ਪਾਵਨ ਸਰੂਪਾਂ ਦੇ ਮਾਮਲੇ ‘ਤੇ ਕਸੂਤੇ ਘਿਰੇ ਲੌਂਗੋਵਾਲ, ਤਲਬ ਕਰਨ ਦੀ ਉੱਠੀ ਮੰਗ !

    0
    122

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਸੂਤੇ ਘਿਰ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਾਉਣ ਲਈ ਕਿਹਾ ਸੀ ਪਰ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਤੋਂ ਹੀ ਜਾਂਚ ਕਰਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਚੁਫੇਰਿਓਂ ਅਲੋਚਨਾ ਹੋ ਰਹੀ ਹੈ।

    ਇਸ ਬਾਰੇ ਸਰਗਰਮ 35 ਸਿੱਖ ਜੱਥੇਬੰਦੀਆਂ ਤੇ ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਨੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਰਾਜਿੰਦਰ ਸਿੰਘ ਮਹਿਤਾ ਨੂੰ ਲਾਪਤਾ ਹੋਏ ਸਰੂਪਾਂ ਬਾਰੇ ਝੂਠ ਬੋਲਣ ਤੇ ਸਿੱਖ ਪੰਥ ਨੂੰ ਗੁੰਮਰਾਹ ਕਰਨ ਦੇ ਦੋਸ਼ ਤਹਿਤ ਸ੍ਰੀ ਅਕਾਲ ਤਖ਼ਤ ’ਤੇ ਤਲਬ ਕੀਤਾ ਜਾਵੇ।

    ਉਨ੍ਹਾਂ ਕਿਹਾ ਹੈ ਕਿ ਪ੍ਰਧਾਨ ਲੌਂਗੋਵਾਲ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕਰਨ ਤੋਂ ਮੁੱਕਰ ਗਏ ਹਨ ਜਿਸ ਤੋਂ ਸਪਸ਼ਟ ਹੋ ਗਿਆ ਹੈ ਕਿ ਉਹ ਸਾਰੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੇ ਹਨ। ਸਿੱਖ ਲੀਡਰ ਸੁਖਦੇਵ ਸਿੰਘ ਫਗਵਾੜਾ ਤੇ ਪਰਮਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਵਾਲ ਕੀਤਾ ਕਿ ਜੇ ਉਹ ਇਸ ਮਾਮਲੇ ਵਿੱਚ ਪੁਲਿਸ ਦੀ ਦਖਲਅੰਦਾਜ਼ੀ ਨਹੀਂ ਚਾਹੁੰਦੇ ਤਾਂ ਫਿਰ ਇਹ ਦੱਸਣ ਕਿ ਹਰ ਸਾਲ ਜੂਨ ਮਹੀਨੇ ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਦੌਰਾਨ ਸ਼੍ਰੋਮਣੀ ਕਮੇਟੀ ਦੀ ਮਰਜ਼ੀ ਤੋਂ ਬਿਨ੍ਹਾਂ ਹੀ ਦਰਬਾਰ ਸਾਹਿਬ ਪਰਿਕਰਮਾ ਵਿੱਚ ਪੁਲਿਸ ਤਾਇਨਾਤ ਕਰਕੇ ਨੌਜਵਾਨਾਂ ਦੀ ਆਵਾਜ਼ ਕਿਉਂ ਦੱਬੀ ਜਾਂਦੀ ਹੈ।

    ਉੱਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੌਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੁਣੌਤੀ ਦੇਣ ਵਾਲੇ ਪੰਥ ਦੇ ਦੋਖੀ ਕਦੇ ਵੀ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋਣਗੇ ਕਿਉਂਕਿ ਦੇਸ਼ ਵਿਦੇਸ਼ ਵਿੱਚ ਬੈਠੀਆਂ ਸੰਗਤਾਂ ਇਨ੍ਹਾਂ ਦੀ ਸੋਚ ਤੋਂ ਜਾਣੂ ਹੋ ਚੁੱਕੀਆਂ ਹਨ। ਲੌਂਗੋਵਾਲ ਨੇ ਕਿਹਾ ਕਿ ਕੁੱਝ ਪਾਰਟੀਆਂ ਦੇ ਆਗੂ ਤੇ ਸੰਸਥਾਵਾਂ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖਲ-ਅੰਦਾਜ਼ੀ ਕਰਕੇ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣਾ ਚਾਹੁੰਦੇ ਹਨ ਜਿਸ ਲਈ ਉਹ ਝੂਠਾ ਪ੍ਰਚਾਰ ਕਰ ਰਹੇ ਹਨ।

     

     

    LEAVE A REPLY

    Please enter your comment!
    Please enter your name here