ਕੇਂਦਰੀ ਮੰਤਰੀ ਪੀਯੂਸ਼ ਗੋਇਲ ਦਾ ਪੰਜਾਬ ਦੇ ਕਿਸਾਨਾਂ ਲਈ ਵੱਡਾ ਐਲਾਨ

    0
    139

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਐੱਮਐੱਸਪੀ ਉੱਤੇ ਵੇਚੀ ਗਈ ਉਨ੍ਹਾਂ ਦੀ ਫ਼ਸਲ ਦੀ ਕੀਮਤ ਸਿੱਧੇ ਉਨ੍ਹਾਂ ਦੇ ਬੈਂਕ ਖਾਤੇ ’ਚ ਪਾਈ ਜਾਵੇਗੀ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ’ਤੇ ਲਿਖਿਆ, “ਹੁਣ ਪੰਜਾਬ ’ਚ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਕੀਮਤ ਐੱਮਐੱਸਪੀ ’ਤੇ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਪਾਈ ਜਾਵੇਗੀ। ਕਿਸਾਨ ਹਿੱਤਾਂ ਲਈ ਪ੍ਰਧਾਨ ਮੰਤਰੀ ਵੱਲੋਂ ਚੁੱਕੇ ਗਏ ਕਈ ਕਦਮਾਂ ਦੀ ਤਰ੍ਹਾਂ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਇਸ ਫ਼ੈਸਲੇ ਦਾ ਲਾਭ ਮਿਲੇਗਾ।”

    ਉਨ੍ਹਾਂ ਨੇ ਅੱਗੇ ਲਿਖਿਆ ਕਿ ਫ਼ਸਲ ਦੀ ਕੀਮਤ ਸਿੱਧੇ ਬੈਂਕ ਖਾਤੇ ’ਚ ਜਾਣ ਦਾ ਲਾਭ ਉਨ੍ਹਾਂ ਕਿਸਾਨਾਂ ਨੂੰ ਵੀ ਮਿਲੇਗਾ ਜਿਹੜੇ ਠੇਕੇ ਦੀ ਜ਼ਮੀਨ ’ਤੇ ਖੇਤੀ ਕਰਦੇ ਹਨ। ਇਸ ਸਿਸਟਮ ’ਚ ਪਾਰਦਰਸ਼ਿਤਾ ਹੋਣ ਕਾਰਨ ਉਨ੍ਹਾਂ ਨੂੰ ਕਿਸੇ ਵੱਲੋਂ ਗੁੰਮਰਾਹ ਨਹੀਂ ਕੀਤਾ ਜਾ ਸਕੇਗਾ ਤੇ ਇਨ੍ਹਾਂ ਕਿਸਾਨਾਂ ਨੂੰ ਫ਼ਸਲ ਦੀ ਪੂਰੀ ਕੀਮਤ ਵੀ ਮਿਲੇਗੀ।

    ਪੰਜਾਬ ਦੇ ਕਿਸਾਨਾਂ ਨੂੰ ਫਸਲ ਦੀ ਸਿੱਧੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਹੋਣ ਨਾਲ ਹੀ ਪੂਰੇ ਦੇਸ਼ ’ਚ ਇਹ ਸਿਸਟਮ ਲਾਗੂ ਹੋ ਜਾਵੇਗਾ। ਹੁਣ ਦੇਸ਼ ਭਰ ਦੇ ਕਿਸਾਨ ਐੱਮਐੱਸਪੀ ‘ਤੇ ਫ਼ਸਲ ਵੇਚਣ ਤੋਂ ਬਾਅਦ ਸਿੱਧੇ ਆਪਣੇ ਖਾਤੇ ’ਚ ਅਦਾਇਗੀ ਦਾ ਲਾਭ ਲੈ ਸਕਣਗੇ। ਆਜ਼ਾਦੀ ਤੋਂ ਬਾਅਦ ਕਿਸਾਨ ਹਿੱਤ ’ਚ ਲਿਆਇਆ ਗਿਆ ਇਹ ਇਕ ਵੱਡੀ ਤਬਦੀਲੀ ਹੈ।ਜਿਕਰਯੋਗ ਹੈ ਕਿ ਕਿਸਾਨ ਅੰਦੋਲਨ ਪਿਛਲੇ 136 ਦਿਨ ਤੋਂ ਜਾਰੀ ਰਹੇ। ਉਹ ਖੇਤੀ ਨਾਲ ਸਬੰਧਤ ਤਿੰਨ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਪਿਛਲੇ ਸਾਲ ਸਤੰਬਰ ’ਚ ਕੇਂਦਰ ਸਰਕਾਰ ਨੇ ਖੇਤੀ ਨਾਲ ਸਬੰਧਤ ਤਿੰਨ ਕਾਨੂੰਨ ਲਾਗੂ ਕੀਤੇ ਸਨ। ਇਨ੍ਹਾਂ ਤਿੰਨਾਂ ਕਾਨੂੰਨਾਂ ਵਿਰੁੱਧ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਹਨ। ਕਿਸਾਨਾਂ ਤੇ ਸਰਕਾਰ ਦਰਮਿਆਨ 11 ਵਾਰ ਗੱਲਬਾਤ ਵੀ ਹੋਈ ਹੈ, ਪਰ ਕੋਈ ਸਹਿਮਤੀ ਨਹੀਂ ਬਣ ਸਕੀ।

    ਕਿਸਾਨ ਚਾਹੁੰਦੇ ਹਨ ਕਿ ਸਰਕਾਰ ਤਿੰਨਾਂ ਕਾਨੂੰਨਾਂ ਨੂੰ ਰੱਦ ਕਰੇ ਅਤੇ ਐੱਮਐੱਸਪੀ ਉੱਤੇ ਗਰੰਟੀ ਦਾ ਕਾਨੂੰਨ ਬਣਾਏ ਪਰ ਸਰਕਾਰ ਕਹਿੰਦੀ ਹੈ ਕਿ ਉਹ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਸਕਦੀ। ਜੇ ਕਿਸਾਨ ਚਾਹੁੰਦੇ ਹਨ ਤਾਂ ਉਨ੍ਹਾਂ ਦੇ ਅਨੁਸਾਰ ਇਸ ’ਚ ਸੋਧ ਕੀਤੀ ਜਾ ਸਕਦੀ ਹੈ।

    LEAVE A REPLY

    Please enter your comment!
    Please enter your name here