Select Page

ਜਾਗਰੂਕਤਾ ਫੈਲਾਉਣ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਰਵਾਈ ਜਾ ਰਹੀ ਹੈ ਮੌਕ ਡਰਿੱਲ : ਡਿਪਟੀ ਕਮਿਸ਼ਨਰ

ਜਾਗਰੂਕਤਾ ਫੈਲਾਉਣ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਰਵਾਈ ਜਾ ਰਹੀ ਹੈ ਮੌਕ ਡਰਿੱਲ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ 18 ਮਾਰਚ ਨੂੰ ਸ਼ਾਲੀਮਾਰ ਨਗਰ ਹੁਸ਼ਿਆਰਪੁਰ ਵਿਖੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਮੌਕ ਡਰਿੱਲ ਕਰਵਾਈ ਜਾ ਰਹੀ ਹੈ, ਤਾਂ ਜੋ ਜਿੱਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਸਕੇ, ਉਥੇ ਜਾਗਰੂਕਤਾ ਵੀ ਫੈਲਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿੰਡ ਮੂਨਕ ਕਲਾਂ ਅਤੇ ਪਿੰਡ ਮੂਨਕ ਖੁਰਦ ਵਿਖੇ ਸਫਲਤਾਪੂਰਵਕ ਮੌਕ ਡਰਿੱਲ ਕਰਵਾਈ ਜਾ ਚੁੱਕੀ ਹੈ ਅਤੇ ਹੁਣ ਦੂਜੇ ਪੜਾਅ ਤਹਿਤ ਅਰਬਨ ਏਰੀਆ ਵਿੱਚ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਡਰਿੱਲ ਦਾ ਉਦੇਸ਼ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ, ਵਿਭਾਗਾਂ ਦਾ ਆਪਸੀ ਤਾਲਮੇਲ ਅਤੇ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦਾ ਕੋਈ ਮਰੀਜ਼ ਸਾਹਮਣੇ ਨਹੀਂ ਆਇਆ, ਪਰ ਫਿਰ ਵੀ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਤਾਂ ਜੋ ਸਮਾਂ ਰਹਿੰਦੇ ਅਣਸੁਖਾਵੇਂ ਹਾਲਾਤ ਨਾਲ ਨਜਿੱਠਿਆ ਜਾ ਸਕੇ।

ਅਪਨੀਤ ਰਿਆਤ ਨੇ ਦੱਸਿਆ ਕਿ ਮੌਕ ਡਰਿੱਲ ਦੌਰਾਨ ਸਿਹਤ ਵਿਭਾਗ, ਜ਼ਿਲ੍ਹਾ ਪੁਲਿਸ, ਫੂਡ ਤੇ ਸਿਵਲ ਸਪਲਾਈਜ਼ ਅਤੇ ਨਗਰ ਨਿਗਮ ਆਦਿ ਵਿਭਾਗਾਂ ਵਲੋਂ ਉਹੀ ਕਾਰਵਾਈ ਕੀਤੀ ਜਾਵੇਗੀ, ਜੋ ਕੋਰੋਨਾ ਵਾਇਰਸ ਦਾ ਮਰੀਜ਼ ਸਾਹਮਣੇ ਆਉਣ ‘ਤੇ ਕੀਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਹੀ ਬਚਾਅ ਹੈ, ਇਸ ਲਈ ਹਰੇਕ ਵਿਅਕਤੀ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਆਦਿ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸ਼ੱਕੀ ਮਰੀਜ਼ ਸਾਹਮਣੇ ਆਉਂਦਾ ਹੈ, ਤਾਂ ਤੁਰੰਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰਾਂ 94659-45501 ਅਤੇ 78378-13713 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 24 ਘੰਟੇ ਲਈ ਸਟੇਟ ਲੈਵਲ ‘ਤੇ ਵੀ ਕੰਟਰੋਲ ਰੂਮ (8872090029, 1722920074) ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਵਾਂ ਲਈ ਟੋਲ ਫਰੀ ਨੰਬਰ 104 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਹੱਥਾਂ ਨੂੰ ਸਾਫ ਰੱਖੋ, ਹੱਥ ਸਮੇਂ-ਸਮੇਂ ‘ਤੇ ਸਾਬਣ ਤੇ ਪਾਣੀ ਨਾਲ ਘੱਟੋ-ਘੱਟ 20 ਸੈਕਿੰਡ ਤੱਕ ਸਾਫ ਕਰਦੇ ਰਹੋ ਜਾਂ ਐਲਕੋਹਲ ਬੇਸਡ ਸੈਨੀਟਾਈਜ਼ਰ ਦੀ ਵਰਤੋਂ ਕਰੋ, ਖਾਂਸੀ ਜਾਂ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਨਾਲ ਮੂੰਹ ਢੱਕ ਕੇ ਰੱਖੋ ਅਤੇ ਜੇਕਰ ਰੁਮਾਲ ਨਹੀਂ ਹੈ ਤਾਂ ਆਪਣੀ ਕੂਹਣੀ ਨੂੰ ਇਕੱਠਾ ਕਰਕੇ ਮੂੰਹ ਢੱਕੋ, ਉਪਰੰਤ ਸਾਬਣ ਨਾਲ ਚੰਗੀ ਤਰ੍ਹਾਂ ਹੱਥਾਂ ਨੂੰ ਧੋਵੋ, ਭੀੜ ਵਾਲੀ ਜਗ੍ਹਾ ‘ਤੇ ਨਾ ਜਾਓ। ਇਸ ਤੋਂ ਇਲਾਵਾ ਆਪਣੀਆਂ ਅੱਖਾਂ, ਮੂੰਹ ਅਤੇ ਨੱਕ ਨੂੰ ਨਾ ਛੂਹੋ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਿਛਲੇ 14 ਦਿਨਾਂ ਵਿੱਚ ਕੋਵਿਡ-19 ਨਾਲ ਪ੍ਰਭਾਵਿਤ ਖੇਤਰ ਜਾਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਹ ਭੀੜ-ਭੜੱਕੇ ਵਾਲੀ ਜਗ੍ਹਾ ਵਿੱਚ ਨਾ ਜਾਵੇ ਅਤੇ ਉਹ ਆਪਣੇ ਆਪ ਨੂੰ 14 ਦਿਨਾਂ ਤੱਕ ਘਰ ਵਿੱਚ ਵੱਖਰਾ ਰੱਖੇ।

About The Author

Leave a reply

Your email address will not be published. Required fields are marked *