ਦੁਕਾਨਦਾਰ ਅਤੇ ਜ਼ਿਲ੍ਹਾ ਵਾਸੀ ਕੋਵਾ ਐਪ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡੀ.ਸੀ.

    0
    157

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਹੂਲਤਾਂ ਵਿੱਚ ਤਿਆਰ ਕੀਤਾ ਗਿਆ ਕੋਵਾ ਐਪ ਆਮ ਜਨਤਾ ਅਤੇ ਦੁਕਾਨਦਾਰਾਂ ਲਈ ਕਾਫ਼ੀ ਫਾਇਦੇਮੰਦ ਸਾਬਤ ਹੋ ਰਿਹਾ ਹੈ। ਇਸ ਐਪ ਰਾਹੀਂ ਦੁਕਾਨਦਾਰਾਂ ਵਲੋਂ ਆਰਡਰ ਪ੍ਰਾਪਤ ਕਰਕੇ ਘਰਾਂ ਵਿੱਚ ਹੀ ਹੋਮ ਡਿਲੀਵਰੀ ਰਾਹੀਂ ਜ਼ਰੂਰੀ ਵਸਤਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕੋਵਾ ਐਪ ਦੇ ਮਾਧਿਅਮ ਨਾਲ ਕਨੈਕਟ-ਟੂ-ਡਾਕਟਰ ਨਾਮ ਤੋਂ ਵਿਸ਼ੇਸ਼ ਹੈਲਪਲਾਈਨ ਨੰਬਰ 1800-180-4104 ਵੀ ਜਾਰੀ ਕੀਤਾ ਗਿਆ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਰੂਰੀ ਵਸਤਾਂ ਦੀ ਘਰ ਵਿੱਚ ਪਹੁੰਚ ਯਕੀਨੀ ਬਣਾਉਣ ਲਈ ਕੋਵਾ ਐਪ ਵਿੱਚ ਇਕ ਨਵਾਂ ਮੋਡਿਊਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮੋਡਿਊਲ ਨੂੰ ਵਰਤਣ ਲਈ ਐਪ ਨੂੰ ਡਾਊਨਲੋਡ ਕਰਨਾ ਲਾਜ਼ਮੀ ਹੈ, ਜੋ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਵਿੱਚ ਮੁਫ਼ਤ ਉਪਲਬੱਧ ਹੈ। ਉਨ੍ਹਾਂ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਭਾਰੀ ਗਿਣਤੀ ਵਿੱਚ ਦੁਕਾਨਦਾਰਾਂ ਵਲੋਂ ਇਸ ਐਪ ਵਿੱਚ ਰਜਿਸਟਰੇਸ਼ਨ ਕਰਵਾ ਕੇ ਜਨਤਾ ਨੂੰ ਹੋਮ ਡਿਲੀਵਰੀ ਰਾਹੀਂ ਜ਼ਰੂਰੀ ਵਸਤਾਂ ਅਤੇ ਦਵਾਈਆਂ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ 100 ਤੋਂ ਵੱਧ ਕਰਿਆਨੇ ਦੀਆਂ ਦੁਕਾਨਾਂ ਅਤੇ ਮੈਡੀਕਲ ਸਟੋਰ ਇਸ ਐਪ ਰਾਹੀਂ ਜ਼ਰੂਰੀ ਵਸਤਾਂ ਅਤੇ ਦਵਾਈਆਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਦੁਕਾਨਦਾਰ ਅਤੇ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਕੋਵਾ ਐਪ ਦਾ ਲਾਭ ਉਠਾਉਣ।

    ਅਪਨੀਤ ਰਿਆਤ ਨੇ ਦੱਸਿਆ ਕਿ ਕੋਵਾ ਐਪ ਦੇ ਮੈਨਯੂ ਵਿੱਚ ਰਿਕੁਐਸਟ ਗਰੋਸਰੀ ਟਾਈਪ ‘ਤੇ ਕਲਿੱਕ ਕਰਕੇ ਇਹ ਮੋਡਿਊਲ ਖੁੱਲ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਉਪਰੰਤ ਕੋਈ ਵੀ ਵਿਅਕਤੀ ਆਪਣੀ ਲੋਕੇਸ਼ਨ ਸੈਟ ਕਰਕੇ ਆਪਣੇ ਨੇੜਲੇ ਦੁਕਾਨਦਾਰ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਮੋਡਿਊਲ ਰਾਹੀਂ ਕਿਸੇ ਵੀ ਵਿਅਕਤੀ ਵਲੋਂ ਫ਼ਲ-ਸਬਜ਼ੀਆਂ, ਦਵਾਈਆਂ, ਦੁੱਧ ਉਤਪਾਦ ਅਤੇ ਕਰਿਆਨੇ ਦੇ ਸਮਾਨ ਨੂੰ ਘਰ ਬੈਠੇ ਮੰਗਵਾਇਆ ਜਾ ਸਕਦਾ ਹੈ।

    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਰਜਿਸਟਰਡ ਦੁਕਾਨਦਾਰ ਆਪਣੇ ਸਮਾਨ ਦੀ ਸਪਲਾਈ ਲਈ ਇਸ ਮੋਡਿਊਲ ਰਾਹੀਂ ਰਜਿਸਟਰੇਸ਼ਨ ਕਰ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਰਜਿਸਟਰੇਸ਼ਨ ਤੋਂ ਪਹਿਲਾਂ ਦੁਕਾਨਦਾਰ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਕਿਸੇ ਵੀ ਵਸਤੂ ਦਾ ਵੇਚ ਮੁੱਲ ਐਮ.ਆਰ.ਪੀ. ਰੇਟਾਂ ਤੋਂ ਵੱਧ ਨਾ ਹੋਵੇ ਅਤੇ ਦੁਕਾਨਦਾਰ ਕੋਲ ਸਮਾਨ ਘਰ ਪਹੁੰਚਾਉਣ ਦੀ ਆਪਣੇ ਪੱਧਰ ‘ਤੇ ਸੁਵਿਧਾ ਹੋਵੇ। ਉਨ੍ਹਾਂ ਨੇ ਦੱਸਿਆ ਕਿ ਅਜਿਹਾ ਨਾ ਹੋਣ ‘ਤੇ ਉਸ ਦੀ ਅਰਜ਼ੀ ਰੱਦ ਹੋ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਦੁਕਾਨਦਾਰ ਨੂੰ ਸਭ ਤੋਂ ਪਹਿਲਾਂ ਕੋਵਾ ਐਪ ਡਾਊਨਲੋਡ ਕਰਨਾ ਹੋਵੇਗਾ ਅਤੇ ਰਿਕੁਐਸਟ ਗਰੋਸਰੀ ਟਾਈਪ ‘ਤੇ ਕਲਿੱਕ ਕਰਨਾ ਹੋਵੇਗਾ। ਇਸ ਉਪਰੰਤ ਉਹ ਵੈਂਡਰ ਰਜਿਸਟਰੇਸ਼ਨ ‘ਤੇ ਕਲਿੱਕ ਕਰਕੇ ਆਨਰੋਲ ਹੋ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਅਰਜ਼ੀ ਦੇਣ ਲਈ ਜ਼ਿਲ੍ਹੇ ਦਾ ਨਾਮ, ਮੋਬਾਇਲ ਨੰਬਰ ਅਤੇ ਪੂਰਾ ਪਤਾ ਦੱਸਣਾ ਹੋਵੇਗਾ ਅਤੇ ਫ਼ਿਰ ਵੇਚਣ ਵਾਲੀਆਂ ਵਸਤਾਂ ਜਿਵੇਂ ਦੁੱਧ ਉਤਪਾਦ, ਫ਼ਲ, ਸਬਜ਼ੀਆਂ, ਦਵਾਈਆਂ ਅਤੇ ਕਰਿਆਨੇ ਬਾਰੇ ਜਾਣਕਾਰੀ ਦੇਣੀ ਹੋਵੇਗੀ, ਉਪਰੰਤ ਆਖ਼ਿਰ ਵਿੱਚ ਡਿਲੀਵਰੀ ਕਰਤਾ ਬਾਰੇ ਜਾਣਕਾਰੀ ਦੇਣੀ ਪਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਉਪਰੰਤ ਇਹ ਰਜਿਸਟਰੇਸ਼ਨ ਅਰਜ਼ੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਨਲਾਈਨ ਚਲੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜੇਕਰ ਇਹ ਅਰਜ਼ੀ ਮਨਜ਼ੂਰ ਹੋ ਜਾਂਦੀ ਹੈ, ਤਾਂ ਸਬੰਧਤ ਦੁਕਾਨਦਾਰ ਦੇ ਮੋਬਾਇਲ ‘ਤੇ ਇਕ ਆਈ.ਡੀ. ਅਤੇ ਪਾਸਵਰਡ ਭੇਜ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਹ ਆਈ.ਡੀ. ਪਾਸਵਰਡ ਵਰਤ ਕੇ ਦੁਕਾਦਨਦਾਰ ਦੁਕਾਨ ਦੇ ਸਟਾਕ ਅਤੇ ਉਨ੍ਹਾਂ ਦੀ ਵਿਕਰੀ ਨੂੰ ਅਪਡੇਟ ਕਰ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਨਾਗਰਿਕਾਂ ਵਲੋਂ ਕੀਤੇ ਗਏ ਆਰਡਰ ਦੁਕਾਨਦਾਰ ਆਪਣੀ ਲਾਗਇਨ ਆਈ.ਡੀ. ਵਿੱਚ ਦੇਖ ਸਕਦਾ ਹੈ ਅਤੇ ਸਬੰਧਤ ਨਾਗਰਿਕ ਵਲੋਂ ਦਿੱਤੇ ਗਏ ਪਤੇ ‘ਤੇ ਇਹ ਆਰਡਰ ਪਹੁੰਚਾਉਣੇ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੋਈ ਸ਼ਿਕਾਇਤ ਮਿਲਦੀ ਹੈ, ਤਾਂ ਕਿਸੇ ਵੀ ਸਮੇਂ ਕਿਸੇ ਵੀ ਦੁਕਾਨਦਾਰ ਦੀ ਰਜਿਸਟਰੇਸ਼ਨ ਨੂੰ ਰੱਦ ਕੀਤਾ ਜਾ ਸਕਦਾ ਹੈ।

    LEAVE A REPLY

    Please enter your comment!
    Please enter your name here