ਕਰਨਾਲ: ਕਿਸਾਨਾਂ ਨੇ ਸਕੱਤਰੇਤ ਅੱਗੇ ਲਾਇਆ ‘ਪੱਕਾ ਮੋਰਚਾ’, ਸਰਕਾਰ ਨੂੰ ਦਿੱਤੀ ਚਿਤਾਵਨੀ

    0
    138

    ਨਿਊਜ਼ ਡੈਸਕ, (ਰਵਿੰਦਰ) :

    ਕਰਨਾਲ ’ਚ ਹੋਏ ਲਾਠੀਚਾਰਜ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਸਕੱਤਰੇਤ ਅੱਗੇ ਪੱਕਾ ਮੋਰਚਾ ਲਾ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਹ ਇਥੇ ਹੀ ਡਟੇ ਰਹਿਣਗੇ।

    ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨ ਜੱਥੇਬੰਦੀਆਂ ਇਸ ਸਬੰਧੀ ਮੀਟਿੰਗ ਕਰਕੇ ਆਪਣੀ ਅਗਲੀ ਰਣਨੀਤੀ ਉਲੀਕਣਗੀਆਂ। ਰਾਕੇਸ਼ ਟਿਕੈਤ ਨੇ ਦੇਰ ਰਾਤ ਟਵੀਟ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਆਪਣੇ ਹੱਕਾਂ ਲਈ ਲੜਾਈ ਲੜ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲੇਗਾ ਉੱਦੋਂ ਤੱਕ ਕਿਸਾਨ ਰੁਕੇਗਾ ਨਹੀਂ। ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

    ਦੱਸ ਦਈਏ ਕਿ ਕੱਲ੍ਹ ਕਰਨਾਲ ਅਨਾਜ ਮੰਡੀ ਵਿੱਚ ਕਿਸਾਨ ਜੱਥੇਬੰਦੀਆਂ ਨੇ ਕਿਸਾਨ ਮਹਾਪੰਚਾਇਤ ਕੀਤੀ ਜਿਸ ’ਚ ਪੰਜਾਬ, ਹਰਿਆਣਾ ਸਣੇ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ। ਕਿਸਾਨਾਂ ਦੇ ਵਫ਼ਦ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਤਿੰਨ ਗੇੜ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਨੇ ਕਰਨਾਲ ਸਕੱਤਰੇਤ ਵੱਲ ਕੂਚ ਕੀਤਾ।ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਪਰ ਕਿਸਾਨ ਅੱਗੇ ਵਧਦੇ ਗਏ। ਜਿਨ੍ਹਾਂ ਨੇ ਸਕੱਤਰੇਤ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ।

    ਪ੍ਰਦਰਸ਼ਨਕਾਰੀ ਕਿਸਾਨ ‘ਕਿਸਾਨਾਂ ਦੇ ਸਿਰ ਭੰਨਣ’ ਦਾ ਆਦੇਸ਼ ਦੇਣ ਵਾਲੇ ਐੱਸਡੀਐੱਮ ਅਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ’ਤੇ ਅੜੇ ਹਨ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ।

    LEAVE A REPLY

    Please enter your comment!
    Please enter your name here