ਪੰਜਾਬ ਸਰਕਾਰ ਓਵਰਸੀਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕਰੇ : ਡਾ. ਰਾਜ ਕੁਮਾਰ

    0
    142

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਦੇ ਮੌਕੇ ਪ੍ਰਦਾਨ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਓਵਰਸੀਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਜਾਵੇ ਤਾਂ ਜੋ ਇਹ ਵਿਦਿਆਰਥੀ ਵੱਖ-ਵੱਖ ਮੁਲਕਾਂ ਵਿੱਚ ਪੜ੍ਹਾਈ ਪੂਰੀ ਕਰਨ ਉਪਰੰਤ ਪਰਤ ਕੇ ਦੇਸ਼ ਦੀ ਸੇਵਾ ਵਿੱਚ ਵੱਡਮੁੱਲਾ ਯੋਗਦਾਨ ਪਾ ਸਕਣ।

    ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ 130ਵੇਂ ਜਨਮ ਦਿਵਸ ਨੂੰ ਰਾਜ ਭਰ ਵਿੱਚ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਕਰਵਾਏ ਆਨਲਾਈਨ ਪ੍ਰੋਗਰਾਮ ਦੌਰਾਨ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਇਸ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਆਪਣੇ ਧੰਨਵਾਦੀ ਭਾਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਡਾ. ਬੀ.ਆਰ.ਅੰਬੇਡਕਰ ਜੀ ਦੇ ਨਾਂ ’ਤੇ ਓਵਰਸੀਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡਾ. ਬੀ.ਆਰ.ਅੰਬੇਡਕਰ ਜੀ ਨੂੰ ਵੀ ਤਤਕਾਲੀ ਮਹਾਰਾਜਾ ਬੜੋਦਾ ਵਲੋਂ ਵਿਦੇਸ਼ ਪੜ੍ਹਨ ਭੇਜਿਆ ਗਿਆ ਸੀ ਜਿਨ੍ਹਾਂ ਨੇ ਵਿਦੇਸ਼ੀ ਯੂਨੀਵਰਸਿਟੀਆਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਉਪਰੰਤ ਉਨ੍ਹਾਂ ਦੀ ਦੂਰਅੰਦੇਸ਼ ਅਤੇ ਕਾਬਲਿਅਤ ਨੂੰ ਪੂਰੇ ਵਿਸ਼ਵ ਵਿੱਚ ਸਲਾਹਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਓਵਰਸੀਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ਰੂ ਕਰਨ ਨਾਲ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਹੋਰ ਰੌਸ਼ਨਾ ਜਾਵੇਗਾ ਅਤੇ ਮੁੱਖ ਮੰਤਰੀ ਵਲੋਂ ਇਸ ਅਹਿਮ ਕਾਰਜ ਨੂੰ ਨਿਜੀ ਦਿਲਚਸਪੀ ਨਾਲ ਸ਼ੁਰੂ ਕਰਵਾਉਣਾ ਚਾਹੀਦਾ ਹੈ ਜਿਹੜੀ ਕਿ ਡਾ. ਅੰਬੇਡਕਰ ਜੀ ਨੂੰ ਅਸਲ ’ਚ ਸ਼ਰਧਾਂਜ਼ਲੀ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਭਾਵੇਂ ਇਹ ਸਕੀਮ 10 ਵਿਦਿਆਰਥੀਆਂ ਲਈ ਹੀ ਸ਼ੁਰੂ ਕੀਤੀ ਜਾਵੇ ਜਿਨ੍ਹਾਂ ਦੀ ਗਿਣਤੀ ਹੌਲੀ-ਹੌਲੀ ਵਧਾਈ ਜਾ ਸਕਦੀ ਹੈ।

    ਡਾ.ਬੀ.ਆਰ.ਅੰਬੇਡਕਰ ਜੀ ਦੇ ਨਾਂ ’ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਪੱਧਰ ’ਤੇ ਇਹ ਸਕੀਮ ਸ਼ੁਰੂ ਕਰਨ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋਇਆ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਬੰਦ ਕਰਨ ਦੀ ਨਿਖੇਧੀ ਕਰਦਿਆਂ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੀ ਸਕੀਮ ਸ਼ੁਰੂ ਕਰਨ ਨਾਲ ਸਿਰਫ਼ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਹੀ ਫਾਇਦਾ ਨਹੀਂ ਹੋਇਆ ਸਗੋਂ ਇਸ ਉਪਰੰਤ ਕੇਂਦਰ ਨੂੰ ਮੁੜ 60:40 ਦੇ ਅਨੁਪਾਤ ਨਾਲ ਇਹ ਸਕੀਮ ਸ਼ੁਰੂ ਕਰਨੀ ਪਈ ਜਿਸ ਨਾਲ ਪੂਰੇ ਦੇਸ਼ ਦੇ ਵਿਦਿਆਰਥੀਆਂ ਦਾ ਦਾਅ ’ਤੇ ਲੱਗਾ ਭਵਿੱਖ ਸੰਵਰ ਗਿਆ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਵਲੋਂ ਦਿੱਤਾ ਸਮਾਜਿਕ, ਆਰਥਿਕ ਅਤੇ ਧਾਰਮਿਕ ਬਰਾਬਰਤਾ ਦਾ ਸੁਨੇਹਾ ਇਨਬਿਨ ਲਾਗੂ ਕਰਨ ਲਈ ਸਾਨੂੰ ਸਾਰਿਆਂ ਨੂੰ ਸੁਹਿਰਦ ਯਤਨ ਕਰਨੇ ਚਾਹੀਦੇ ਹਨ ਜਿਹੜੀ ਕਿ ਉਨ੍ਹਾਂ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ।ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਓਵਰਸੀਜ਼ ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ਸੰਬੰਧੀ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਵਿਚਾਰ ਕਰੇਗੀ। ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਇਸ ਮੌਕੇ ਡਾ.ਬੀ.ਆਰ.ਅੰਬੇਡਕਰ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਆਪਣੇ-ਆਪ ਵਿੱਚ ਇਕ ਸੰਸਥਾ ਸਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਲੋਕਾਂ ਦੀ ਸੇਵਾ ਵਿੱਚ ਲਾਉਂਦਿਆਂ ਮਨੁੱਖੀ ਅਧਿਕਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ। ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਨੇ ਡਾ.ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਹ ਗਰੀਬਾਂ ਅਤੇ ਸਮਾਜਿਕ ਬਰਾਬਰੀ ਲਈ ਲੜ ਰਹੇ ਲੋਕਾਂ ਦੇ ਮਸੀਹਾ ਸਨ ਜਿਨ੍ਹਾਂ ਨੇ ਗਰੀਬਾਂ ਦੇ ਜੀਵਨ ਪੱਧਰ ਨੂੰ ਸੰਵਾਰਨ ਅਤੇ ਉਚਾ ਚੁੱਕਣ ਲਈ ਪੂਰਾ ਤਾਣ ਲਾ ਦਿੱਤਾ।

    ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਆਦਿ ਨੇ ਵੀ ਡਾ. ਅੰਬੇਡਕਰ ਜੀ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

    LEAVE A REPLY

    Please enter your comment!
    Please enter your name here