ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਭੁੱਖ ਹੜਤਾਲ ‘ਤੇ ਬੈਠਣਗੇ ਕਿਸਾਨ

    0
    115

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 26ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਡਟੇ ਹੋਏ ਹਨ। ਇਹ ਅੰਦੋਲਨ ਹੁਣ ਕਿਸਾਨਾਂ ਦਾ ਹੀ ਨਹੀਂ ਰਿਹਾ ਬਲਕਿ ਇਹ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ ‘ਚ ਹਿੱਸਾ ਬਣਾ ਚਾਹੁੰਦਾ ਹੈ।

    ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਹੁਣ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਇੱਕ ਰੋਜ਼ਾ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਇਸੇ ਵਿਚਾਲੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਜੱਥੇਬੰਦੀਆਂ ਦੇ ਆਗੂ ਅੱਜ 24 ਘੰਟੇ ਲਈ ਭੁੱਖ ਹੜਤਾਲ ‘ਤੇ ਬੈਠਣਗੇ। ਕਿਸਾਨ ਜੱਥੇਬੰਦੀਆਂ ਦੇ 11 ਆਗੂ ਅੱਜ 11 ਵਜੇ ਹਰੇਕ ਧਰਨੇ ਵਾਲੀ ਥਾਂ ‘ਤੇ ਭੁੱਖ ਹੜਤਾਲ’ ‘ਤੇ ਬੈਠਣਗੇ। ਇਸ ਤੋਂ ਪਹਿਲਾਂ ਵੀ ਬੀਤੀ 14 ਦਸੰਬਰ ਨੂੰ ਕਿਸਾਨਾਂ ਵਲੋਂ ਭੁੱਖ ਹੜਤਾਲ ਕੀਤੀ ਗਈ ਸੀ।

    ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡਲੇਵਾਲਾ ਕਿਹਾ ਹੈ 23 ਦਸੰਬਰ ਨੂੰ ਕਿਸਾਨ ਦਿਵਸ ਦੇ ਰੂਪ ‘ਚ ਮਨਾਇਆ ਜਾਏਗਾ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਇੱਕ ਟਾਇਮ ਦਾ ਖਾਣਾ ਤਿਆਗ ਕੇ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਕਿਸਾਨਾਂ ਬਾਰੇ ਇੱਕ ਨਵਾਂ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣਾ ਦੇ ਕਿਸਾਨ 25 ਤੋਂ 27 ਦਸੰਬਰ ਤੱਕ ਟੋਲ ਅਦਾ ਨਹੀਂ ਕਰਨਗੇ ਤੇਹਰਿਆਣਾ ਦੇ ਸਾਰੇ ਟੋਲ ਪਲਾਜ਼ੇ ਫ਼੍ਰੀ ਕੀਤੇ ਜਾਣਗੇ।

    ਕਿਸਾਨ ਆਗੂਆਂ ਨੇ ਕਿਹਾ ਹੈ ਕਿ26 ਤੇ 27 ਤਰੀਕ ਨੂੰ ਐਨ.ਡੀ.ਏ ਦੇ ਸਹਿਯੋਗੀਆਂ ਦਾ ਘਿਰਾਉ ਕੀਤਾ ਜਾਏਗਾ ਤਾਂ ਕਿ ਉਹ ਸਰਕਾਰ ਤੇ ਕਾਨੂੰਨ ਵਾਪਿਸ ਲੈਣ ਲਈ ਦਬਾਅ ਬਣਾਉਣ। ਇਸ ਦੇ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਦਸੰਬਰ ਨੂੰ ਮਨ ਕੀ ਬਾਤ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਦੌਰਾਨ ਜਦੋਂ ਤੱਕ ਮੋਦੀ ਦੀ ਮਨ ਕੀ ਬਾਤ ਚੱਲੇਗੀ, ਓਦੋਂ ਤੱਕ ਲੋਕ ਘਰਾਂ ‘ਚ ਥਾਲੀਆਂ ਖੜਕਾਕੇ ਵਿਰੋਧ ਕਰਨਗੇ।

    ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਦੀ ਮੰਗ ਹੈ ਕਿ ਪਾਰਲੀਮੈਂਟ ਦਾ ਸੈਸ਼ਨ ਬੁਲਾ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਓਧਰ ਦੂਜੇ ਪਾਸੇ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਥਾਂ ਕੁੱਝ ਸੋਧਾਂ ਕਰਨ ਲਈ ਤਿਆਰ ਹੈ, ਇਸ ਪ੍ਰਸਤਾਵ ਨੂੰ ਕਿਸਾਨ ਨੇਤਾਵਾਂ ਨੇ ਦੇਸ਼ ਦੇ ਕਿਸਾਨਾਂ ਦਾ ਅਪਮਾਨ ਕਰਾਰ ਦਿੱਤਾ ਹੈ। ਕੇਂਦਰ ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਤੋਂ ਡਰਨ ਦੀ ਲੋੜ ਨਹੀਂ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਧਰਨੇ ਉੱਤੇ ਬੈਠੇ ਰਹਿਣਗੇ।

    LEAVE A REPLY

    Please enter your comment!
    Please enter your name here