ਵਿਧਾਨ ਸਭਾ ਚੋਣਾਂ ਲਈ ਇਕ ਮਜ਼ਬੂਤ ਟੀਮ ਬਣਾ ਰਹੀ ਆਪ: ਭਗਵੰਤ ਮਾਨ

    0
    154

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਆਮ ਆਦਮੀ ਪਾਰਟੀ ਦੇ ਸੂਬਾ ਆਗੂਆਂ ਨੇ ਸੋਮਵਾਰ ਨੂੰ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਪਾਰਟੀ ਦੇ ਅਹੁਦੇਦਾਰਾਂ, ਆਗੂਆਂ ਅਤੇ ਐਮਸੀ ਚੋਣਾਂ ਦੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਬੇ ਵਿੱਚ ਹੁਣੇ ਹੀ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਤੇ ਪਾਰਟੀ ਦੀਆਂ ਅਗਲੀਆਂ ਰਣਨੀਤੀਆਂ ਉਤੇ ਚਰਚਾ ਕੀਤੀ ਗਈ। ਸੋਮਵਾਰ ਨੂੰ ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਸੂਬਾ ਆਗੂਆਂ ਨਾਲ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ, ਆਗੂਆਂ ਤੇ ਮਾਝਾ ਅਤੇ ਦੁਆਬਾ ਖੇਤਰ ਦੇ ਐਮਸੀ ਉਮੀਦਵਾਰਾਂ ਨੇ ਮੀਟਿੰਗ ਵਿੱਚ ਹਿੱਸਾ ਲਿਆ। ਮੀਟਿੰਗ ਵਿੱਚ ‘ਆਪ’ ਆਗੂਆਂ ਵੱਲੋਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੀ ਸਮੀਖਿਆ ਕੀਤੀ ਗਈ ਅਤੇ 2022 ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਅਗਲੀ ਰਣਨੀਤੀ ਉੱਤੇ ਚਰਚਾ ਕੀਤੀ।

    ਮੀਟਿੰਗ ਵਿੱਚ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਹਾਜ਼ਰ ਸਨ। ਇਸ ਮੌਕੇ ਉੱਤੇ ‘ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਕ ਮਜ਼ਬੂਤ ਟੀਮ ਬਣਾਉਣ ਦਾ ਯਤਨ ਕਰ ਰਹੀ ਹੈ। ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਲੋਕ ਆਮ ਆਦਮੀ ਪਾਰਟੀ ਨੂੰ ਇਕ ਬਦਲਾਅ ਦੇ ਰੂਪ ਵਿੱਚ ਦੇਖ ਰਹੇ ਹਨ। ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮਹੱਤਵਪੂਰਣ ਟੀਮਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀਆਂ ਦੀਆਂ ਰਣਨੀਤੀਆਂ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ।

    ਬਿਆਨ ਵਿੱਚ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਆਗੂਆਂ ਵੱਲੋਂ ਸਥਾਨਕ ਆਹੁਦੇਦਾਰਾਂ ਅਤੇ ਆਗੂਆਂ ਨਾਲ ਖੇਤਰਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੋਮਵਾਰ ਨੂੰ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਮੀਟਿੰਗ ਆਯੋਜਿਤ ਕੀਤੀ ਗਈ। ਉਥੇ ਮੰਗਲਵਾਰ ਨੂੰ ਮੋਗਾ ਅਤੇ ਸਮਰਾਲਾ ਵਿੱਚ ਪਾਰਟੀ ਅਹੁੱਦੇਦਾਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਮੀਟਿੰਗਾਂ ਦਾ ਪਹਿਲਾ ਉਦੇਸ਼ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਹੌਂਸਲਾ, ਹਿੰਮਤ ਅਤੇ ਬਹਾਦਰੀ ਨਾਲ ਪ੍ਰਦਰਸ਼ਨ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਉਤਸ਼ਾਹਤ ਕਰਨਾ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸੰਘਰਸ਼ ਕਰਨ ਵਾਸਤੇ ਪ੍ਰੇਰਿਤ ਕਰਨਾ ਹੈ।

    ਮੀਟਿੰਗ ਦੌਰਾਨ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ‘ਆਪ’ ਉਮੀਦਵਾਰਾਂ ਨੂੰ ਡਰਾਉਣ-ਧਮਕਾਉਣ ਦਾ ਮਾਮਲੇ ਦੀ ਵੀ ਚਰਚਾ ਕੀਤੀ ਤੇ ਚੋਣਾਂ ਵਿੱਚ ਡਟਕੇ ਖੜ੍ਹੇ ਰਹਿਣ ਅਤੇ ਮਜ਼ਬੂਤੀ ਨਾਲ ਕਾਂਗਰਸ ਦੇ ਗੁੰਡਿਆਂ ਦਾ ਸਾਹਮਣਾ ਕਰਨ ਲਈ ‘ਆਪ’ ਉਮੀਦਵਾਰਾਂ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ‘ਆਪ’ ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਰਹਿੰਦੇ ਹੋਏ ਪੰਜਾਬ ਦੇ ਰਿਵਾਇਤੀ ਪਾਰਟੀਆਂ ਨੇ ਲੋਕਾਂ ਲਈ ਕੁਝ ਨਹੀਂ ਕੀਤਾ ਅਤੇ ਸੂਬੇ ਦਾ ਵਿਕਾਸ ਕਰਨ ਵਿੱਚ ਫੇਲ੍ਹ ਰਹੀਆਂ। ਪੰਜਾਬ ਦੇ ਲੋਕਾਂ ਲਈ ਕੰਮ ਕਰਨ ਲਈ ਆਮ ਆਦਮੀ ਪਾਰਟੀ ਇਕ ਮਜ਼ਬੂਤ ਟੀਮ ਅਤੇ ਮਜ਼ਬੂਤ ਸੰਗਠਨ ਬਣਾਏਗੀ ਅਤੇ ਪੰਜਾਬ ਦੇ ਵਿਕਾਸ ਵਿੱਚ ਆਪਣਾ ਸਹਿਯੋਗ ਕਰੇਗੀ।

    LEAVE A REPLY

    Please enter your comment!
    Please enter your name here