ਬਜਵਾੜਾ ਇੰਸਟੀਚਿਊਟ ਪੰਜਾਬ ਦੇ ਲੜਕੇ-ਲੜਕੀਆਂ ਦੀ ਭਾਰਤੀ ਫੌਜ ’ਚ ਨੁਮਾਇੰਦਗੀ ਨੂੰ ਹੋਰ ਵਧਾਏਗਾ : ਅਰੋੜਾ

    0
    148

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਬਜਵਾੜਾ ਵਿਖੇ ਬਨਣ ਵਾਲੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਨੀਂਹ ਪੱਥਰ ਰੱਖਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੈਂਬਰ ਰਾਜ ਸਭਾ ਅੰਬਿਕਾ ਸੋਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇੰਸਟੀਚਿਊਟ ਪੰਜਾਬੀ ਨੌਜਵਾਨਾਂ ਦੀ ਭਾਰਤੀ ਫੌਜ ਵਿੱਚ ਨੁਮਾਇੰਦਗੀ ਨੂੰ ਹੋਰ ਵਧਾਏਗਾ।

    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਜਵਾੜਾ ਦਾ ਨੀਂਹ ਪੱਥਰ ਰੱਖਣ ਉਪਰੰਤ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਰਾਜ ਦੀ ਦੇਸ਼ ਦੀਆਂ ਵੱਖ-ਵੱਖ ਫੌਜਾਂ ਵਿੱਚ ਹਮੇਸ਼ਾਂ ਅਹਿਮ ਭੂਮਿਕਾ ਰਹੀ ਹੈ ਅਤੇ ਭਾਰਤੀ ਫੌਜ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਨੌਜਵਾਨਾਂ ਦੀ ਗਿਣਤੀ ਵੀ ਕਾਬਲੇਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਈ.ਸੀ.ਐਚ.ਐਸ. ਕਾਰਡ ਹੋਲਡਰਾਂ ਦੀ ਗਿਣਤੀ 70 ਹਜ਼ਾਰ ਤੋਂ ਵੱਧ ਹੈ ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਸ ਕੰਢੀ ਖੇਤਰ ਨੇ ਦੇਸ਼ ਦੀਆਂ ਸੁਰੱਖਿਆ ਫੌਜਾਂ ਵਿੱਚ ਵਿਸ਼ੇਸ਼ ਥਾਂ ਬਣਾਈ ਹੈ।

    ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਸਮੇਤ ਇੰਸਟੀਚਿਊਟ ਦਾ ਨਕਸ਼ਾ ਦੇਖਣ ਵੇਲੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਕਰੀਬ 27 ਕਰੋੜ ਰੁਪਏ ਦੀ ਲਾਗਤ ਨਾਲ 12.75 ਏਕੜ ਜਗ੍ਹਾ ’ਤੇ ਬਨਣ ਜਾ ਰਿਹਾ ਹੈ ਜਿਥੇ ਹਰ ਸਾਲ 270 ਉਮੀਦਵਾਰਾਂ ਨੂੰ ਟਰੇਨਿੰਗ ਮਿਲਿਆ ਕਰੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਦੀ ਦੂਰਅੰਦੇਸ਼ ਸਦਕਾ ਬਜਵਾੜਾ ਵਿੱਚ ਸਥਾਪਤ ਹੋਣ ਵਾਲੇ ਇਹ ਵੱਕਾਰੀ ਇੰਸਟੀਚਿਊਟ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਇਛੁੱਕ ਨੌਜਵਾਨਾਂ ਨੂੰ ਲੋੜੀਂਦੀ ਟਰੇਨਿੰਗ ਮੁਹੱਈਆ ਕਰਵਾ ਕੇ ਦੇਸ਼ ਸੇਵਾ ਵਿੱਚ ਬਣਦਾ ਯੋਗਦਾਨ ਪਾਉਣ ਦੇ ਕਾਬਲ ਬਣਾਏਗਾ। ਉਦਯੋਗ ਮੰਤਰੀ ਨੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਐਜੂਕੇਸ਼ਨ ਟਰੱਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਇੰਸਟੀਚਿਊਟ ਦੀ ਸਥਾਪਤੀ ਨਾਲ ਭਾਰਤੀ ਫੌਜ ਵਿੱਚ ਸੇਵਾਵਾਂ ਦੇਣ ਦੇ ਚਾਹਵਾਨ ਨੌਜਵਾਨਾਂ ਨੂੰ ਆਧੁਨਿਕ ਸਿਖਲਾਈ ਪ੍ਰਾਪਤ ਹੋਵੇਗੀ ਜਿਸ ਨਾਲ ਲੜਕੇ-ਲੜਕੀਆਂ ਦਾ ਭਾਰਤੀ ਫੌਜ ਵਿੱਚ ਜਾਣ ਦਾ ਸੁਪਨਾ ਸਾਕਾਰ ਹੋਵੇਗਾ।

    ਵੀਡੀਓ ਕਾਨਫਰੰਸਿੰਗ ਦੌਰਾਨ ਪਿੰਡ ਬਜਵਾੜਾ ਦੀ ਸਰਪੰਚ ਪ੍ਰੀਤੀ ਨੇ ਵੀ ਇੰਸਟੀਚਿਊਟ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜ ਸਭਾ ਮੈਂਬਰ ਅੰਬਿਕਾ ਸੋਨੀ, ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਧੰਨਵਾਦ ਕੀਤਾ।

    LEAVE A REPLY

    Please enter your comment!
    Please enter your name here