ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਮਿਲਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਐੱਮ ਰਿਹਾਇਸ਼ ਤੱਕ ਰੋਸ ਮਾਰਚ

    0
    131

    ਚੰਡੀਗੜ੍ਹ, (ਰਵਿੰਦਰ) :

    ਭਾਰਤ ਮਾਲਾ ਪ੍ਰਾਜੈਕਟ ਤਹਿਤ 19 ਜ਼ਿਲਿਆਂ ਵਿਚ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਮਿਲਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਗੁਰਦੁਆਰਾ ਅੰਬ ਸਾਹਿਬ ਤੋਂ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੇ ਲਈ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਤੇ ਕਿਸਾਨ ਟਰੈਕਟਰ ਲੈ ਕੇ ਪਹੁੰਚੇ ਹਨ।

    ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਰੋਸ ਮਾਰਚ ਦਾ ਮਕਸਦ ਸੂਬੇ ਦੇ 19 ਜ਼ਿਲ੍ਹਿਆਂ ਦੇ 2 ਲੱਖ ਕਿਸਾਨਾਂ ਨਾਲ ਹੋ ਰਹੇ ਅਨਿਆਂ ਨੂੰ ਉਜਾਗਰ ਕਰਨਾ ਹੈ, ਜਿਹਨਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ ਤੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਵੱਖ -ਵੱਖ ਪ੍ਰਾਜੈਕਟਾਂ ਲਈ ਉਹਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ। ਉਨ੍ਹਾਂ ਕਾਂਗਰਸ ਸਰਕਾਰ ‘ਤੇ ਕੌਡੀਆਂ ਦੇ ਭਾਅ ਜ਼ਮੀਨ ਐਕਵਾਇਰ ਕਰਨ ਦੇ ਇਲਜ਼ਾਮ ਲਾਏ ਹਨ।ਉਹਨਾਂ ਨੇ ਕਿਹਾ ਕਿ ਪਾਰਟੀ ਨੇ ਉਹਨਾਂ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ ਹੈ ,ਜਿਹਨਾਂ ਦੀ ਜ਼ਮੀਨ ਬਹੁਤ ਹੀ ਘੱਟ ਕੀਮਤ ’ਤੇ ਐਕਵਾਇਰ ਕੀਤੀ ਜਾ ਰਹੀ ਹੈ। ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਭਾਵੇਂ ਸੰਘਰਸ਼ ਕਮੇਟੀ ਪਿਛਲੇ ਇਕ ਸਾਲ ਤੋਂ ਸਹੀ ਕੀਮਤ ਹਾਸਲ ਕਰਨ ਵਾਸਤੇ ਸੰਘਰਸ਼ ਕਰ ਰਹੀ ਹੈ ਪਰ ਕਾਂਗਰਸ ਸਰਕਾਰ ਨੇ ਜ਼ਮੀਨ ਦੀ ਕੀਮਤ ਦੀ ਸਮੀਖਿਆ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

    ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਸੂਬੇ ਵਿਚ ਵੱਖ- ਵੱਖ ਹਾਈਵੇ ਬਣਾਉਣ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਮੁਆਵਜ਼ੇ ਵਿਚ ਘੱਟ ਤੋਂ ਘੱਟ 100 ਫ਼ੀਸਦੀ ਦਾ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਮੀਨ ਐਕਵਾਇਰ ਕਰਨ ਦੇ ਇਸ ਫੈਸਲੇ ਨਾਲ 75000 ਏਕੜ ਜ਼ਮੀਨ ਹਿੱਸਿਆਂ ਵਿਚ ਵੰਡੀ ਜਾਣ ਕਾਰਨ ਵਰਤੋਂ ਵਿਹੂਣੀ ਹੋ ਜਾਵੇਗੀ।

    LEAVE A REPLY

    Please enter your comment!
    Please enter your name here