ਵਧੀਕ ਸਕੱਤਰ ਭਾਰਤ ਸਰਕਾਰ ਨੇ ਜ਼ਿਲ੍ਹੇ ’ਚ ਕੋਵਿਡ ਸੰਬੰਧੀ ਸਥਿਤੀ ਦੀ ਸਮੀਖਿਆ ਕੀਤੀ

    0
    163

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਭਾਰਤ ਸਰਕਾਰ ਦੇ ਵਧੀਕ ਸਕੱਤਰ ਵੀ.ਕੇ. ਸਿੰਘ ਜ਼ਿਲ੍ਹੇ ਵਿੱਚ ਕੋਵਿਡ ਸੰਬੰਧੀ ਸਥਿਤੀ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਤੌਰ ’ਤੇ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਕੋਵਿਡ-19 ਦੇ ਹਾਲਾਤਾਂ ਦੀ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿੱਚ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਕੇਂਦਰ ਤੋਂ ਆਈ ਮਾਹਰ ਟੀਮ ਵਿੱਚ ਨੈਸ਼ਨਲ ਸੈਂਟਰ ਫਾਰ ਡਿਸਿਜ਼ ਕੰਟਰੋਲ ਐਡਵਾਈਜ਼ਰ ਡਾ. ਅਪਰਣਾ ਪਾਂਡੇ ਤੇ ਲੇਡੀ ਹਾਰਡੀ ਮੈਡੀਕਲ ਕਾਲਜ ਦਿੱਲੀ ਦੇ ਪ੍ਰੋਫੈਸਰ ਆਫ਼ ਚੈਸਟ ਡਾ. ਅਸ਼ੋਕ ਸਿੰਘ ਵੀ ਮੌਜੂਦ ਸਨ।

    ਵਧੀਕ ਸਕੱਤਰ ਨੇ ਜ਼ਿਲ੍ਹੇ ਦੇ ਕੋਵਿਡ ਸਬੰਧੀ ਹਾਲਾਤਾਂ ’ਤੇ ਚਰਚਾ ਕਰਦੇ ਹੋਏ ਇਸ ਦੇ ਫੈਲਾਅ ਨੂੰ ਰੋਕਣ ਲਈ ਕੰਟੈਕਟ ਟਰੇਸਿੰਗ, ਟੈਸਟਿੰਗ ਤੇ ਵੈਕਸੀਨੇਸ਼ਨ ਨੂੰ ਹੋਰ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਕੰਮਾਂ ’ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਮਾਸਕ ਸਹੀ ਢੰਗ ਪਹਿਨਣ, ਸਮਾਜਿਕ ਦੂਰੀ ਬਣਾਉਣ ਅਤੇ ਆਪਣੇ ਹੱਥਾਂ ਨੂੰ ਸਮੇਂ-ਸਮੇਂ ’ਤੇ ਚੰਗੀ ਤਰ੍ਰਾਂ ਸਾਫ਼ ਕਰਨ ਲਈ ਲਗਾਤਾਰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਜ਼ਿਲ੍ਹੇ ਦਾ ਸਿਹਤ ਵਿਭਾਗ ਕੋਵਿਡ ਦੀ ਇਸ ਮੁਸ਼ਕਲ ਦੌਰ ਵਿੱਚ ਬਹੁਤ ਮਿਹਨਤ ਕਰ ਰਿਹਾ ਹੈ।

    ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਇਸ ਦੌਰਾਨ ਕੋਵਿਡ ਪ੍ਰਬੰਧਾਂ ਤੇ ਮੌਜੂਦਾ ਸਥਿਤੀ ਬਾਰੇ ਸੰਖੇਪ ਜਾਣਕਾਰੀ ਵੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਇਸ ਸਮੇਂ ਲੈਵਲ ਦੋ ਦੇ 212 ਅਤੇ ਲੈਵਲ ਤਿੰਨ ਦੇ 110 ਬੈਡ ਉਪਲਬੱਧ ਹਨ। ਇਸ ਤੋਂ ਇਲਾਵਾ ਬੈਡਾਂ ਦੀ ਗਿਣਤੀ ਵਧਾਉਣ ਲਈ ਪ੍ਰਾਈਵੇਟ ਹਸਪਤਾਲਾਂ ਦਾ ਲਗਾਤਾਰ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਵਿੱਚ ਅਪਨਾਈ ਜਾ ਰਹੀ ਆਈਸੋਲੇਸ਼ਨ ਮਾਨੀਟਰਿੰਗ ਮਕੈਨੀਜਮ ’ਤੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੋਵਿਡ ਪਾਜ਼ੀਟਿਵ ਮਰੀਜ਼ ਨੂੰ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ ਕਿੱਟ ਦਿੱਤੀ ਜਾਂਦੀ ਹੈ ਜੋ ਕਿ ਮਰੀਜ਼ ਲਈ ਕਾਫ਼ੀ ਲਾਹੇਵੰਦ ਸਾਬਤ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਪਾਜ਼ੀਟਿਵ ਮਰੀਜ਼ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਫ਼ੋਨ ’ਤੇ ਲਗਾਤਾਰ ਫਾਲੋਅਪ ਲਿਆ ਜਾਂਦਾ ਹੈ।ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੈਕਸੀਨੇਸ਼ਨ ਨੂੰ ਲੈ ਕੇ ਕੰਮ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ, ਜਿਸ ਲਈ ਸਮਾਜਿਕ ਸੰਗਠਨਾਂ, ਕੌਂਸਲਰਾਂ, ਧਾਰਮਿਕ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ, ਜਿਸ ਦੇ ਸਕਰਾਤਮਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਕੋਵਿਡ-19 ਦੀ ਪਹਿਲੀ ਡੋਜ਼ ਦੀ ਜ਼ਿਲ੍ਹੇ ਵਿੱਚ 90 ਪ੍ਰਤੀਸ਼ਤ ਵੈਕਸੀਨੇਸ਼ਨ ਹੋ ਚੁੱਕੀ ਹੈ, ਜਿਸ ਵਿੱਚ ਜ਼ਿਲ੍ਹਾ ਪੁਲਿਸ ਦੀ ਭੂਮਿਕਾ ਸਭ ਤੋਂ ਬੇਹਤਰ ਰਹੀ ਹੈ। ਇਸ ਦੌਰਾਨ ਡਾ. ਅਪਰਣਾ ਪਾਂਡੇ ਤੇ ਡਾ. ਅਸ਼ੋਕ ਸਿੰਘ ਨੇ ਜ਼ਿਲ੍ਹੇ ਵਿੱਚ ਕੋਵਿਡ ਸੰਬੰਧੀ ਸਮੀਖਿਆ ਦੀ ਰਿਪੋਰਟ ਸੌਂਪਦੇ ਹੋਏ ਦੱਸਿਆ ਕਿ ਉਨ੍ਹਾਂ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦਾ ਦੌਰਾ ਕਰਕੇ ਕੋਵਿਡ ਮਰੀਜ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਨੂੰ ਬਹੁਤ ਨੇੜਿਓਂ ਦੇਖਿਆ। ਇਸ ਤੋਂ ਇਲਾਵਾ ਉਨ੍ਹਾਂ ਮਾਈਕ੍ਰੋ ਕੰਟੇਨਮੈਂਟ ਅਤੇ ਕੰਟੇਨਮੈਂਟ ਜੋਨ ਦਾ ਵੀ ਦੌਰਾ ਕੀਤਾ ਅਤੇ ਉਨ੍ਹਾਂ ਥਾਵਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਕੁਝ ਸੁਝਾਅ ਦਿੰਦੇ ਹੋਏ ਸਿਹਤ ਵਿਭਾਗ ਦੇ ਕੰਮਾਂ ’ਤੇ ਸੰਤੁਸ਼ਟੀ ਪ੍ਰਗਟਾਈ।

    ਇਸ ਮੌਕੇ ਐਸ.ਪੀ. ਰਵਿੰਦਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਐਸ.ਡੀ.ਐਮ. ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ, ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤਰਾ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਡਾ. ਸੁਨੀਲ ਅਹੀਰ, ਡਿਸਟ੍ਰਿਕਟ ਡਿਵੈਲਪਮੈਂਟ ਫੈਲੋ ਪੀਊਸ਼ ਗੋਇਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

    LEAVE A REPLY

    Please enter your comment!
    Please enter your name here