Select Page

ਈ-ਰਿਕਸ਼ਾ ਸਬੰਧੀ ਕੀਤੀ ਜਾ ਰਹੀ ਕਾਰਵਾਈ ਹੋਰ ਤੇਜ਼ ਕੀਤੀ ਜਾਵੇ : ਡਿਪਟੀ ਕਮਿਸ਼ਨਰ

ਈ-ਰਿਕਸ਼ਾ ਸਬੰਧੀ ਕੀਤੀ ਜਾ ਰਹੀ ਕਾਰਵਾਈ ਹੋਰ ਤੇਜ਼ ਕੀਤੀ ਜਾਵੇ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਵਿਭਾਗਾਂ ਵਲੋਂ ਈ-ਰਿਕਸ਼ਾ ਸਬੰਧੀ ਕੀਤੇ ਜਾ ਰਹੇ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਇਸ ਸਬੰਧੀ ਕੀਤੀ ਜਾ ਰਹੀ ਕਾਰਵਾਈ ਹੋਰ ਤੇਜ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਅਤੇ ਦਿਵਆਂਗ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਈ-ਰਿਕਸ਼ਾ ਮੁਹੱਈਆ ਕਰਵਾਏ ਜਾਣੇ ਹਨ, ਜਿਸ ਲਈ ਜ਼ਰੂਰਤਮੰਦ ਮਹਿਲਾਵਾਂ ਨੂੰ ਮੁਫ਼ਤ ਟਰੇਨਿੰਗ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਬੈਚ ਵਿੱਚ 29 ਮਹਿਲਾਵਾਂ ਨੂੰ 16 ਦਿਨ ਦੀ ਈ-ਰਿਕਸ਼ਾ ਚਲਾਉਣ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਸਿਖਿਆਰਥਣਾਂ ਨੂੰ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਲਰਨਿੰਗ ਲਾਇਸੈਂਸ ਵੀ ਸੌਂਪ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਦੂਸਰੇ ਬੈਚ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ।

ਅਪਨੀਤ ਰਿਆਤ ਨੇ ਕਿਹਾ ਕਿ ਫਾਇਰ ਬ੍ਰਿਗੇਡ ਨੇੜੇ ਜਿਥੇ ਚਾਰਜਿੰਗ ਪੁਆਇੰਟ ਬਣਾਇਆ ਜਾ ਰਿਹਾ ਹੈ, ਉਥੇ ਬੱਸ ਅੱਡੇ ਨੇੜੇ ਈ-ਰਿਕਸ਼ਾ ਸਟੈਂਡ ਵੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਨ੍ਹਾਂ ਦੋਹਾਂ ਕੰਮਾਂ ਨੂੰ ਜਲਦੀ ਨੇਪਰੇ ਚਾੜਨ ਲਈ ਐਕਸੀਅਨ ਪੰਚਾਇਤੀ ਰਾਜ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲਾਭਪਾਤਰੀ ਜੇਕਰ ਚਾਹੁਣ ਤਾਂ ਉਕਤ ਚਾਰਜਿੰਗ ਪੁਆਇੰਟ ‘ਤੇ ਆਪਣੇ ਈ-ਰਿਕਸ਼ਾ ਚਾਰਜ ਕਰ ਸਕਣਗੇ। ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਮੁਫ਼ਤ ਜੈਕਟਾਂ ਵੀ ਪ੍ਰਦਾਨ ਕੀਤੀਆਂ ਜਾਣੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਆਪਣੇ ਪੈਰਾਂ ਸਿਰ ਖੜ੍ਹੀਆਂ ਹੋ ਸਕਣ। ਉਨ੍ਹਾਂ ਕਿਹਾ ਕਿ ਇਹ ਈ-ਰਿਕਸ਼ਾ ਮਹਿਲਾਵਾਂ ਹੀ ਚਲਾ ਸਕਣਗੀਆਂ ਅਤੇ ਲਾਭਪਾਤਰੀਆਂ ਦੀ ਸਹੂਲਤ ਲਈ ਸਕੂਲਾਂ-ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ, ਤਾਂ ਜੋ ਇਹ ਈ-ਰਿਕਸ਼ਾ ਸਕੂਲਾਂ-ਕਾਲਜਾਂ ਵਿੱਚ ਵੀ ਲਗਾਏ ਜਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਜ਼ਿਲ੍ਹਾ ਰੋਜ਼ਗਾਰ ਅਤੇ ਉਤਪਤੀ ਜਨਰੇਸ਼ਨ ਅਫ਼ਸਰ ਕਰਮ ਚੰਦ, ਜ਼ਿਲ੍ਹਾ ਮੰਡੀ ਅਫ਼ਸਰ ਤਜਿੰਦਰ ਸਿੰਘ, ਸਕੱਤਰ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

About The Author

Leave a reply

Your email address will not be published. Required fields are marked *