ਮੋਦੀ ਸਰਕਾਰ ਦੇਸ਼ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਮ – ਸੁਨੀਲ ਜਾਖੜ

    0
    143

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਮ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨੋਟਬੰਦੀ, ਜੀਐੱਸਟੀ ਰਾਹੀਂ ਭਾਜਪਾ ਦੀ ਕੇਂਦਰ ਸਰਕਾਰ ਨੇ ਛੋਟੋ ਵਪਾਰੀ ਨੂੰ ਤਬਾਹ ਕਰ ਦਿੱਤਾ ਸੀ ਅਤੇ ਹੁਣ ਕਾਲੇ ਖੇਤੀ ਕਾਨੂੰਨਾਂ ਨਾਲ ਇਸ ਨੇ ਦੇਸ਼ ਦੇ ਪੇਟ ਪਾਲਕ ਕਿਸਾਨ ਦੀ ਬਰਬਾਦੀ ਦੀ ਇਬਾਰਤ ਲਿਖ ਦਿੱਤੀ ਹੈ।

    ਅੱਜ ਹੁਸ਼ਿਆਰਪੁਰ ਜ਼ਿਲੇ ਵਿਚ ਟਾਂਡਾ ਵਿਖੇ ਕਿਸਾਨ ਜਾਗਰੂਕਤਾ ਸਭਾ ਨੂੰ ਸੰਬੋਧਨ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਪੰਜਾਬ ਨੂੰ ਅਲਗ ਥਲਗ ਕਰਨ ਦੀ ਸਾਜਿਸ ਤਹਿਤ ਗੱਲਬਾਤ ਲਈ ਕੇਵਲ ਪੰਜਾਬ ਦੇ ਕਿਸਾਨਾਂ ਨੂੰ ਬੁਲਾਇਆ ਅਤੇ ਫਿਰ ਗੱਲਬਾਤ ਵੀ ਨਾ ਕਰਕੇ ਪੰਜਾਬ ਦਾ ਅਪਮਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਗੁਰੂਆਂ ਵੱਲੋਂ ਵਰਸੋਇਆ ਪੰਜਾਬ ਕੇਂਦਰ ਸਰਕਾਰ ਦੀ ਕਿਸੇ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦਾ ਨੁਕਸਾਨ ਕਰਨ ਦੀ ਕੇਂਦਰ ਦੀ ਸਾਜਿਸ਼ ਦਾ ਅਸਰ ਦੇਸ਼ ਦੇ ਸਮੂਚੇ ਅਰਥਚਾਰੇ ਤੇ ਪਵੇਗਾ।

    ਸਾਬਕਾ ਪ੍ਰਧਾਨ ਮੰਤਰੀ ਸ: ਮਨਮੋਹਨ ਸਿੰਘ ਨੂੰ ਯਾਦ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਦੀ ਵਿਕਾਸ ਦਰ ਵੀ ਬਰਕਰਾਰ ਰੱਖੀ ਅਤੇ ਮੁਸਕਿਲ ਦੌਰ ਵਿਚ ਵੀ ਦੇਸ਼ ਦੇ ਵਿਕਾਸ ਨੂੰ ਰੁਕਣ ਨਹੀਂ ਸੀ ਦਿੱਤਾ। ਬਲਕਿ ਮਗਨਰੇਗਾ, ਭੋਜਨ ਸੁਰੱਖਿਆ ਦਾ ਅਧਿਕਾਰ ਵਰਗੇ ਕਾਨੂੰਨ ਲਿਆ ਕੇ ਕਮਜੋਰ ਵਰਗਾਂ ਦਾ ਹੱਥ ਫੜਿਆ ਸੀ, ਜਦ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਤੇ ਲੱਗੇ ਹੋਏ ਹਨ।

    ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਰਾਹੀਂ ਮੋਦੀ ਸਰਕਾਰ ਕਿਸਾਨਾਂ ਨੂੰ ਬਹੁ ਰਾਸ਼ਟਰੀ ਕੰਪਨੀਆਂ ਦਾ ਗੁਲਾਮ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਸੁਚੇਤ ਕਰਦਿਆਂ ਕਿਹਾ ਕਿ ਜਦ ਕਿਸਾਨ ਕੋਲ ਪੈਸਾ ਆਉਂਦਾ ਹੈ ਤਾਂਹੀ ਆਰਥਿਕਤਾ ਦਾ ਪਹੀਆ ਘੁੰਮਦਾ ਹੈ। ਉਨ੍ਹਾਂ ਨੇ ਕਿਹਾ ਕਿ ਐੱਮ.ਐੱਸ.ਪੀ. ਨੂੰ ਬੰਦ ਕਰਨ ਦੀ ਕੇਂਦਰ ਸਰਕਾਰ ਦੀ ਸਾਜਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੇਤਾ ਕਰਵਾਇਆ ਕਿ ਪੰਜਾਬ ਸੁੱਤਾ ਨਹੀਂ ਹੈ ਬਲਕਿ ਇਹ ਨਾ ਕੇਵਲ ਆਪਣੀ ਬਲਕਿ ਪੂਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਲੜ ਰਿਹਾ ਹੈ।

    ਜਾਖੜ ਨੇ ਕਿਹਾ ਕਿ ਜੇਕਰ ਕਾਰਪੋਰੇਟ ਅਦਾਰੇ ਇੰਨੇ ਹੀ ਕਿਸਾਨਾਂ ਦੇ ਹਿੱਤੂ ਹਨ ਤਾਂ ਉੱਤਰ ਪ੍ਰਦੇਸ਼ ਦੀਆਂ ਖੰਡ ਮਿੱਲਾਂ ਵੱਲ ਕਿਸਾਨਾਂ ਦਾ ਖੜਾ 12000 ਕਰੋੜ ਰੁਪਈਆਂ ਪਹਿਲਾਂ ਕਿਸਾਨਾਂ ਨੂੰ ਦੁਆਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਆਪਣੀ ਜਿੱਦ ਪੁਗਾਉਣ ਲਈ ਪੰਜਾਬ ਦੀ ਆਰਥਿਕ ਘੇਰਾਬੰਦੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੀਐੱਸਟੀ ਦਾ ਹਿੱਸਾ ਰੋਕਣ ਤੋਂ ਬਾਅਦ ਹੁਣ ਦਿਹਾਤੀ ਵਿਕਾਸ ਫੰਡ ਬੰਦ ਕਰਨ ਦੀ ਗੱਲ ਕੇਂਦਰ ਸਰਕਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪਿੱਛਲੀ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਵਿਚ ਹੋਏ 31000 ਕਰੋੜ ਰੁਪਏ ਦੇ ਅਨਾਜ ਘੋਟਾਲੇ ਦੀ ਜਾਂਚ ਕਿਉਂ ਨਹੀਂ ਕਰਵਾਉਂਦੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਗਲ ਕਰਦਿਆਂ ਕਿਹਾ ਕਿ ਸਾਰੀ ਉਮਰ ਕਿਸਾਨਾਂ ਦੇ ਨਾਮ ਤੇ ਰਾਜਨੀਤੀ ਕਰਨ ਵਾਲੇ ਸ: ਸੁਖਬੀਰ ਸਿੰਘ ਬਾਦਲ ਹਾਲੇ ਵੀ ਕੇਂਦਰ ਸਰਕਾਰ ਖਿਲਾਫ ਨਹੀਂ ਬੋਲ ਰਹੇ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਉਹ ਹਾਲੇ ਵਿਚ ਪੰਜਾਬ ਵਿਚ ਭਾਜਪਾ ਦੇ ਏਂਜਟ ਵਜੋਂ ਕੰਮ ਕਰ ਰਹੇ ਹਨ।

    ਇਸ ਮੌਕੇ ਮੁੱਖ ਮੰਤਰੀ ਦੇ ਸਲਾਹਕਾਰ ਵਿਧਾਇਕ ਸ: ਸੰਗਤ ਸਿੰਘ ਗਿਲਜੀਆਂ, ਵਿਧਾਇਕ ਅਰੁਣ ਡੋਗਰਾ, ਵਿਧਾਇਕ ਇੰਦੂ ਬਾਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜੋਗਿੰਦਰ ਸਿੰਘ ਗਿਲਜੀਆਂ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਐਡਵੋਕੇਟ ਦਮਨਦੀਪ ਸਿੰਘ, ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਰਵਿੰਦਰ ਪਾਲ, ਅਵਤਾਰ ਸਿੰਘ, ਸਿਮਰਨ ਸੈਣੀ, ਰਾਕੇਸ਼ ਵੋਹਰਾ, ਸੁਖਵਿੰਦਰਜੀਤ ਸਿੰਘ ਝਾਵਰ, ਦਵਿੰਦਰਜੀਤ ਸਿੰਘ, ਲਖਵੀਰ ਸਿੰਘ, ਹਰੀ ਕ੍ਰਿਸ਼ਨ ਸੈਣੀ, ਗੁਰਸੇਵਕ ਮਾਰਸ਼ਲ, ਰਮੇਸ਼ ਕੁਮਾਰ ਮੁਕੇਰੀਆਂ, ਐਡਵੋਕੇਟ ਸਭਿਆ ਸਾਂਚੀ, ਠਾਕੁਰ ਜਗਦੇਵ ਸਿੰਘ, ਕਿਸ਼ੋਰ ਲਾਲ, ਨਰਿੰਦਰ ਟੱਪੂ, ਮਣੀ, ਜਗਦੀਸ਼ ਖਰਲ, ਕਿਸ਼ਨ ਲਾਲ ਵੈਦ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

    ਕਿਸਾਨ ਸਭਾ ਤੋਂ ਬਾਅਦ ਸੁਨੀਲ ਜਾਖੜ ਨੇ ਨਜ਼ਦੀਕੀ ਪਿੰਡ ਜਲਾਲਪੁਰ ਜਾ ਕੇ 6 ਸਾਲ ਦੀ ਬੱਚੀ ਨਾਲ ਬਲਤਕਾਰ ਕਰਕੇ ਹੱਤਿਆ ਦੀ ਖੌਫਨਾਕ ਘਟਨਾ ’ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਕੇ ਹਮਦਰਦੀ ਵੀ ਪ੍ਰਗਟ ਕੀਤੀ। ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜੀ ਹੈ।

    LEAVE A REPLY

    Please enter your comment!
    Please enter your name here