ਘਬਰਾਉਣ ਦੀ ਲੋੜ ਨਹੀਂ, ਕਰਫ਼ਿਊ ਦੀ ਪਾਲਣਾ ਯਕੀਨੀ ਬਣਾਈ ਜਾਵੇ : ਡੀ.ਸੀ.

    0
    153

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਰਾਂ ਵਿੱਚ ਹੀ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਕਿਸੇ ਨੂੰ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਬਲਕਿ ਕਰਫ਼ਿਊ ਦੀ ਪਾਲਣਾ ਕਰਦਿਆਂ ਘਰਾਂ ਵਿੱਚ ਹੀ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਿਛਲੇ 11 ਦਿਨਾਂ ਤੋਂ ਕੋਰੋਨਾ ਵਾਇਰਸ ਦਾ ਕੋਈ ਵੀ ਪਾਜ਼ਿਟਿਵ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦਾ ਇਕ ਕੇਸ ਜੋ ਅੰਮ੍ਰਿਤਸਰ ਤੋਂ ਪਾਜ਼ਿਟਿਵ ਆਇਆ ਸੀ, ਉਹ ਠੀਕ ਹੋ ਚੁੱਕਾ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆਉਣ ਦੀ ਬਜਾਏ ਜਾਗਰੂਕਤਾ ਅਤੇ ਸਾਵਧਾਨੀਆਂ ਵਰਤੀਆਂ ਜਾਣ।

    ਅਪਨੀਤ ਰਿਆਤ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰ ਵਿਚ ਰਹਿ ਕੇ ਹੀ ਮਨਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ 14 ਅਪ੍ਰੈਲ 2020 ਨੂੰ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਧਾਰਮਿਕ ਸਥਾਨ ਉਤੇ ਕਿਸੇ ਵੀ ਤਰ੍ਹਾਂ ਦਾ ਕੋਈ ਧਾਰਮਿਕ ਸਮਾਗਮ ਨਹੀਂ ਕਰਵਾਇਆ ਜਾਵੇਗਾ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਇਕੱਠ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਫ਼ੈਸਲਾ ਸੂਬਾ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਕਿਸੇ ਤਰ੍ਹਾਂ ਦਾ ਇਕੱਠ ਨਾ ਕਰਨ ‘ਤੇ ਲਗਾਈ ਗਈ ਰੋਕ ਨੂੰ ਮੁੱਖ ਰੱਖਦਿਆ ਲਿਆ ਗਿਆ ਹੈ।

    ਅਪਨੀਤ ਰਿਆਤ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਤਿਉਹਾਰ ਆਪੋ-ਆਪਣੇ ਘਰਾਂ ਵਿਚ ਰਹਿ ਕੇ ਹੀ ਸ਼ਰਧਾ ਭਾਵਨਾ ਨਾਲ ਮਨਾਉਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਵਲੋਂ ਜੋ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ, ਉਹ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਦਿੱਤੀਆਂ ਜਾ ਰਹੀਆਂ ਹਨ, ਇਸ ਲਈ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਐੱਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੀ ਸਬ-ਡਵੀਜ਼ਨ ਅਧੀਨ ਪੈਂਦੇ ਧਾਰਮਿਕ ਸਥਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਵਿਸਾਖੀ ਦੇ ਦਿਹਾੜੇ ‘ਤੇ ਇਕੱਠ ਨਾ ਕੀਤਾ ਜਾਵੇ, ਬਲਕਿ ਘਰਾਂ ਵਿੱਚ ਹੀ ਵਿਸਾਖੀ ਦਾ ਦਿਹਾੜਾ ਮਨਾਇਆ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪ ਨੂੰ ਸੁਰੱਖਿਅਤ ਰੱਖਣ ਲਈ ਹੀ ਕਰਫ਼ਿਊ ਲਗਾਇਆ ਗਿਆ ਹੈ, ਇਸ ਲਈ ਪਹਿਲਾਂ ਵਾਂਗ ਹੀ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਦਿੱਤਾ ਜਾਵੇ।

    LEAVE A REPLY

    Please enter your comment!
    Please enter your name here