ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਨੂੰ ਖੂਨ ਨਾਲ ਲਿਖਿਆ ਪੱਤਰ, 2364 ਪੋਸਟਾਂ ਲਈ ਭਰਤੀ ਦੀ ਕੀਤੀ ਅਪੀਲ

    0
    138

    ਪਟਿਆਲਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਲੀਲਾ ਭਵਨ ਵਿਖੇ ਧਰਨੇ ‘ਤੇ ਬੈਠੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੂਨ ਨਾਲ ਪੱਤਰ ਲਿਖ ਕੇ ਰੁਜ਼ਗਾਰ ਦੀ ਮੰਗ ਕੀਤੀ ਹੈ। ਇਸ ਮੌਕੇ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਿਥੇ ਜੰਮ ਕੇ ਨਾਅਰੇਬਾਜ਼ੀ ਕੀਤੀ ਉਥੇ ਲੀਲਾ ਭਵਨ ਬੀਐਸਐਨਐਲ ਦੇ ਮੋਬਾਇਲ ਟਾਵਰ ‘ਤੇ ਬੈਠੇ ਬੇਰੁਜ਼ਗਾਰ ਅਧਿਆਪਕ ਲਈ ਫਰਿਆਦ ਵੀ ਕੀਤੀ ਤਾਂ ਕਿ ਮੰਗਾਂ ਮੰਨ ਕੇ ਜਲਦ ਤੋਂ ਜਲਦ ਉਸ ਨੂੰ ਹੇਠਾਂ ਉਤਾਰਿਆ ਜਾਵੇ। ਬੇਰੁਜ਼ਗਾਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦਾ ਪਰਿਵਾਰਾਂ ਸਮੇਤ ਘਿਰਾਓ ਵੀ ਕਰਨਗੇ।

    ਇਸ ਮੌਕੇ ਸੰਬੋਧਨ ਕਰਦਿਆਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਯੂਨੀਅਨ ਦੇ ਪ੍ਰਧਾਨ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਕਰਦੇ ਆ ਰਹੇ ਹਨ ਪਰ ਹਮੇਸ਼ਾ ਹੀ ਸਰਕਾਰ ਨੇ ਮੀਟਿੰਗਾਂ ਦਾ ਭਰੋਸਾ ਦੇ ਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਹੀ ਟਾਲਾ ਵੱਟਿਆ ਹੋਇਆ ਹੈ। ਇਸ ਦੇ ਰੋਸ ਵਜੋਂ ਪਿਛਲੇ ਅੱਸੀ ਦਿਨਾਂ ਤੋਂ ਬੇਰੁਜ਼ਗਾਰ ਅਧਿਆਪਕ ਸੁਰਿੰਦਰ ਪਾਲ ਗੁਰਦਾਸਪੁਰ ਵੱਲੋਂ ਇੱਥੋਂ ਦੇ ਬੀ ਐੱਸ ਨੂੰ ਟਾਵਰ ਤੇ ਧਰਨਾ ਦਿੱਤਾ ਗਿਆ ਹੈ ਪਰ ਹਾਲੇ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਵਿਚਾਰਿਆ ਨਹੀਂ ਗਿਆ ਹੈ।

    ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਤੇਈ ਸੌ ਚੌਂਹਠ ਪੋਸਟਾਂ ਤੇ ਈਟੀਟੀ ਟੈੱਟ ਪਾਸ ਬੇਰੁਜ਼ਗਾਰਾਂ ਦੀ ਪਹਿਲ ਦੇ ਅਧਾਰ ਤੇ ਭਰਤੀ ਕੀਤੀ ਜਾਵੇ। ਇਸ ਨਾਲ ਹੀ ਸਰਕਾਰੀ ਸਕੂਲਾਂ ਚ ਦੱਸ ਹਜ਼ਾਰ ਤੋਂ ਬਾਰਾਂ ਹਜ਼ਾਰ ਖਾਲੀ ਪਈਆਂ ਅਸਾਮੀਆਂ ਲਈ ਈਟੀਟੀ ਟੈੱਟ ਪਾਸ ਬੇਰੁਜ਼ਗਾਰਾਂ ਨੂੰ ਭਰਤੀ ਕੀਤਾ ਜਾਵੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਦੋਂ ਤੱਕ ਉਹ ਸੰਘਰਸ਼ ਕਰਦੇ ਰਹਿਣਗੇ।

    LEAVE A REPLY

    Please enter your comment!
    Please enter your name here