ਕੋਵਿਡ-19 : ਸਿਹਤ ਸਲਾਹਕਾਰੀਆਂ ਨੂੰ ਅਪਨਾਉਣ ’ਚ ਕੋਈ ਢਿੱਲ ਨਾ ਵਰਤੀ ਜਾਵੇ- ਡੀਸੀ

    0
    129

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਜਾਰੀ ਹੁੰਦੀਆਂ ਸਲਾਹਕਾਰੀਆਂ ਨੂੰ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਵਿੱਚ ਅਪਨਾਉਣ ਲਈ ਕਿਸੇ ਕਿਸਮ ਦੀ ਢਿੱਲਮਠ ਨਾ ਵਰਤੀ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਤਾਕੀਦ ਕੀਤੀ ਕਿ ਕਿਸੇ ਵੀ ਕੰਮ ਲਈ ਘਰਾਂ ਤੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣਾ, ਸਮੇਂ-ਸਮੇਂ ਸਿਰ ਹੱਥ ਧੋਣੇ ਅਤੇ ਇਕ ਦੂਜੇ ਤੋਂ ਬਣਦੀ ਦੂਰੀ ਬਣਾ ਕੇ ਰੱਖਣ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ ਜੋ ਕਿ ਮੌਜੂਦਾ ਸੰਕਟ ਸਮੇਂ ਅਤਿ ਲੋੜੀਂਦਾ ਹੈ।

    ਆਪਣੇ ਹਫ਼ਤਾਵਰੀ ਫੇਸਬੁੱਕ ਲਾਈਵ ਦੌਰਾਨ ਬੁੱਧਵਾਰ ਸ਼ਾਮ ਨੂੰ ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ 1700 ਦੇ ਕਰੀਬ ਕੋਵਿਡ ਸੈਂਪਲ ਲਏ ਜਾ ਰਹੇ ਹਨ ਅਤੇ ਹੁਣ ਤੱਕ ਲਏ ਗਏ ਕੁੱਲ 207734 ਸੈਂਪਲਾਂ ’ਚੋਂ 200048 ਸੈਂਪਲ ਨੈਗੇਟਿਵ ਪਾਏ ਜਾਣ ਦੇ ਨਾਲ-ਨਾਲ 7261 ਕੇਸ ਪਾਜ਼ੀਟਿਵ ਸਨ ਜਿਨ੍ਹਾਂ ਵਿੱਚੋਂ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 245 ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿੰਡ ਦਾਲੋਵਾਲ, ਬਲਾਕ ਬੁਢਾਬੜ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ ਜਿਥੇ ਸਿਹਤ ਸਲਾਹਕਾਰੀਆਂ ਅਨੁਸਾਰ ਸਾਰੇ ਇਲਾਕੇ ਦੀ ਸੈਪਲਿੰਗ ਯਕੀਨੀ ਬਣਾਈ ਜਾ ਰਹੀ ਹੈ ਅਤੇ ਲਾਜ਼ਮੀ ਸੇਵਾਵਾਂ ਤੋਂ ਬਿਨ੍ਹਾਂ ਇਲਾਕੇ ਵਿੱਚ ਆਵਾਜਾਈ ’ਤੇ ਪੂਰਨ ਪਾਬੰਦੀ ਹੈ।

    ਜ਼ਿਲ੍ਹੇ ਵਿੱਚ ਕੋਵਿਡ ਨਾਲ ਸੰਬੰਧਤ ਸੰਵੇਦਨਸ਼ੀਲ ਇਲਾਕਿਆਂ ਦੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭੂੰਗਾ ਬਲਾਕ ਦਾ ਪਿੰਡ ਬਹੇੜਾ ਅਤੇ ਬਾਹਟੀਵਾਲ ਤੋਂ ਇਲਾਵਾ ਪਿੰਡ ਕਾਣੇ ਬਲਾਕ ਚੱਕੋਵਾਲ ‘ਹਾਟ ਸਪਾਟ’ ਹਨ ਅਤੇ ਲੋਕਾਂ ਨੂੰ ਕੋਰੋਨਾ ਦੇ ਸੰਦਰਭ ’ਚ ਪੂਰੀ ਅਹਿਤਿਆਤ ਵਰਤਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਦੇ ਟਾਕਰੇ ਲਈ ਲੋੜੀਂਦੇ ਅਤੇ ਢੁਕਵੇਂ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹਾਲਤ ਨੂੰ ਅਸਰਦਾਰ ਢੰਗ ਨਾਲ ਕੰਟਰੋਲ ਕੀਤਾ ਜਾ ਸਕੇ।

    ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਿਉਂਸਪਲ ਹੱਦਾਂ ਅੰਦਰ ਰਾਤ ਨੂੰ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਨੂੰ ਵੀ ਪੂਰੀ ਅਹਿਮੀਅਤ ਦਿੱਤੀ ਜਾਵੇ ਅਤੇ ਗ਼ੈਰ ਜ਼ਰੂਰੀ ਆਵਾਜਾਈ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ ਤਾਂ ਜੋ ਕੋਰੋਨਾ ਦੇ ਸੰਭਾਵਤ ਫੈਲਾਅ ਨੂੰ ਸੁਚੱਜੇ ਢੰਗ ਨਾਲ ਰੋਕਿਆ ਜਾ ਸਕੇ। ਵਿਆਹਾਂ ਆਦਿ ਨਾਲ ਸਬੰਧਤ ਪ੍ਰੋਗਰਾਮਾਂ ਨੂੰ ਕੋਵਿਡ ਦੇ ਮੱਦੇਨਜ਼ਰ ਸਮੇਂ ਸਿਰ ਨਿਪਟਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਅਪਨੀਤ ਰਿਆਤ ਨੇ ਕਿਹਾ ਕਿ ਰਾਤ ਨੂੰ ਸਾਢੇ 9 ਵਜੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਲੋਕ ਹਿੱਤਾਂ ਦੇ ਮੱਦੇਨਜ਼ਰ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ।

    ਦਿਵਆਂਗਜਨਾਂ ਨੂੰ ਸਰਟੀਫ਼ਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਅਪੀਲ :

    ਆਪਣੇ ਫੇਸਬੁੱਕ ਲਾਈਵ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਦਿਵਆਂਗਜਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਸਰਕਾਰੀ ਹਸਪਤਾਲਾਂ ’ਚ ਚੱਲ ਰਹੇ ਵਿਸ਼ੇਸ਼ ਕੈਂਪਾਂ ਰਾਹੀਂ ਆਪਣੇ ਡਿਸਏਬਿਲਟੀ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਬਨਵਾਉਣ ਤਾਂ ਜੋ ਉਨ੍ਹਾਂ ਨੂੰ ਦਿਵਆਂਗਜਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਹਾਸਲ ਕਰਨ ਵਿੱਚ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਦੱਸਿਆ ਕਿ ਦਿਵਆਂਗਜਨਾਂ ਦੀ ਸਹੂਲਤ ਲਈ ਹੁਸ਼ਿਆਰੁਪਰ ਦੇ ਸੁਵਿਧਾ ਕੇਂਦਰ ਵਿੱਚ ਵਿਸ਼ੇਸ਼ ਕਾਊਂਟਰ ਸਥਾਪਿਤ ਕਰ ਦਿੱਤਾ ਗਿਆ ਹੈ ਜਿਥੇ ਦਿਵਆਂਗਜਨ ਸਹਿਜੇ ਹੀ ਲੋੜੀਂਦੀ ਸੇਵਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਦਿਵਆਂਗਜਨਾਂ ਲਈ ਲੋੜੀਂਦੇ ਦਸਤਾਵੇਜ ਜਿਵੇਂ ਕਿ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ, ਵੋਟ ਬਨਵਾਉਣ ਜਾਂ ਪੈਨਸ਼ਨ ਨਾਲ ਸਬੰਧਤ ਪ੍ਰਕ੍ਰਿਆ ਨੂੰ ਮੁਕੰਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 17 ਦਸੰਬਰ ਤੋਂ ਹਰ ਵੀਰਵਾਰ ਇਕ ਸਬ-ਡਵੀਜ਼ਨ ’ਤੇ ਵਿਸ਼ੇਸ਼ ਕੈਂਪ ਲਾਉਣੇ ਸ਼ੁਰੂ ਕੀਤੇ ਜਾ ਰਹੇ ਹਨ ਜਿਥੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਤ ਅਮਲਾ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤੱਕ ਦਿਵਆਂਗਜਨਾਂ ਦੀ ਸਹੂਲਤ ਲਈ ਉਪਲਬੱਧ ਰਹੇਗਾ।

    LEAVE A REPLY

    Please enter your comment!
    Please enter your name here