ਆਉਂਦੇ ਸੈਸ਼ਨ ਤੋਂ ਸ਼ੁਰੂ ਹੋਵੇਗਾ ਢੋਲਬਾਹਾ ’ਚ ਬਣ ਰਿਹੈ ਸਰਕਾਰੀ ਕਾਲਜ

    0
    157

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਪੰਜਾਬ ਸਰਕਾਰ ਵਲੋਂ ਢੋਲਬਾਹਾ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਸਥਾਪਤ ਕੀਤੇ ਜਾ ਰਹੇ ਸਰਕਾਰੀ ਕਾਲਜ, ਢੋਲਬਾਹਾ ਆਉਂਦੇ ਸੈਸ਼ਨ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਇਸ ਕਾਲਜ ਦੀ ਸ਼ੁਰੂਆਤ ਨਾਲ ਇਲਾਕੇ ਦੇ ਵਿਦਿਆਰਥੀਆਂ ਨੂੰ ਵੱਡੀ ਸਹੂਲਤ ਮਿਲੇਗੀ ਜੋ ਕਿ ਲੰਮੇ ਸਮੇਂ ਤੋਂ ਲੋੜੀਂਦੀ ਸੀ।

    ਇਹ ਪ੍ਰਗਟਾਵਾ ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਨੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਸਮੇਤ ਉਸਾਰੀ ਅਧੀਨ ਕਾਲਜ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਉਪਰੰਤ ਕਰਦਿਆਂ ਕਿਹਾ ਕਿ 13.78 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਕਾਲਜ ਇਲਾਕੇ ਅੰਦਰ ਸਿੱਖਿਆ ਦੇ ਪ੍ਰਸਾਰ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਢਲੀ ਅਤੇ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਥਾਪਤ ਕੀਤੇ ਜਾਣ ਵਾਲੇ ਇਸ ਕਾਲਜ ਵਿੱਚ 20 ਕਲਾਸਾਂ, 4 ਲੈਬਾਰਟਰੀਆਂ, 3 ਖੇਡ ਦੇ ਮੈਦਾਨ ਆਦਿ ਉਸਾਰੇ ਜਾ ਰਹੇ ਹਨ ਜੋ ਕਿ ਵੱਖ-ਵੱਖ ਵਿਸ਼ਿਆਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਲਈ ਮੀਲ ਪੱਥਰ ਸਾਬਤ ਹੋਣਗੇ।

    ਇਸ ਦੌਰਾਨ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਉਸਾਰੀ ਕਾਰਜਾਂ ਦੀ ਰਫ਼ਤਾਰ ’ਤੇ ਤਸੱਲੀ ਪ੍ਰਗਟਾਉਂਦਿਆਂ ਦੱਸਿਆ ਕਿ 31 ਮਾਰਚ ਤੋਂ ਪਹਿਲਾਂ-ਪਹਿਲਾਂ ਇਹ ਕਾਲਜ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ ਜਿਸ ਉਪਰੰਤ ਕਲਾਸਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ 10 ਏਕੜ ਰਕਬੇ ਵਿੱਚ ਬਣ ਰਹੇ ਇਸ ਕਾਲਜ ਦੇ ਸ਼ੁਰੂ ਹੋਣ ਨਾਲ ਢੋਲਬਾਹਾ, ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਤੋਂ ਇਲਾਵਾ ਦੂਰ-ਦੁਰਾਡੇ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਰਹੇਗੀ।

    LEAVE A REPLY

    Please enter your comment!
    Please enter your name here