ਮੀਤ ਹੇਅਰ ਤੇ ਅਨਮੋਲ ਗਗਨ ਮਾਨ ਨੇ ਮੋਹਾਲੀ ਵਿਖੇ ਅਧਿਆਪਕਾਂ ਦੇ ਧਰਨੇ ‘ਚ ਕੀਤੀ ਸ਼ਮੂਲੀਅਤ

    0
    141

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਵਿਚ ਕੱਚੇ ਅਧਿਆਪਕਾਂ ਅਤੇ ਈਟੀਟੀ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਕੀਤੇ ਜਾ ਰਹੇ ਰੋਸ ਧਰਨਿਆਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਵੱਲੋਂ ਸਮਰਥਨ ਕੀਤਾ ਗਿਆ ਹੈ ਤੇ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਬਿਨ੍ਹਾਂ ਦੇਰੀ ਤੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ ਕਰ ਕੇ ਲਾਗੂ ਕਰਨ ਦਾ ਪੱਤਰ ਜਾਰੀ ਕੀਤਾ ਜਾਵੇ। ਇਹ ਐਲਾਨ ਅੱਜ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਸਹਿ ਪ੍ਰਧਾਨ ਅਨਮੋਲ ਗਗਨ ਮਾਨ, ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਅੰਮ੍ਰਿਤ ਸਿੰਘ ਸਿੱਧੂ, ਮੀਤ ਪ੍ਰਧਾਨ ਜਗਦੀਪ ਸਿੰਘ ਸੰਧੂ, ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਗੁਰਤੇਜ ਸਿੰਘ ਪੰਨੂੰ ਅਤੇ ਅਧਿਆਪਕ ਯੂਨੀਅਨ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਸਿੱਧ ਨੇ ਚੰਡੀਗੜ੍ਹ ਵਿਖੇ ਆਪ ਦੇ ਮੁੱਖ ਦਫ਼ਤਰ ਵਿਖੇ ਕੀਤਾ।

    ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਵੀ ਉਸੇ ਤਰ੍ਹਾਂ ਦੇ ਜ਼ੁਲਮ ਅਧਿਆਪਕਾਂ ’ਤੇ ਹੋ ਰਹੇ ਹਨ, ਜਿਹੋ ਜਿਹੇ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੇਲੇ ਹੁੰਦੇ ਹਨ। ਬਾਦਲ ਦੇ ਮੰਤਰੀਆਂ ਵੱਲੋਂ ਔਰਤਾਂ ਅਧਿਆਪਕਾਂ ਦੀਆਂ ਪੁੱਟੀਆਂ ਗੁੱਤਾਂ ਨੂੰ ਪੰਜਾਬ ਦੇ ਲੋਕ ਭੁੱਲੇ ਨਹੀਂ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਕਾਲੀ ਸਰਕਾਰ ਵੱਲੇ ਕੀਤੇ ਵਾਅਦੇ ਅੱਜ ਵੀ ਯਾਦ ਹਨ, ਜਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਮੁਕਰ ਗਏ ਹਨ। ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏਆਈਈ, ਈਜੀਐਸ, ਐਸਟੀਆਰ ਤੇ ਕੱਚੇ ਅਧਿਆਪਕਾਂ ਨੇ ਆਪਣੀ ਜਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਤੇ ਮਹਿਜ਼ 6 ਹਜ਼ਾਰ ਤੋਂ 10 ਹਜ਼ਾਰ ਤਕ ਤਨਖਾਹਾਂ ‘ਤੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਤੇ ਮੰਤਰੀ ਲੋਕਾਂ ਜਾਂ ਅਧਿਆਪਕਾਂ ਦੀਆਂ ਮੰਗਾਂ ਲਈ ਮੁੱਖ ਮੰਤਰੀ ਕੋਲ ਨਹੀਂ ਜਾਂਦੇ, ਸਗੋਂ ਆਪਣੀਆਂ ਕੁਰਸੀਆਂ ਤੇ ਪਰਿਵਾਰਾਂ ਦੀਆਂ ਨੌਕਰੀਆਂ ਲਈ ਜਾਂਦੇ ਹਨ।ਯੂਥ ਵਿੰਗ ਪੰਜਾਬ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਨੂੰ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਉਸ ਸਮੇਂ ਦੇ ਅਖਬਾਰ ਤੇ ਅਧਿਆਪਕਾਂ ਕੋਲ ਮੁੱਖ ਮੰਤਰੀ ਦੇ ਬਿਆਨਾਂ ਦੀ ਸੀਡੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੇ ਧਰਨੇ ਵਿਚ ਆ ਕੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ ਕਿਉਂਕਿ ਇੰਨ੍ਹਾਂ ਅਧਿਆਪਕਾਂ ਦੀ ਤਨਖ਼ਾਹ ਉਨ੍ਹਾਂ ਦੇ ਆਪਣੇ ਮਾਲੀ ਦੀ ਤਨਖ਼ਾਹ ਨਾਲੋਂ ਘੱਟ ਹੈ। ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ’ਚ ਕੀਤੇ ਵਾਅਦਿਆਂ ਤੋਂ ਮੁਕਰਦਿਆਂ ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਅਤੇ ਨਾ ਹੀ ਤਨਖਾਹਾਂ ਵਿੱਚ ਵਾਧਾ ਕੀਤਾ। ਜਿਹੜੀ ਸਰਕਾਰ ਅਧਿਆਪਕਾਂ ਦਾ ਮਾਣ ਸਨਮਾਨ ਨਹੀਂ ਕਰ ਸਕਦੀ, ਉਸ ਸਰਕਾਰ ਦਾ ਪਤਨ ਹੋਣਾ ਨਿਸ਼ਚਿਤ ਹੁੰਦਾ ਹੈ। ਉਨ੍ਹਾਂ ਕੈਪਟਨ ਸਰਕਾਰ ਨੂੰ ਚੈਲੰਜ ਕੀਤਾ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿਚ ਬਣਾਏ ਗਏ ਪੰਜ ਸਮਾਰਟ ਸਕੂਲ ਹੀ ਸਰਕਾਰ ਦਿਖਾ ਦੇਵੇ।

    ਆਪ ਆਗੂਆਂ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਿਆਂ ਤੋਂ ਮੁਕਰਨ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਸੱਤਾ ਤੋਂ ਬਾਹਰ ਕਰਕੇ ਕਰਾਰਾ ਜਵਾਬ ਦੇਣਗੇ। ਇਸ ਤੋਂ ਬਾਅਦ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਮੀਤ ਹੇਅਰ ਅਤੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਸਮੇਤ ਪੂਰੀ ਟੀਮ ਨੇ ਮੋਹਾਲੀ ਵਿਖੇ ਅਧਿਆਪਕਾਂ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ

     

     

    LEAVE A REPLY

    Please enter your comment!
    Please enter your name here