ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਕਿਸਾਨ ਅੱਜ ਕਾਂਗਰਸੀ ਵਿਧਾਇਕਾਂ ਦੇ ਘਰਾਂ ਦਾ ਕਰਨਗੇ ਘਿਰਾਓ

    0
    146

    ਚੰਡੀਗੜ੍ਹ, (ਰੁਪਿੰਦਰ) :

    ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪੀਐਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਨੇ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਅੱਜ ਪੰਜਾਬ ਵਿੱਚ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਤਾਂ ਜੋ ਝੋਨੇ ਦੀ ਖ਼ਰੀਦ ਤੁਰੰਤ ਜਾਰੀ ਕੀਤੀ ਜਾ ਸਕੇ। ਇਸੇ ਤਰ੍ਹਾਂ ਹਰਿਆਣਾ ਵਿਚ ਵੀ ਇਸੇ ਤਰਜ ‘ਤੇ ਭਾਜਪਾ ਤੇ ਜਜਪਾ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਦਾ ਘਿਰਾਓ ਕੀਤਾ ਜਾਵੇਗਾ।

    ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨੇ ਦੇਣੇ ਸੀ ਪਰ 2 ਦਿਨ ਦੀ ਛੁੱਟੀ ਹੋਣ ਕਾਰਨ ਉਨ੍ਹਾਂ ਨੇ ਫ਼ੈਸਲਾ ਕੀਤਾ ਕਿ ਹੁਣ ਧਰਨਾ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰ ਦੇ ਸਾਹਮਣੇ ਰੱਖਿਆ ਜਾਵੇਗਾ ਤਾਂ ਜੋ ਝੋਨੇ ਦੀ ਖ਼ਰੀਦ ਕੀਤੀ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਮੁੜ ਲੀਹ ‘ਤੇ ਲਿਆਉਣ ਲਈ ਧਰਨਾ ਲਾਜ਼ਮੀ ਹੈ। ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਵਿਚ ਕੀਤੀ ਗਈ 10 ਦਿਨ ਦੀ ਦੇਰੀ ਦਾ ਫ਼ੈਸਲਾ ਕਿਸਾਨ ਮਾਰੂ ਹੈ ਤੇ ਕੇਂਦਰ ਨੂੰ ਆਪਣੇ ਇਸ ਫ਼ੈਸਲੇ ‘ਤੇ ਮੁੜ ਤੋਂ ਵਿਚਾਰ ਕਰਕੇ ਜਲਦ ਤੋਂ ਜਲਦ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣੀ ਚਾਹੀਦੀ ਹੈ।

    LEAVE A REPLY

    Please enter your comment!
    Please enter your name here