ਕਿਸਾਨ ਅੰਦੋਲਨ ਅੱਜ 57ਵੇਂ ਦਿਨ ਵੀ ਜਾਰੀ, ਅੱਜ ਹੋਵੇਗੀ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ

    0
    134

    ਨਵੀ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਜਿੱਥੇ ਕਿਸਾਨ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਉੱਥੇ ਹੀ ਕੇਂਦਰ ਸਰਕਾਰ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਹਿਤਕਾਰੀ ਦੱਸ ਰਹੀ ਹੈ। ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਾਲੇ ਹੁਣ ਤੱਕ 10ਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ।

    ਇਸ ਦੌਰਾਨ ਇਕ ਵਾਰ ਫਿਰ ਤੋਂ ਕਿਸਾਨ ਆਗੂਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਪੇਚ ਫਸਦਾ ਹੋਇਆ ਨਜ਼ਰ ਆ ਰਿਹਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਹੈ। ਜਿਸ ਨੂੰ ਫ਼ਿਲਹਾਲ ਕਿਸਾਨਾਂ ਨੇ ਨਾਕਾਰ ਦਿੱਤਾ ਹੈ। ਇਸ ਮੀਟਿੰਗ ‘ਚ ਕਿਸਾਨਾਂ ਨੇ ਐੱਨਆਈਏ ਵੱਲੋਂ ਕਿਸਾਨ ਆਗੂਆਂ ਨੂੰ ਭੇਜੇ ਜਾ ਰਹੇ ਸੰਮਨਾਂ ‘ਤੇ ਇਤਰਾਜ਼ ਜਤਾਇਆ ਹੈ। ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਕਿਸੇ ਬੇਕਸੂਰ ਨਾਲ ਕੋਈ ਬੇਇਨਸਾਫ਼ੀ ਨਹੀਂ ਹੋਵੇਗੀ।

    ਦਰਅਸਲ ‘ਚ ਸਰਕਾਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਹੈ। ਜਿਸ ਉੱਤੇ ਕਿਸਾਨ ਆਗੂ ਅੱਜ ਆਪਸ ਵਿੱਚ ਵਿਚਾਰ-ਵਟਾਂਦਰਾ ਕਰ ਰਹੇ ਹਨ। ਸਰਕਾਰ ਨੇ ਕਿਹਾ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ। ਜਿਸ ਵਿੱਚ ਸਰਕਾਰ ਅਤੇ ਕਿਸਾਨ ਦੋਵੇਂ ਹੋਣ ਪਰ ਕਿਸਾਨ ਆਗੂ ਇਸ ਪ੍ਰਸਤਾਵ ‘ਤੇ ਰਾਜੀ ਨਹੀਂ ਹੋਏ। ਇਸ ਦੇ ਨਾਲ ਹੀ ਸਰਕਾਰ ਵੱਲੋਂ ਅਪੀਲ ਕੀਤੀ ਗਈ ਕਿ ਇਸ ਪ੍ਰਸਤਾਵ ਦੇ ਨਾਲ-ਨਾਲ ਤੁਹਾਨੂੰ ਅੰਦੋਲਨ ਵੀ ਖ਼ਤਮ ਕਰਨਾ ਹੋਵੇਗਾ।

    ਸਰਕਾਰ ਦੇ ਇਸ ਨਵੇਂ ਪ੍ਰਸਤਾਵ ਦੇ ਸੰਬੰਧ ਵਿੱਚ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੀ ਇੱਕ ਮੀਟਿੰਗ ਸਵੇਰੇ 11 ਵਜੇ ਸਿੰਘੂ ਸਰਹੱਦ ‘ਤੇ ਹੋਵੇਗੀ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੁਪਹਿਰ 2 ਵਜੇ ਬੈਠਕ ਕਰੇਗਾ ਅਤੇ ਫ਼ੈਸਲਾ ਕਰੇਗਾ ਕਿ ਸਰਕਾਰ ਦੇ ਪ੍ਰਸਤਾਵ ਨੂੰ ਅਪਣਾਉਣਾ ਹੈ ਜਾਂ ਇਸ ਨੂੰ ਰੱਦ ਕਰਨਾ ਹੈ। ਕਿਸਾਨ ਜੱਥੇਬੰਦੀਆਂ ਇਸ ਮੀਟਿੰਗ ਵਿੱਚ ਸਰਕਾਰ ਨੂੰ ਆਪਣਾ ਅਧਿਕਾਰਤ ਫ਼ੈਸਲਾ ਦੱਸਣਗੀਆਂ। ਸਰਕਾਰ ਨੇ ਕਿਹਾ ਜੇਕਰ ਕਿਸਾਨਾਂ ਦਾ ਭਰੋਸਾ ਰਿਹਾ ਤਾਂ ਉਹ ਸੁਪਰੀਮ ਕੋਰਟ ‘ਚ ਇਸ ਮਾਮਲੇ ‘ਤੇ ਹਲਫੀਆ ਬਿਆਨ ਦੇਣ ਲਈ ਵੀ ਤਿਆਰ ਹਨ।

    ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨ ਟਰੈਕਟਰ ਪਰੇਡ ‘ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ ‘ਤੇ ਦਿੱਲੀ ਪੁਲਿਸ ਨੂੰ ਹੀ ਫ਼ੈਸਲਾ ਕਰਨਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਇਹ ਕਾਨੂੰਨ ਵਿਵਸਥਾ ਦਾ ਮਾਮਲਾ ਹੈ। ਅਸੀਂ ਇਸ ਵਿੱਚ ਦਖ਼ਲ ਨਹੀਂ ਦੇਵਾਂਗੇ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਜਾਂ ਕਿਸੇ ਪ੍ਰਦਰਸ਼ਨ ‘ਤੇ ਪਾਬੰਦੀ ਨਹੀਂ ਲਗਾ ਸਕਦੇ। ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਪੁਲਿਸ ਨੂੰ ਇਸ ਬਾਰੇ ਫੈਸਲਾ ਲੈਣਾ ਚਾਹੀਦਾ ਹੈ।

    LEAVE A REPLY

    Please enter your comment!
    Please enter your name here