੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
    ਡਿਪਟੀ ਕਮਿਸ਼ਨਰ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਭਾਈਚਾਰਿਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕਸ਼ਮੀਰ ਸਬੰਧੀ ਤਾਜ਼ਾ ਸਥਿਤੀ ਦੇ ਮੱਦੇਨਜ਼ਰ ਆਪਸੀ ਸਦਭਾਵਨਾ ਬਣਾਈ ਰੱਖਣ ਅਤੇ ਕੋਈ ਵੀ ਧਿਰ ਇਸ ਸਬੰਧੀ ਜਸ਼ ਮਨਾਉਣ ਜਾਂ ਵਿਰੋਧ ਪ੍ਰਗਟ ਕਰਨ ਤੋਂ ਗੁਰੇਜ਼ ਕਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਨਾਲ ਮੁਸ਼ਤੈਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ, ਜਿਸ ਮੁਤਾਬਕ ਜ਼ਿਲ੍ਹੇ ਵਿਚ ਕਿਸੇ ਨੂੰ ਵੀ ਅਮਨ-ਕਾਨੂੰਨ ਭੰਗ ਕਰਨ ਦੀ
    ਆਗਿਆ ਨਹੀਂ ਦਿੱਤੀ ਜਾਵੇਗੀ।
    ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸ਼ਾਂਤੀ ਬਣਾਈ ਰੱਖਣਾ ਹੀ ਸਾਡੀ ਸਭ ਤੋਂ ਵੱਡੀ ਤਰਜ਼ੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਸ਼ਮੀਰੀ ਵਿਦਿਆਰਥੀ ਸਾਡੇ ਜ਼ਿਲ੍ਹੇ ਵਿਚ ਹੋਵੇਗਾ, ਤਾਂ ਉਸ ਨੂੰ ਜ਼ਿਲ੍ਹਾ ਪੁਲਿਸ ਵਲੋਂ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅਜ਼ ‘ਤੇ ਚੌਕਸੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
    ਐਸ.ਐਸ.ਪੀ. ਸ੍ਰੀ ਗੌਰਵ ਗਰਗ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ, ਪਰ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਹਾਈਵੇਅਜ਼ ‘ਤੇ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਸਾਵਧਾਨ ਰਹਿਣ ਲਈ ਕਿਹਾ, ਉਥੇ ਅਪੀਲ ਕੀਤੀ ਕਿ ਸ਼ੋਸ਼ਲ ਮੀਡੀਆ ‘ਤੇ ਕੋਈ ਵੀ ਭੜਕਾਊ ਜਾਂ ਅਜਿਹਾ ਸੁਨੇਹਾ ਨਾ ਪਾਇਆ ਜਾਵੇ ਜਿਸ ਨਾਲ ਵੱਖ-ਵੱਖ ਫਿਰਕਿਆਂ ਵਿਚ ਨਫਰਤ ਪੈਦਾ ਹੁੰਦੀ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਸੋਸ਼ਲ ਮੀਡੀਆ ‘ਤੇ ਕੋਈ
    ਭੜਕਾਊ ਪੋਸਟ ਪਾਈ ਤਾਂ ਪੁਲਿਸ ਵਲੋਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਡੀ.ਐਮ. ਮੁਕੇਰੀਆਂ ਸ਼੍ਰੀ ਅਦਿਤਿਆ ਉਪਲ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਸਰੀਨ, ਐਸ.ਡੀ.ਐਮ. ਗੜ੍ਹਸ਼ੰਕਰ ਸ਼੍ਰੀ ਹਰਬੰਸ ਸਿੰਘ, ਐਸ.ਡੀ.ਐਮ ਦਸੂਹਾ ਸ਼੍ਰੀਮਤੀ ਜੋਤੀ ਬਾਲਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ, ਡੀ.ਐਸ.ਪੀਜ਼, ਵੱਖ-ਵੱਖ ਵਿਭਾਗਾਂ ਦੇ ਮੁਖੀ, ਰਾਜਨੀਤਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨ/ਨੁਮਾਇੰਦੇ ਅਤੇ ਪੀਸ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।

    LEAVE A REPLY

    Please enter your comment!
    Please enter your name here