ਲੋੜਵੰਦਾਂ ਨੂੰ ਹੁਣ ਤੱਕ ਕਰੀਬ 16 ਹਜ਼ਾਰ ਫੂਡ ਪੈਕੇਟ ਮੁਹੱਈਆ ਕਰਵਾਇਆ ਗਿਆ : ਡਿਪਟੀ ਕਮਿਸ਼ਨਰ

    0
    154

    ਹੁਸ਼ਿਆਰਪੁਰ (ਸਿਮਰਨ ) ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਜ਼ਰੂਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਸਬ-ਡਵੀਜ਼ਨ ਪੱਧਰ ‘ਤੇ ਉਹ ਲਗਾਤਾਰ ਹੋਮ ਡਿਲੀਵਰੀ ਦਾ ਜਾਇਜ਼ਾ ਲੈ ਰਹੇ ਹਨ, ਉਥੇ ਲੋੜਵੰਦਾਂ ਤੱਕ ਫੂਡ ਪੈਕੇਟ ਵੀ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਮ ਤੱਕ ਕਰੀਬ 16 ਹਜ਼ਾਰ ਫੂਡ ਪੈਕੇਟ ਲੋੜਵੰਦਾਂ ਨੂੰ ਮੁਹੱਈਆ ਕਰਵਾ ਦਿੱਤਾ ਗਿਆ ਹੈ।
    ਸ੍ਰੀਮਤੀ ਅਪਨੀਤ ਰਿਆਤ ਨੇ ਮਾਨਵਤਾ ਦੀ ਸੇਵਾ ਲਈ ਅੱਗੇ ਆਈਆਂ ਵੱਖ-ਵੱਖ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਜ਼ੁਕ ਦੌਰ ਵਿੱਚ ਇਕਜੁੱਟਤਾ ਨਾਲ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਇਸ ਹਾਲਾਤ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਥੇ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ‘ਹੋਮ ਡਿਲੀਵਰੀ’ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ, ਉਥੇ ਰੇਹੜੀਆਂ ਰਾਹੀਂ ਘਰਾਂ ਵਿੱਚ ਫ਼ਲ ਅਤੇ ਸਬਜ਼ੀਆਂ ਵੀ ਪਹੁੰਚਾਈਆਂ ਜਾ ਰਹੀਆਂ ਹਨ।
    ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਜ਼ਰੂਰੀ ਵਸਤਾਂ ਅਤੇ ਦਵਾਈਆਂ ਤੋਂ ਵਾਂਝਾ ਨਾ ਰਹਿ ਸਕੇ, ਇਸ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਰੇਹੜੀ ਵਾਲੇ ਵਿਅਕਤੀਆਂ ਵਲੋਂ ਅੱਜ ਭਾਰੀ ਗਿਣਤੀ ਵਿੱਚ ਘਰ-ਘਰ ਜਾ ਕੇ ਫ਼ਲ ਅਤੇ ਸਬਜ਼ੀਆਂ ਦੀ ਸਪਲਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ‘ਹੋਮ ਡਿਲੀਵਰੀ’ ਰਾਹੀਂ ਦਵਾਈਆਂ ਵੀ ਸਬੰਧਤ ਘਰਾਂ ਤੱਕ ਪਹੁੰਚਾਈਆਂ ਗਈਆਂ ਹਨ। ਇਸ ਤੋਂ ਇਲਾਵਾ ਉਪਭੋਗਤਾਵਾਂ ਨੂੰ ਘਰੇਲੂ ਗੈਸ ਸਲੰਡਰ ਵੀ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਇਸ ਸਬੰਧੀ ਕੀਤੇ ਗਏ ਆਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

    LEAVE A REPLY

    Please enter your comment!
    Please enter your name here