ਜ਼ਿਲ੍ਹੇ ‘ਚ 18 ਤੋਂ ਸ਼ੁਰੂ ਹੋਵੇਗੀ ਕਣਕ ਦੀ ਖ਼ਰੀਦ, ਪ੍ਰਬੰਧ ਮੁਕੰਮਲ : ਡੀ.ਸੀ.

    0
    161

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ 18 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਵੇਗੀ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਉਚ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਐੱਸ.ਐੱਸ.ਪੀ. ਗੌਰਵ ਗਰਗ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

    ਡਿਪਟੀ ਕਮਿਸ਼ਨਰ ਨੇ ਕਿਹਾ ਕਿ 18 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਖ਼ਰੀਦ ਲਈ ਕਿਸਾਨਾਂ ਨੂੰ ਕੂਪਨ ਅਤੇ ਪਾਸ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਕੰਟਰੋਲ ਰੂਮ ਵੀ ਸਥਾਪਿਤ ਕਰ ਦਿੱਤਾ ਗਿਆ ਹੈ, ਜੋ ਪੂਰਾ ਹਫ਼ਤਾ 24 ਘੰਟੇ ਖੁਲ੍ਹਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਕੰਟਰੋਲ ਰੂਮ ਦੇ ਨੰਬਰ 01882-222663 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਐੱਸ.ਡੀ.ਐਮਜ਼ ਨੂੰ ਆਪਣੇ ਅਧੀਨ ਪੈਂਦੀਆਂ ਮੰਡੀਆਂ ਦੀ ਚੈਕਿੰਗ ਕਰਨ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਸੁਚਾਰੂ ਖ਼ਰੀਦ ਪ੍ਰਬੰਧਾਂ ਤੋਂ ਇਲਾਵਾ ਕੋਵਿਡ-19 ਸੰਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਪਾਸ ਬਣਾਉਣ ਦੀ ਪ੍ਰਕ੍ਰਿਆ ਤੁਰੰਤ ਸ਼ੁਰੂ ਕਰ ਦਿੱਤੀ ਜਾਵੇ। ਇਸ ਤੋਂ ਇਲਾਵਾ ਕੋਵਿਡ-19 ਦੇ ਮੱਦੇਨਜ਼ਰ ਮੰਡੀਆਂ ਵਿੱਚ ਜਾਗਰੂਕਤਾ ਬੈਨਰ ਅਤੇ ਅਨਾਊਂਸਮੈਂਟ ਕਰਨੀ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨ ਅਤੇ ਮਜ਼ਦੂਰ ਹਦਾਇਤਾਂ ਦੀ ਪਾਲਣਾ ਕਰਕੇ ਮੰਡੀਆਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤ ਸਕਣ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਮਾਸਕ ਅਤੇ ਸੈਨੇਟਾਈਜਰ ਤੋਂ ਇਲਾਵਾ ਰੋਗਾਣੂ ਮੁਕਤ ਸਪਰੇਅ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਇਹ ਸਪਰੇਅ ਇਕ ਦਿਨ ਵਿੱਚ ਦੋ ਵਾਰ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਜਿੱਥੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਿਹਤ ਜਾਂਚ ਯਕੀਨੀ ਬਣਾਈ ਜਾਵੇਗੀ, ਉੱਥੇ ਜ਼ਿਲ੍ਹਾ ਪੁਲਿਸ ਅਤੇ ਵਲੰਟੀਅਰਾਂ ਵਲੋਂ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਕਰਫ਼ਿਊ ਸੰਬੰਧੀ ਜਾਰੀ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।

    ਅਪਨੀਤ ਰਿਆਤ ਨੇ ਕਿਹਾ ਕਿ ਸੁਚਾਰੂ ਖ਼ਰੀਦ ਪ੍ਰਬੰਧਾਂ ਲਈ ਜ਼ਿਲ੍ਹੇ ਵਿੱਚ ਇਸ ਵਾਰ 84 ਖ਼ਰੀਦ ਕੇਂਦਰ ਬਣਾਏ ਗਏ ਹਨ ਅਤੇ ਸਾਰੇ ਖ਼ਰੀਦ ਕੇਂਦਰਾਂ ਵਿੱਚ ਸਫ਼ਾਈ, ਲਾਈਟ ਅਤੇ ਆਰਜੀ ਟੁਆਇਲਟ ਤੋਂ ਇਲਾਵਾ ਮਾਰਕਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੂਪਨ ਸਿਸਟਮ ਰਾਹੀਂ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਇਕ ਟਰਾਲੀ ਪਿੱਛੇ ਇਕ ਪਾਸ ਜ਼ਰੂਰੀ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਅਨੁਸਾਰ ਹੀ ਕੂਪਨ ਅਤੇ ਪਾਸ ਮੁਹੱਈਆ ਕਰਵਾਏ ਜਾਣਗੇ, ਇਸ ਲਈ ਕਿਸਾਨਾਂ ਵਲੋਂ ਆਪਣੀ ਪੈਦਾਵਾਰ ਅਨੁਸਾਰ ਇਕ ਤੋਂ ਵੱਧ ਕੂਪਨ ਅਤੇ ਪਾਸ ਵੀ ਬਣਵਾਏ ਜਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇਕ ਟਰਾਲੀ ਨਾਲ ਕੇਵਲ ਇਕ ਹੀ ਵਿਅਕਤੀ ਨਾਲ ਜਾ ਸਕੇਗਾ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜਿਥੇ ਦੂਜੇ ਰਾਜਾਂ ਤੋਂ ਆ ਰਹੀ ਲੇਬਰ ਦੀ ਨਾਕਿਆਂ ‘ਤੇ ਹੀ ਸਿਹਤ ਜਾਂਚ ਕੀਤੀ ਜਾ ਰਹੀ ਹੈ, ਉੱਥੇ ਮੰਡੀਆਂ ਵਿੱਚ ਵੀ ਸਿਹਤ ਟੀਮਾਂ ਚੈਕਿੰਗ ਲਈ ਤਾਇਨਾਤ ਰਹਿਣਗੀਆਂ। ਉਨ੍ਹਾਂ ਨੇ ਕਿਹਾ ਕਿ ਬਿਨਾਂ ਚੈਕਅੱਪ ਤੋਂ ਲੇਬਰ ਨੂੰ ਜ਼ਿਲ੍ਹੇ ਵਿੱਚ ਆਉਣ ਦੀ ਆਗਿਆ ਨਹੀਂ ਹੋਵੇਗੀ।

    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐੱਸ.ਪੀ. ਧਰਮਵੀਰ ਸਿੰਘ, ਐੱਸ.ਪੀ. ਮਨਜੀਤ ਕੌਰ, ਸਕੱਤਰ ਰਿਜੀਨਲ ਟਰਾਂਸਪੋਰਟ ਅਥਾਰਟੀ ਕਰਨ ਸਿੰਘ, ਡੀ.ਐੱਸ.ਪੀ. ਦਲਜੀਤ ਸਿੰਘ ਖੱਖ, ਜ਼ਿਲ੍ਹਾ ਮੰਡੀ ਅਫ਼ਸਰ ਤਜਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ ਖ਼ੁਰਾਕ ਤੇ ਸਿਵਲ ਸਪਲਾਈਜ਼ ਰਜਨੀਸ਼ ਕੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

    LEAVE A REPLY

    Please enter your comment!
    Please enter your name here