ਕਿਸਾਨਾਂ ਵਲੋਂ ਤਰਨਤਾਰਨ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

    0
    148

    ਤਰਨ ਤਾਰਨ, ਜਨਗਾਥਾ ਟਾਇਮਜ਼: (ਰਵਿੰਦਰ)

    ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ‘ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 19ਵੇਂ ਦਿਨ ਵੀ ਜਾਰੀ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਡਟੇ ਹੋਏ ਹਨ। ਕਿਸਾਨ ਆਗੂਆਂ ਨੇ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ ਅਤੇ ਅੱਜ ਕਿਸਾਨ ਆਗੂ ਦਿੱਲੀ ਦੇ ਸਿੰਘੂ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠ ਗਏ ਹਨ।

    ਇਸ ਦੌਰਾਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਜੱਥੇਬੰਦੀਆਂ ਵੱਲੋਂ ਅੰਦੋਲਨ ਨੂੰ ਤੇਜ਼ ਕਰਦਿਆਂ ਦੇਸ਼ ਭਰ ਵਿੱਚ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਬਾਹਰ ਰੋਸ ਧਰਨੇ ਦਿੱਤੇ ਜਾ ਰਹੇ ਹਨ। ਇਸ ਤਹਿਤ ਤਰਨਤਾਰਨ ਵਿਖੇ ਕਿਸਾਨ ਜੱਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਕਾਲੇ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

    ਕਿਸਾਨ ਆਗੂ ਅੱਜ ਸਵੇਰੇ 8 ਵਜੇ ਭੁੱਖ ਹੜਤਾਲ ‘ਤੇ ਬੈਠ ਗਏ ਹਨ ਤੇ ਸਿੰਘੂ ਬਾਰਡਰ ‘ਤੇ ਕਿਸਾਨ ਆਗੂਆਂ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕਰ ਰਹੇ ਹਨ, ਉਨ੍ਹਾਂ ਨੇ ਕਿਹਾ ਕਿ ਅਸੀਂ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰੱਖਾਂਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਸਪਸ਼ੱਟ ਤੌਰ ‘ਤੇ ਦੱਸਿਆ ਕਿ ਕਾਨੂੰਨ ਰੱਦ ਕਰਨੇ ਪੈਣਗੇ, ਸੋਧ ਮਨਜ਼ੂਰ ਨਹੀਂ।

    ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਦੇਸ਼ ਭਰ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਓਧਰ ਦਿੱਲੀ ਵੱਲ ਜਾਣ ਵਾਲੇ ਕਿਸਾਨਾਂ ਵੱਲੋਂ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ ਜਾਮ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਪੁਲਿਸ ਨੇ ਹਰਿਆਣਾ-ਰਾਜਸਥਾਨ ਸਰਹੱਦ ਦੇ ਨਾਲ-ਨਾਲ ਰੋਕਿਆ ਹੋਇਆ ਹੈ। ਇਸ ਦੇ ਇਲਾਵਾ ਗੁਰਨਾਮ ਸਿੰਘ ਚੰਡੂਨੀ ਨੇ ਕਿਹਾ ਕਿ ਜੇਕਰ 19 ਦਸੰਬਰ ਤੱਕ ਸਰਕਾਰ ਨਾ ਮੰਨੀ ਤਾਂ ਮੈਂ ਭੁੱਖ ਹੜਤਾਲ ‘ਤੇ ਬੈਠਾਂਗਾ।

    ਇੱਕ ਪਾਸੇ ਜਿੱਥੇ ਕਿਸਾਨ ਆਉਣ ਵਾਲੇ ਦਿਨਾਂ ਵਿਚ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦੇ ਰਹੇ ਹਨ, ਦੂਜੇ ਪਾਸੇ ਕਈ ਕੇਂਦਰੀ ਮੰਤਰੀ ਵਾਰ ਵਾਰ ਦੋਸ਼ ਲਗਾ ਰਹੇ ਹਨ ਕਿ ਮਾਓਵਾਦੀਆਂ, ਖੱਬੇਪੱਖੀ ਅਤੇ ਦੇਸ਼ ਵਿਰੋਧੀ ਅਨਸਰਾਂ ਨੇ ਕਿਸਾਨੀ ਅੰਦੋਲਨ ਨੂੰ ਆਪਣੇ ਹੱਥਾਂ ਵਿਚ ਲੈ ਲਿਆ ਹੈ। ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਇਸ ਦੋਸ਼ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨ ਦੀ ਸਾਜਿਸ਼ ਰਚ ਰਹੀ ਹੈ।

    LEAVE A REPLY

    Please enter your comment!
    Please enter your name here