ਡਿਪਟੀ ਕਮਿਸ਼ਨਰ ਨੇ ਅਚਨਚੇਤ ਕੀਤਾ ਅਨਾਜ ਮੰਡੀ ਹੁਸ਼ਿਆਰਪੁਰ ਦਾ ਦੌਰਾ :

    0
    154

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਅਨਾਜ ਮੰਡੀ ਹੁਸ਼ਿਆਰਪੁਰ ਦਾ ਦੌਰਾ ਕੀਤਾ। ਉਨ੍ਹਾਂ ਨੇ ਖ਼ਰੀਦ ਏਜੰਸੀਆਂ ਨੂੰ ਜਿਥੇ ਸੁਚਾਰੂ ਢੰਗ ਨਾਲ ਕਣਕ ਦੀ ਖ਼ਰੀਦ ਕਰਨ ਦੇ ਨਿਰਦੇਸ਼ ਦਿੱਤੇ, ਉੱਥੇ ਕੋਵਿਡ-19 ਦੇ ਮੱਦੇਨਜ਼ਰ ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਸਮੇਤ ਸਮਾਜਿਕ ਦੂਰੀ ਬਰਕਰਾਰ ਰੱਖਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਂਦੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕਣਕ ਦੀ ਕਟਾਈ ਲਈ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਕੰਬਾਈਨਾਂ ਚਲਾਉਣ ਦੀ ਛੋਟ ਦਿੱਤੀ ਗਈ ਹੈ, ਇਸ ਲਈ ਇਸ ਸਮੇਂ ਦੌਰਾਨ ਹੀ ਕੰਬਾਈਨਾਂ ਚਲਾਈਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਉਕਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੰਬਾਈਨਾਂ ਚਲਾਈਆਂ ਜਾਂਦੀਆਂ ਹਨ, ਤਾਂ ਸਬੰਧਤਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

    ਅਪਨੀਤ ਰਿਆਤ ਨੇ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ ਮਾਪਦੰਡ ਤੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿੱਚ ਨਾ ਲਿਆਂਦੀ ਜਾਵੇ। ਉਨ੍ਹਾਂ ਨੇ ਕਿਹਾ ਕਿ ਗਿੱਲੀ ਕਣਕ ਦੀ ਮੰਡੀਆਂ ਵਿੱਚ ਐਂਟਰੀ ਨਹੀਂ ਹੋਣ ਦਿੱਤੀ ਜਾਵੇਗੀ, ਇਸ ਲਈ ਕਣਕ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਂਦੀ ਜਾਵੇ। ਉਨ੍ਹਾਂ ਨੇ ਕਿਹਾ ਕਿ ਗਿੱਲੀ ਕਣਕ ਨੂੰ ਖ਼ਰੀਦ ਏਜੰਸੀਆਂ ਖ਼ਰੀਦਣ ਤੋਂ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਲਈ ਬਿਨ੍ਹਾਂ ਵਜ੍ਹਾ ਪ੍ਰੇਸ਼ਾਨ ਹੋਣਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਕੂਪਨ ਸਿਸਟਮ ਰਾਹੀਂ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਗਿੱਲੀ ਕਣਕ ਲਿਆਉਣ ਵਾਲੇ ਕਿਸਾਨਾਂ ਦੇ ਕਾਰਨ ਸੁੱਕੀ ਕਣਕ ਲਿਆਉਣ ਵਾਲੇ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

    ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 37855 ਮੀਟਰਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗਰੇਨ ਵਲੋਂ 10424 ਮੀਟਰ ਟਨ, ਮਾਰਕਫੈਡ ਵਲੋਂ 6113, ਪਨਸਪ ਵਲੋਂ 8599, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 4849, ਐੱਫ.ਸੀ.ਆਈ ਵਲੋਂ 7452 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 418 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

    LEAVE A REPLY

    Please enter your comment!
    Please enter your name here