ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਹਰ ਵੀਰਵਾਰ ਲੱਗੇਗਾ ਵਿਸ਼ੇਸ਼ ਕੈਂਪ: ਅਪਨੀਤ ਰਿਆਤ

    0
    139

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਸ਼ਨਾਖਤੀ ਕਾਰਡ ਅਤੇ ਡਿਸਏਬਿਲਟੀ ਸਰਟੀਫ਼ਿਕੇਟ ਬਣਾਉਣ ਲਈ 7 ਦਸੰਬਰ ਤੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਸਬ-ਡਵੀਜਨ ਪੱਧਰ ‘ਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਜੋ ਕਿ 11 ਦਸੰਬਰ ਤੱਕ ਜਾਰੀ ਰਹਿਣਗੇ।

    ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸੰਬੰਧੀ ਜਾਣਾਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਸ਼ਨਾਖਤੀ ਕਾਰਡ (ਯੂ. ਡੀ.ਆਈ. ਡੀ.) ਅਤੇ ਡਿਸਏਬਿਲਟੀ ਸਰਟੀਫ਼ਿਕੇਟ ਲਈ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦੌਰਾਨ ਦਿਵਿਆਂਗ ਵਿਅਕਤੀ ਆਪਣੇ ਵਿਸ਼ੇਸ਼ ਪਛਾਣ ਪੱਤਰ ਲਈ ਵੀ ਅਪਲਾਈ ਕਰ ਸਕਦੇ ਹਨ ਜੋ ਕਿ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਅਤਿ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਸੰਬੰਧਤ ਵਿਭਾਗਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡਾਂ ਦੀ ਪੈਂਡੇਂਸੀ ਖ਼ਤਮ ਕਰਨ ਅਤੇ ਨਵੇਂ ਡਿਸਏਬਿਲਟੀ ਸਰਟੀਫ਼ਿਕੇਟ ਬਣਾਉਣ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸੰਬੰਧਤ ਵਿਭਾਗਾਂ ਨੂੰ ਵੱਧ ਤੋਂ ਵੱਧ ਯੋਗ ਉਮੀਦਵਾਰਾਂ ਨੂੰ ਕਵਰ ਕਰਨ ਦੀਆਂ ਹਦਾਇਤਾਂ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਭਰਪੂਰ ਲਾਹਾ ਲੈਂਦਿਆਂ ਆਪਣੇ ਸ਼ਨਾਖਤੀ ਕਾਰਡ ਹਾਸਲ ਕਰਨੇ ਯਕੀਨੀ ਬਣਾਉਣ।

    ਅਪਨੀਤ ਰਿਆਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਆਦੇਸ਼ ਦਿੱਤੇ ਕਿ ਹੁਸ਼ਿਆਰਪੁਰ ਦੇ ਸਕੂਲਾਂ ਵਿੱਚ ਪੜ੍ਹ ਰਹੇ ਸਾਰੇ ਦਿਵਿਆਂਗ ਵਿਦਿਆਰਥੀਆਂ ਦੇ ਡਿਸਏਬਿਲਟੀ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਸੰਬੰਧੀ ਪੰਚਾਇਤਾਂ ਦੀ ਮੱਦਦ ਨਾਲ ਪਿੰਡਾਂ ਵਿੱਚ ਰਹਿ ਰਹੇ ਦਿਵਿਆਂਗ ਵਿਅਕਤੀਆਂ ਦੀ ਇਨ੍ਹਾਂ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਤਾਂ ਜੋ ਕੋਈ ਵੀ ਯੋਗ ਦਿਵਿਆਂਗ ਆਪਣਾ ਪਛਾਣ ਪੱਤਰ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ।


    ਹਰ ਵੀਰਵਾਰ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸਬ-ਡਵੀਜਨ ਪੱਧਰ ‘ਤੇ ਲੱਗੇਗਾ ਵਿਸ਼ੇਸ਼ ਕੈਂਪ
    ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ 17 ਦਸੰਬਰ ਤੋਂ ਮਹੀਨੇ ਦੇ ਹਰ ਵੀਰਵਾਰ ਦਿਵਿਆਂਗ ਵਿਅਕਤੀਆਂ ਨੂੰ ਡਿਸਏਬਿਲਟੀ ਸਰਟੀਫਿਕੇਟ, ਯੂ.ਡੀ.ਆਈ.ਡੀ.ਕਾਰਡ, ਪੈਨਸ਼ਨ ਲਗਵਾਉਣ ਅਤੇ ਵੋਟਾਂ ਬਣਾਉਣ ਆਦਿ ਦੀ ਸਹੂਲਤ ਲਈ ਸਬ-ਡਵੀਜਨ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਮਹੀਨੇ ਦੇ ਪਹਿਲੇ ਵੀਰਵਾਰ ਸਿਵਲ ਹਸਪਤਾਲ ਗੜਸ਼ੰਕਰ, ਦੂਜੇ ਸਿਵਲ ਹਸਪਤਾਲ ਦਸੂਹਾ, ਤੀਜੇ ਸਿਵਲ ਹਸਪਤਾਲ ਮੁਕੇਰੀਆਂ ਅਤੇ ਚੌਥੇ ਵੀਰਵਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਇਹ ਕੈਂਪ ਲਗਾਏ ਜਾਣਗੇ ਜਿੱਥੇ ਸਿਹਤ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੀਆਂ ਟੀਮਾਂ ਸਵੇਰੇ 9 ਵਜੇ ਤੋਂ ਇਹ ਸਹੂਲਤਾਂ ਮੁਹੱਈਆ ਕਰਵਾਉਣਾ ਸ਼ੁਰੂ ਕਰ ਦੇਣਗੀਆਂ। ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧੀ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕਰਵਾਉਣ ਲਈ ਗਾਰਡੀਐਂਸ ਆਫ਼ ਗਵਰਨੈਂਸ ਵੱਲੋਂ ਵੀ ਸੇਵਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਹਰ ਦਿਵਿਆਂਗ ਨੂੰ ਲੋੜੀਂਦੀ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀਰਵਾਰ ਕੋਈ ਸਰਕਾਰੀ ਛੁੱਟੀ ਆ ਜਾਂਦੀ ਹੈ ਤਾਂ ਇਹ ਕੈਂਪ ਅਗਲੇ ਦਿਨ ਸ਼ੁੱਕਰਵਾਰ ਨੂੰ ਉਸੇ ਥਾਂ ‘ਤੇ ਲਾਇਆ ਜਾਵੇਗਾ।

    200 ਦਿਵਿਆਂਗਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਟੀਚਾ :

    ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਲੀਕੇ ਪ੍ਰੋਜੈਕਟ ਉਡਾਨ ਤਹਿਤ 14 ਦਸੰਬਰ ਨੂੰ ਸਥਾਨਕ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਹੇਠ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਘੱਟੋ-ਘੱਟ 200 ਦਿਵਿਆਂਗਾਂ ਨੂੰ ਵੱਖ-ਵੱਖ ਉਦਯੋਗਾਂ ਅਤੇ ਸਨਅਤਾਂ ਵਿੱਚ ਢੁਕਵਾਂ ਰੋਜ਼ਗਾਰ ਦਿਵਾਉਣ ਦਾ ਟੀਚਾ ਰੱਖਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਨਾਲ ਸੰਬੰਧਤ ਦਿਵਿਆਂਗਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸਮਰੱਥਾ ਮੁਤਾਬਿਕ ਰੋਜ਼ਗਾਰ ਦਿਵਾਇਆ ਜਾ ਸਕੇ।

    LEAVE A REPLY

    Please enter your comment!
    Please enter your name here