ਅੱਜ ਫਿਰ ਸ਼ਹੀਦ ਭਗਤ ਸਿੰਘ ਦੀ ਲੋੜ, ਕਿਸਾਨ ਅੰਦੋਲਨ ‘ਚ ਗੂੰਜਣਗੇ ਸ਼ਹੀਦਾਂ ਦੇ ਨਾਅਰੇ

    0
    115

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਕਿਸਾਨ ਅੰਦੋਲਨ ਦੇ ਸਾਰੇ ਪ੍ਰੋਗਰਾਮ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਣਗੇ। ਇਸ ਲਈ ਸਿੰਘੂ ਤੇ ਟਿਕਰੀ ਬਾਰਡਰ ’ਤੇ ਵੱਡੀਆਂ ਕਾਨਫਰੰਸਾਂ ਹੋਣਗੀਆਂ। ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਵਿੱਚ ਵੀ ਸਭ ਧਰਨਿਆਂ ਉੱਪਰ ਸ਼ਹੀਦਾਂ ਨੂੰ ਸਪਰਪਿਤ ਪ੍ਰੋਗਰਾਮ ਹੋਣਗੇ।

    ਇਸ ਬਾਰੇ ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦੱਸਿਆ ਕਿ ਸਵੇਰੇ 11 ਵਜੇ ਤੋਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਵਿਚਾਰਾਂ ਸੰਬੰਧੀ ਭਾਸ਼ਣ ਹੋਣਗੇ ਤੇ ਸੱਭਿਆਚਾਰਕ ਪ੍ਰੋਗਰਾਮ ਵੀ ਹੋਣਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਸ਼ੋਸ਼ਣ ਬਾਰੇ ਭਗਤ ਸਿੰਘ ਦੇ ਵਿਚਾਰਾਂ ਨੂੰ ਸਮਝਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਖਟਕੜ ਕਲਾਂ, ਸੁਨਾਮ, ਸਰਾਭਾ, ਹਿਸਾਰ ਤੇ ਮਥੁਰਾ ਤੋਂ ਨੌਜਵਾਨਾਂ ਦੇ ਕਾਫ਼ਲੇ ਦਿੱਲੀ ਦੇ ਬਾਰਡਰਾਂ ’ਤੇ ਪਹੁੰਚ ਰਹੇ ਹਨ।ਦੱਸ ਦਈਏ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ਉੱਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਹਨ। ਇੱਥੇ ਵੀ ਸਾਰੇ ਪ੍ਰੋਗਰਾਮ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਣਗੇ।

    ਕਿਸਾਨ ਲੀਡਰਾਂ ਨੇ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਉਭਾਰਨ ਦੀ ਲੋੜ ਹੈ ਕਿਉਂਕਿ ਮੋਦੀ ਸਰਕਾਰ ਵੱਲੋਂ ਮੁਲਕ ਨੂੰ ਪੂੰਜੀਪਤੀਆਂ ਦੇ ਹੱਥਾਂ ’ਚ ਵੇਚਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਮੋਦੀ ਸਰਕਾਰ ਦੇ ਸੁਫ਼ਨੇ ਪੂਰੇ ਨਹੀਂ ਹੋਣ ਦਿੱਤੇ ਜਾਣਗੇ ਤੇ ਇਸ ਲਈ ਦੇਸ਼ ਦੇ ਕਿਸਾਨ ਲੰਮੀ ਲੜਾਈ ਲਈ ਤਿਆਰ ਹਨ। ਪੰਜਾਬ ਦੇ ਮੋਰਚਿਆਂ ਤੋਂ ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਕਿ ਜੇ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਤਾਂ ਕਣਕ ਦੀ ਵਾਢੀ ਦੌਰਾਨ ਵੀ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਿਸਾਨ ਆਗੂਆਂ ਨੇ ਪੂੰਜੀਪਤੀ ਘਰਾਣਿਆਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ।

    LEAVE A REPLY

    Please enter your comment!
    Please enter your name here