ਕਰਫ਼ਿਊ ਦੀ ਉਲੰਘਣਾ ਕਰਨ ’ਤੇ 228 ਮੁਕੱਦਮੇ ਕੀਤੇ ਦਰਜ !

    0
    128

    ਫਾਜ਼ਿਲਕਾ, ਜਨਗਾਥਾ ਟਾਇਮਜ਼ : (ਸਿਮਰਨ)

    ਫਾਜ਼ਿਲਕਾ : ਜ਼ਿਲ੍ਹਾ ਪੁਲਿਸ ਮੁਖੀ ਸ. ਹਰਜੀਤ ਸਿੰਘ ਨੇ ਦੱਸਿਆ ਕਿ ਕੌਮਾਂਤਰੀ ਮਹਾਂਮਾਰੀ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਜ਼ਿਲਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਅੰਦਰ ਕਰਫ਼ਿਊ ਲਗਾਇਆ ਗਿਆ ਹੈ। ਉਨਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਇਸ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ ਅਤੇ ਜਿਨ੍ਹਾਂ ਵਿਅਕਤੀਆਂ ਨੂੰ ਕਰਫ਼ਿਊ ਤੋਂ ਛੋਟ ਹੈ ਉਨਾਂ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਬਾਹਰ ਨਹੀਂ ਘੁੰਮਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਸੰਬੰਧੀ ਜ਼ਿਲ੍ਹੇ ਅੰਦਰ ਹੁਣ ਤੱਕ 228 ਪਰਚੇ ਦਰਜ ਕੀਤੇ ਗਏ ਹਨ ਅਤੇ 507 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਰਫ਼ਿਊ ਨੂੰ ਬਰਕਰਾਰ ਰੱਖਦਿਆਂ ਪੁਲਿਸ ਵਲੋਂ ਹੋਰ ਵੀ ਸਖ਼ਤੀ ਕੀਤੀ ਜਾਵੇਗੀ ਅਤੇ ਜੇ ਕੋਈ ਵਿਅਕਤੀ ਆਪਣੇ ਘਰ ਤੋਂ ਬਾਹਰ ਆਇਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

    ਐੱਸ.ਐੱਸ.ਪੀ. ਨੇ ਕਿਹਾ ਕਿ ਕਰਫ਼ਿਊ ਦੌਰਾਨ ਪਰਚੇ ਅਤੇ ਗ੍ਰਿਫ਼ਤਾਰੀਆਂ ਕਰਨ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ 42 ਵਹੀਕਲਾਂ ਨੂੰ ਵੀ ਬਾਉਂਡ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਆਪਣੇ ਘਰ ਰਹਿ ਕੇ ਆਪਣੀ ਤੇ ਆਪਣੇ ਪਰਿਵਾਰ ਦੀ ਭਲਾਈ ਹੈ ਉੱਥੇ ਇਹ ਸਮਾਜ ਪ੍ਰਤੀ ਵੀ ਸਾਡੀ ਜਿੰਮੇਵਾਰੀ ਹੈ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਵਿਅਕਤੀ ਨੂੰ ਆਪਣੇ ਘਰ ਵਿੱਚ ਰਹਿ ਕੇ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਸਰਕਾਰ ਦਾ ਸਾਥ ਦੇਣ।

    ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਲੋਕਾਂ ਨੂੰ ਮੁਹੱਲਿਆਂ ਵਿੱਚ ਇਕੱਠੇ ਹੋਣ ਤੋਂ ਗੁਰੇਜ ਕਰਨਾ ਚਾਹੀਦਾ ਹੈ, ਕਿਉਂਕਿ ਇਸ ਨਾਲ ਵੀ ਕੋਰਨਾ ਵਾਇਰਸ ਇੱਕ ਦੂਸਰੇ ਤੋਂ ਫੈਲ ਸਕਦਾ ਹੈ। ਇਸ ਲਈ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਅਜਿਹੀਆਂ ਗਤੀਵਿਧੀਆਂ ਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਪਾਰਟੀਆਂ ਵਲੋਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਅੰਦਰੂਨੀ ਹਿੱਸਿਆਂ ਵਿੱਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਵਿਅਕਤੀ ਘਰ ਤੋਂ ਬਾਹਰ ਹੋਇਆ ਤਾਂ ਉਸਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here