ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਕੈਪਟਨ ਨੇ ਨੌਜਵਾਨਾਂ ਨਾਲ ਧੋਖਾ ਕੀਤਾ: ਢੀਂਡਸਾ

    0
    147

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਖਤ ਸ਼ਬਦਾਂ ਵਿੱਚ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਛਿੱਕੇ ਟੰਗ ਆਪਣੇ ਚਹੇਤਿਆਂ ‘ਤੇ ਮਿਹਰਬਾਨ ਹੋਣ ਨਾਲ ਉਨ੍ਹਾਂ ਦਾ ਲੋਕ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ।

    ਇਥੇ ਜਾਰੀ ਇੱਕ ਬਿਆਨ ਵਿੱਚ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਬੇਟੇ ਨੂੰ ਪੁਲਿਸ ਇੰਸਪੈਕਟਰ ਅਤੇ ਰਾਕੇਸ਼ ਪਾਂਡੇ ਦੇ ਬੇਟੇ ਨੂੰ ਨਾਇਬ ਤਹਿਸੀਲਦਾਰ ਦੀਆਂ ਮਲਾਈਦਾਰ ਨੌਕਰੀਆਂ ਦੇ ਕੇ ਸੂਬੇ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ 2017 ਵਿੱਚ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਜਿੱਤਣ ਲਈ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਪਤਾ ਲੱਗਾ ਹੈ ਕਿ ਇਹ ਵਾਅਦਾ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਨਹੀ ਸਗੋਂ ਅਮੀਰ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਲਈ ਕੀਤਾ ਗਿਆ ਸੀ।ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਇੱਕ ਪਾਸੇ ਪੰਜਾਬ ਦੇ ਨੌਜਵਾਨ ਨੌਕਰੀਆਂ ਲੈਣ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਕੱਚੇ ਅਧਿਆਪਕ/ ਮੁਲਾਜ਼ਮ ਸਰਕਾਰ ਨੂੰ ਰੈਗੁਲਰ ਕਰਨ ਦੀ ਮੰਗ ਕਰ ਰਹੇ ਹਨ। ਪਰ ਸਰਕਾਰ ਇਨ੍ਹਾਂ ਨੌਜਵਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਡਾਂਗਾਂ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਜ਼ੁਲਮ ਢਾਹ ਰਹੀ ਹੈ।

    ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਹਾਲਾਤ ਇਹ ਬਣ ਚੁੱਕੇ ਹਨ ਕਿ ਬੇਰੁਜ਼ਗਾਰੀ ਕਾਰਨ ਨੌਜਵਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ ਅਤੇ ਦੂਜੇ ਪਾਸੇ ਕੈਪਟਨ ਸਰਕਾਰ ਇਸ ਸਭ ਦੀ ਪ੍ਰਵਾਹ ਕੀਤੇ ਬਗੈਰ ਆਪਣੇ ਅਮੀਰ ਕਾਂਗਰਸੀ ਵਿਧਾਇਕਾਂ ਦੇ ਬੱਚਿਆਂ ਨੂੰ ਨੌਕਰੀਆਂ ਦੇ ਰਹੀ ਹੈ। ਸ: ਪਰਮਿੰਦਰ ਸਿੰਘ ਢੀਂਡਸਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਦਿੱਤੀਆਂ ਗਈਆਂ ਨੌਕਰੀਆਂ ਤੁਰੰਤ ਰੱਦ ਕਰਨ ਲਈ ਕਿਹਾ ਹੈ।

    ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਕੀਤਾ ਗਿਆ ਵਾਅਦਾ ਪੂਰਾ ਕਰਨ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰ ਕੱਚੇ ਅਧਿਆਪਕਾਂ/ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵੀ ਪ੍ਰਬੰਧ ਕਰੇ।

    LEAVE A REPLY

    Please enter your comment!
    Please enter your name here