ਕੈਪਟਨ ਵੱਲੋਂ ਗ਼ੈਰ-ਜ਼ਰੂਰੀ ਥਾਵਾਂ ’ਤੇ ਤਾਇਨਾਤ ਪੁਲਿਸ ਵਾਪਸ ਬਲਾਉਣ ਦੇ ਹੁਕਮ !

    0
    129

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਸਿਮਰਨ)

    ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਗਲੇ ਕੁੱਝ ਅਰਸੇ ਲਈ ਗ਼ੈਰ-ਜ਼ਰੂਰੀ ਥਾਵਾਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਆਦੇਸ਼ ਸੂਬੇ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਵੇਖਦਿਆਂ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਵਿਸ਼ੇਸ਼ ‘ਕੋਵਿਡ ਦਸਤੇ’ ਬਣਾਉਣ ਦਾ ਫ਼ੈਸਲਾ ਲਿਆ ਹੈ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਠੱਲ੍ਹਣ ਲਈ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਸਕੇ।

    ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਹਦਾਇਤ ਕੀਤੀ ਕਿ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਾਸ ਕਰਕੇ ਮਾਸਕ ਨਾ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਇਆ ਜਾਵੇ। ਕੋਵਿਡ ਕੇਸਾਂ ਦੀ ਬਹੁਤਾਤ ਵਾਲੇ ਸ਼ਹਿਰਾਂ ਦੇ ਐੱਸਐੱਸ ਪੀਜ਼ ਨੂੰ ਹਦਾਇਤਾਂ ਦੇਣ ਲਈ ਕਿਹਾ ਗਿਆ ਕਿ ਉਹ ਮਹਾਮਾਰੀ ਦੇ ਹੋਰ ਫੈਲਾਅ ਨੂੰ ਰੋਕਣ ਲਈ ਨਿਯਮਾਂ ਤੇ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।

    ਸਰਕਾਰੀ ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਸੂਬੇ ਵਿੱਚ ਪ੍ਰਤੀ ਮਿਲੀਅਨ ਦੇ ਹਿਸਾਬ ਨਾਲ ਮੌਤਾਂ ਦਾ ਅੰਕੜਾ 7.7 ਪ੍ਰਤੀ ਤੱਕ ਵਧਣ ਦੇ ਮੱਦੇਨਜ਼ਰ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਟੇਨਮੈਂਟ ਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਪਛਾਣ ਛੇਤੀ ਤੋਂ ਛੇਤੀ ਕੀਤੀ ਜਾਵੇ। ਸੂਬੇ ਵਿੱਚ ਮੌਜੂਦਾ ਸਮੇਂ 12 ਜ਼ਿਲ੍ਹਿਆਂ ਵਿੱਚ 38 ਮਾਈਕਰੋ ਤੇ ਛੇ ਜ਼ਿਲ੍ਹਿਆਂ ਵਿੱਚ ਸੱਤ ਕੰਟੇਨਮੈਂਟ ਜ਼ੋਨ ਹਨ। ਮੁੱਖ ਮੰਤਰੀ ਨੇ ਟੈਸਟਿੰਗ ਵਿੱਚ ਵਾਧਾ ਕਰਨ ’ਤੇ ਵੀ ਜ਼ੋਰ ਦਿੱਤਾ ਹੈ।

    ਸੂਬੇ ਦੇ ਅੰਕੜੇ ਕੌਮੀ ਔਸਤ ਤੋਂ ਬਿਹਤਰ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਅਵੇਸਲੇ ਨਾ ਹੋਣ ਲਈ ਕਿਹਾ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਕਿਹਾ ਕਿ ਤਾਜ਼ਾ-ਤਰੀਨ ਦਿਸ਼ਾ-ਨਿਰਦੇਸ਼ਾਂ ਖ਼ਾਸ ਕਰਕੇ ਪੰਜ ਤੋਂ ਵੱਧ ਵਿਅਕਤੀਆਂ ਨੂੰ ਇਕੱਠੇ ਹੋਣ ਤੋਂ ਰੋਕਣ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਡੀਜੀਪੀ ਨੇ ਦੱਸਿਆ ਕਿ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

    LEAVE A REPLY

    Please enter your comment!
    Please enter your name here