ਜ਼ਿਲ੍ਹਾ ਵਾਸੀ ਅਫਵਾਹਾਂ ‘ਤੇ ਯਕੀਨ ਨਾ ਕਰਨ : ਡਿਪਟੀ ਕਮਿਸ਼ਨਰ

    0
    143

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਵਾਸੀ ਅਫਵਾਹਾਂ ‘ਤੇ ਯਕੀਨ ਨਾ ਕਰਨ, ਕਿਉਂਕਿ ਕੋਰੋਨਾ ਵਾਇਰਸ ਨਾਲ ਸਬੰਧਤ ਜ਼ਿਲ੍ਹੇ ਵਿੱਚ ਕੋਈ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਕੇਵਲ ਸਿਹਤ ਵਿਭਾਗ ਵਲੋਂ ਦਿੱਤੀ ਜਾਣ ਵਾਲੀ ਜਾਣਕਾਰੀ ‘ਤੇ ਹੀ ਯਕੀਨ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਅਹਿਤਿਆਤ ਵਜੋਂ ਸਿਹਤ ਵਿਭਾਗ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਤਾਂ ਜੋ ਕਿਸੇ ਵੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਜਿੱਥੇ 50 ਘਰਾਂ ਪਿੱਛੇ ਇਕ ਮੈਡੀਕਲ ਟੀਮ ਤਾਇਨਾਤ ਕੀਤੀ ਗਈ ਹੈ, ਉੱਥੇ ਘਰ-ਘਰ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਮਾਸਕ ਅਤੇ ਸੈਨੀਟਾਈਜ਼ਰ ਸਬੰਧੀ ਮੈਡੀਕਲ ਸਟੋਰਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ, ਤਾਂ ਜੋ ਇਸ ਸਬੰਧੀ ਕਾਲਾ ਬਜ਼ਾਰੀ ਨਾ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਸਿਵਲ ਹਸਪਤਾਲ ਅਤੇ 3 ਸਬ-ਡਵੀਜ਼ਨਲ ਹਸਪਤਾਲਾਂ ਸਮੇਤ ਜ਼ਿਲ੍ਹੇ ਦੇ 15 ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨੂੰ ਟ੍ਰੇਨਿੰਗ ਵੀ ਦਿੱਤੀ ਜਾ ਚੁੱਕੀ ਹੈ।

    ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜਿੱਥੇ 20 ਮਾਰਚ ਦੀ ਅੱਧੀ ਰਾਤ ਤੋਂ ਬੱਸ ਅਤੇ ਆਟੋ ਸੇਵਾਵਾਂ ਬੰਦ ਹੋ ਜਾਣਗੀਆਂ, ਉੱਥੇ 20 ਵਿਅਕਤੀਆਂ ਤੋਂ ਵੱਧ ਦਾ ਇਕੱਠ ਵੀ ਨਹੀਂ ਹੋਵੇਗਾ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਅਹਿਤਿਆਤ ਵਰਤਦਿਆਂ ਜਿੱਥੇ ਹਫਤਾਵਰੀ ਲੱਗਣ ਵਾਲੀ ਸੇਫ ਫੂਡ ਮੰਡੀ ਅਤੇ ਹਰ ਐਤਵਾਰ ਲੱਗਣ ਵਾਲਾ ਬਾਜ਼ਾਰ (ਨੇੜੇ ਘੰਟਾ ਘਰ) ਬੰਦ ਰਹੇਗਾ, ਉੱਥੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਚਲਾਈ ਜਾ ਰਹੀ ਸਾਂਝੀ ਰਸੋਈ ਵੀ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀ ਗਈ ਹੈ।

    ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਹੱਥਾਂ ਨੂੰ ਸਾਫ ਰੱਖੋ, ਹੱਥ ਸਮੇਂ-ਸਮੇਂ ‘ਤੇ ਸਾਬਣ ਤੇ ਪਾਣੀ ਨਾਲ ਘੱਟੋ-ਘੱਟ 20 ਸੈਕਿੰਡ ਤੱਕ ਸਾਫ ਕਰਦੇ ਰਹੋ ਜਾਂ ਐਲਕੋਹਲ ਬੇਸਡ ਸੈਨੀਟਾਈਜ਼ਰ ਦੀ ਵਰਤੋਂ ਕਰੋ, ਖਾਂਸੀ ਜਾਂ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਨਾਲ ਮੂੰਹ ਢੱਕ ਕੇ ਰੱਖੋ ਅਤੇ ਜੇਕਰ ਰੁਮਾਲ ਨਹੀਂ ਹੈ ਤਾਂ ਆਪਣੀ ਕੂਹਣੀ ਨੂੰ ਇਕੱਠਾ ਕਰਕੇ ਮੂੰਹ ਢੱਕੋ, ਉਪਰੰਤ ਸਾਬਣ ਨਾਲ ਚੰਗੀ ਤਰ੍ਹਾਂ ਹੱਥਾਂ ਨੂੰ ਧੋਵੋ, ਭੀੜ ਵਾਲੀ ਜਗ੍ਹਾ ‘ਤੇ ਨਾ ਜਾਓ। ਇਸ ਤੋਂ ਇਲਾਵਾ ਆਪਣੀਆਂ ਅੱਖਾਂ, ਮੂੰਹ ਅਤੇ ਨੱਕ ਨੂੰ ਨਾ ਛੂਹੋ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਿਛਲੇ 14 ਦਿਨਾਂ ਵਿੱਚ ਕੋਵਿਡ-19 ਨਾਲ ਪ੍ਰਭਾਵਿਤ ਖੇਤਰ ਜਾਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਹ ਭੀੜ-ਭੜੱਕੇ ਵਾਲੀ ਜਗ੍ਹਾ ਵਿੱਚ ਨਾ ਜਾਵੇ ਅਤੇ ਉਹ ਆਪਣੇ ਆਪ ਨੂੰ 14 ਦਿਨਾਂ ਤੱਕ ਘਰ ਵਿੱਚ ਵੱਖਰਾ ਰੱਖੇ।

    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ਼ ਆਦਿ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕੋਈ ਸ਼ੱਕੀ ਮਰੀਜ਼ ਸਾਹਮਣੇ ਆਉਂਦਾ ਹੈ, ਤਾਂ ਤੁਰੰਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰਾਂ 94659-45501 ਅਤੇ 78378-13713 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ 24 ਘੰਟੇ ਲਈ ਸਟੇਟ ਲੈਵਲ ‘ਤੇ ਵੀ ਕੰਟਰੋਲ ਰੂਮ (8872090029, 1722920074) ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਵਾਂ ਲਈ ਟੋਲ ਫਰੀ ਨੰਬਰ 104 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

    LEAVE A REPLY

    Please enter your comment!
    Please enter your name here