ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਡੀ.ਸੀ.

    0
    140

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਜਿੱਥੇ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜੀਅ ਤੋੜ ਯਤਨ ਕੀਤੇ ਗਏ ਹਨ, ਉੱਥੇ ਕੋਵਿਡ-19 ਦੇ ਇਸ ਨਾਜ਼ੁਕ ਦੌਰ ਵਿੱਚ ਕਣਕ ਦੀ ਸੁਚਾਰੂ ਢੰਗ ਨਾਲ ਖ਼ਰੀਦ ਲਈ ਕਿਸਾਨਾਂ ਲਈ ਕੂਪਨ ਸਿਸਟਮ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਕਿਸਾਨਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

    ਅੱਜ ਅਨਾਜ ਮੰਡੀ ਹੁਸ਼ਿਆਰਪੁਰ ਵਿਖੇ ਆਪਣੀ ਕਣਕ ਲੈ ਕੇ ਆਏ ਪਿੰਡ ਸਿੰਗੜੀਵਾਲ ਦੇ ਕਿਸਾਨ ਚਰਨਜੀਤ ਸਿੰਘ ਅਤੇ ਚਰਨਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ 9 ਵਜੇ ਮੰਡੀ ਵਿੱਚ ਪਹੁੰਚੇ ਸਨ ਅਤੇ ਕਰੀਬ ਸਾਢੇ 11 ਵਜੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ ਕਣਕ ਦੀ ਖ਼ਰੀਦ ਕਰ ਲਈ ਗਈ ਸੀ। ਇਸ ਤੋਂ ਇਲਾਵਾ ਮੁਕੇਰੀਆਂ ਦੀ ਮੰਡੀ ਵਿਖੇ ਸਵੇਰੇ 9 ਵਜੇ ਕਣਕ ਲੈ ਕੇ ਪੁੱਜੇ ਕਿਸਾਨ ਦਿਲਬਾਗ ਸਿੰਘ ਪਿੰਡ ਮਹਿੰਦੀਪੁਰ ਨੇ ਦੱਸਿਆ ਕਿ ਕਰੀਬ 11 ਵਜੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ ਉਸਦੀ ਕਣਕ ਦੀ ਖ਼ਰੀਦ ਕਰ ਲਈ ਗਈ ਸੀ।

    ਸਭ ਤੋਂ ਪਹਿਲਾਂ ਹੁਸ਼ਿਆਰਪੁਰ ਦੀ ਮੰਡੀ ਵਿੱਚ ਸਵੇਰੇ ਕਣਕ ਲਿਆਉਣ ਵਾਲੇ ਪਿੰਡ ਤਾਰਾਗੜ ਦੇ ਕਿਸਾਨ ਜਸਵਿੰਦਰ ਸਿੰਘ ਅਤੇ ਪਿੰਡ ਸਿੰਗੜੀਵਾਲ ਦੇ ਕਿਸਾਨ ਚਰਨਵਰਿੰਦਰ ਸਿੰਘ ਦਾ ਸਵਾਗਤ ਵੀ ਕੀਤਾ ਗਿਆ। ਇਸੇ ਤਰ੍ਹਾਂ ਟਾਂਡਾ ਮੰਡੀ ਵਿਖੇ ਪਿੰਡ ਰਾੜਾ ਦੇ ਕਿਸਾਨ ਮਲਕੀਤ ਸਿੰਘ ਮੰਡੀ ਵਿੱਚ ਕਣਕ ਲਿਆਉਣ ਵਾਲੇ ਪਹਿਲੇ ਕਿਸਾਨ ਬਣੇ।

    ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਲਈ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕੂਪਨ ਸਿਸਟਮ ਰਾਹੀਂ ਸੁਚਾਰੂ ਢੰਗ ਨਾਲ ਖ਼ਰੀਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਲਿਫਟਿੰਗ ਅਤੇ ਬਾਰਦਾਨੇ ਦੇ ਸੁਚੱਜੇ ਪ੍ਰਬੰਧਾਂ ਤੋਂ ਇਲਾਵਾ ਮੰਡੀਆਂ ਵਿੱਚ ਸਮਾਜਿਕ ਦੂਰੀ ਬਰਕਰਾਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਉਸੇ ਦਿਨ ਹੀ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨ ਉਸੇ ਦਿਨ ਵਾਪਸ ਘਰ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਅਨਾਊਂਸਮੈਂਟ ਵੀ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸਾਨ ਅਤੇ ਮਜ਼ਦੂਰ ਕੋਵਿਡ-19 ਸੰਬੰਧੀ ਜਾਗਰੂਕ ਹੋਕੇ ਸਾਵਧਾਨੀਆਂ ਵਰਤਣ ਨੂੰ ਵੀ ਤਰਜ਼ੀਹ ਦੇਣ।

    LEAVE A REPLY

    Please enter your comment!
    Please enter your name here