ਸਕੂਲ ਖੋਲ੍ਹਣ ਲਈ ਬਹੁਤੇ ਸੂਬਿਆਂ ਨੇ ਨਹੀਂ ਭਰੀ ਹਾਮੀ !

    0
    135

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰ ਸਰਕਾਰ ਵਲੋਂ ਸਕੂਲਾਂ ਨੂੰ ਮੁੜ ਖੋਲ੍ਹਣ ਦੀ ਆਗਿਆ ਦਿੱਤੇ ਜਾਣ ਮਗਰੋਂ ਦਿੱਲੀ, ਕਰਨਾਟਕ ਅਤੇ ਛੱਤੀਸਗੜ੍ਹ ਨੇ ਇਸ ਵਿਰੁਧ ਫ਼ੈਸਲਾ ਲਿਆ ਹੈ ਜਦਕਿ ਹਰਿਆਣਾ, ਮੇਘਾਲਿਆ ਵਰਗੇ ਸੂਬਿਆਂ ਨੇ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਹੈ ਅਤੇ ਕੋਵਿਡ-19 ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸਥਿਤੀ ਵਾਚੀ ਜਾ ਰਹੀ ਹੈ।

    ਕੇਂਦਰ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਸੰਬੰਧੀ ਆਪਣੀ ਸਹਿਮਤੀ ਤਾਂ ਦੇ ਦਿੱਤੀ ਗਈ ਹੈ। ਜੇਕਰ ਸੂਬਿਆਂ ਵਲੋਂ ਸਕੂਲ ਖੋਲ੍ਹਣ ਸੰਬੰਧੀ ਫ਼ੈਸਲੇ ਦੀ ਗੱਲ ਕਰੀਏ ਤਾਂ ਦਿੱਲੀ ਸਰਕਾਰ ਨੇ 31 ਅਕਤੂਬਰ ਤੱਕ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ 19 ਅਕਤੂਬਰ ਤੋਂ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ। ਕਰਨਾਟਕਾ ਸਰਕਾਰ ਨੇ ਕਿਹਾ ਹੈ ਕਿ ਉਹ ਹਾਲਾਤ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਕੋਈ ਫ਼ੈਸਲਾ ਲਵੇਗੀ।

    ਛੱਤੀਸਗੜ੍ਹ ਤੇ ਮਹਾਂਰਾਸ਼ਟਰ ਸਰਕਾਰ ਨੇ ਮਹਾਂਮਾਰੀ ਦੇ ਫੈਲਾਅ ਦਾ ਜਾਇਜ਼ਾ ਲੈਣ ਤੋਂ ਬਾਅਦ ਜਾਂ ਦੀਵਾਲੀ ਤੋਂ ਬਾਅਦ ਹੀ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਗੁਜਰਾਤ ਨੇ ਵੀ ਇਸ ਸੰਬੰਧੀ ਦੀਵਾਲੀ ਤੋਂ ਬਾਅਦ ਕੋਈ ਫ਼ੈਸਲਾ ਲਏ ਜਾਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੁਡੂਚੇਰੀ ‘ਚ 9 ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ 8 ਅਕਤੂਬਰ ਤੋਂ ਸਕੂਲ ਖੁੱਲ੍ਹ ਚੁੱਕੇ ਹਨ।

    ਆਂਧਰਾ ਪ੍ਰਦੇਸ਼ ਸਰਕਾਰ ਨੇ 2 ਨਵੰਬਰ ਤੋਂ ਬਾਅਦ ਆਮ ਕਲਾਸਾਂ ਸ਼ੁਰੂ ਕਰਨ ਬਾਰੇ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਭਰ ‘ਚ ਸਕੂਲਾਂ ਤੇ ਯੂਨੀਵਰਸਿਟੀਆਂ ਨੂੰ ਬੰਦ ਕਰ ਦਿੱਤਾ ਗਿਆ ਸੀ। 25 ਮਾਰਚ ਨੂੰ ਕੇਂਦਰ ਸਰਕਾਰ ਨੇ ਦੇਸ਼ ਵਿਆਪੀ ਤਾਲਾਬੰਦੀ ਦਾ ਐਲਾਨ ਕੀਤਾ। ਅਨਲਾਕ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਕੰਟੇਨਮੈਂਟ ਜ਼ੋਨ ਤੋਂ ਬਾਹਰ ਸਕੂਲ, ਕਾਲਜ ਤੇ ਹੋਰ ਸਿੱਖਿਆ ਸੰਸਥਾਵਾਂ 15 ਅਕਤੂਬਰ ਤੋਂ ਦੁਬਾਰਾ ਖੋਲ੍ਹੀਆਂ ਜਾ ਸਕਦੀਆਂ ਹਨ, ਹਾਲਾਂਕਿ ਇਸ ਸੰਬੰਧੀ ਆਖ਼ਰੀ ਫ਼ੈਸਲਾ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਤੇ ਛੱਡ ਦਿੱਤਾ ਗਿਆ ਹੈ।

    LEAVE A REPLY

    Please enter your comment!
    Please enter your name here