2024 ਦੀਆਂ ਚੋਣਾਂ ‘ਚ ਭਾਜਪਾ ਦੇ ਟਾਕਰੇ ਲਈ ਸਾਰੀਆਂ ਖੇਤਰੀ ਪਾਰਟੀਆਂ ਕੌਮੀ ਮੋਰਚਾ ਬਣਾਉਣ: ਸੁਖਬੀਰ ਬਾਦਲ

    0
    134

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਟੱਕਰ ਦੇਣ ਲਈ ਖੇਤਰੀ ਪਾਰਟੀਆਂ ਨੂੰ ਇਕ ਮੰਚ ‘ਤੇ ਆਉਣਾ ਚਾਹੀਦਾ ਹੈ ਅਤੇ ਰਾਸ਼ਟਰੀ ਮੋਰਚਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਭਾਜਪਾ ਨਾਲ ਕਹਾਣੀ ਖ਼ਤਮ ਹੋ ਗਈ ਹੈ। ਇਸ ਗੱਲ ਉਤੇ ਜ਼ੋਰ ਦਿੰਦਿਆਂ ਕਿ ਕਿਸਾਨਾਂ ਦੇ ਮੁੱਦੇ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਦਾ ਮੂਲ ਹਨ, ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ‘ਤੇ ਕਦੇ ਸਮਝੌਤਾ ਨਹੀਂ ਕਰੇਗੀ ਅਤੇ ਇਸੇ ਲਈ 3 ਵਿਵਾਦਿਤ ਖੇਤੀ ਕਾਨੂੰਨਾਂ ‘ਤੇ ਭਾਜਪਾ ਨਾਲ ਦਹਾਕਿਆਂ ਪੁਰਾਣਾ ਗੱਠਜੋੜ ਤੋੜ ਦਿੱਤਾ ਅਤੇ ਕੇਂਦਰ ਦੀ ਸਰਕਾਰ ਤੋਂ ਬਾਹਰ ਆ ਗਏ।

    ਸੁਖਬੀਰ ਸਿੰਘ ਬਾਦਲ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਉਨ੍ਹਾਂ ਦੇ ਮੁੱਦੇ ਸਾਡੀ ਵਿਚਾਰਧਾਰਾ ਦੇ ਮੂਲ ‘ਚ ਹਨ। ਉਨ੍ਹਾਂ ਨੇ ਕਿਹਾ ਕਿ ਕੁੱਝ ਵੀ ਹੋਵੇ, ਸਾਨੂੰ ਕੋਈ ਵੀ ਕੀਮਤ ਚੁਕਾਉਣੀ ਪਵੇ, ਅਸੀਂ ਪੰਜਾਬ ‘ਚ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦਿਆਂਗੇ। ਸ਼ੋ੍ਮਣੀ ਅਕਾਲੀ ਦਲ ਦੇ ਮਾਇਆਵਤੀ ਦੀ ਅਗਵਾਈ ਵਾਲੀ ਬਹੁਜਨ ਸਮਾਜ ਪਾਰਟੀ ਨਾਲ ਨਵੇਂ ਗੱਠਜੋੜ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਦੋਵੇਂ ਪਾਰਟੀਆਂ ‘ਚ ਗੱਠਜੋੜ ਸਥਾਈ ਹੈ ਅਤੇ ਭਾਜਪਾ ਨਾਲ ਅਕਾਲੀ ਦਲ ਦੀ ਕਹਾਣੀ ਖ਼ਤਮ ਹੋ ਗਈ ਹੈ।ਪਾਰਟੀ ਦੀ ਭਵਿੱਖ ਦੀ ਰਣਨੀਤੀ ਬਾਰੇ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਖ-ਵੱਖ ਖੇਤਰੀ ਪਾਰਟੀਆਂ ਨਾਲ ਗੱਲ ਕਰ ਰਿਹਾ ਹੈ ਤਾਂ ਜੋ ਉਹ ਸਾਰੀਆਂ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਇਕ ਮੰਚ ‘ਤੇ ਇਕੱਠੀਆਂ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਖੇਤਰੀ ਪਾਰਟੀਆਂ ਦੇ ਇਕੱਠਿਆਂ ਹੋਣ ਦੀ ਜ਼ਰੂਰਤ ਹੈ। ਖੇਤਰੀ ਪਾਰਟੀਆਂ ਜ਼ਮੀਨ ਨਾਲ ਜ਼ਿਆਦਾ ਜੁੜੀਆਂ ਹੋਈਆਂ ਹਨ ਅਤੇ ਲੋਕਾਂ ਦੀ ਬਿਹਤਰ ਸਮਝ ਰੱਖਦੀਆਂ ਹਨ।

    ਉਨ੍ਹਾਂ ਨੇ ਕਿਹਾ ਕਿ ਖੇਤਰੀ ਪਾਰਟੀਆਂ ਨੂੰ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਇਕੱਠੀਆਂ ਹੋ ਕੇ ਇਕ ਮੋਰਚਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ 2024 ਤੋਂ ਪਹਿਲਾਂ ਇਹ ਮੋਰਚਾ ਇਕ ਮਜ਼ਬੂਤ ਤਾਕਤ ਵਜੋਂ ਉੱਭਰੇਗਾ। ਸੁਖਬੀਰ ਨੇ ਅੱਗੇ ਕਿਹਾ ਕਿ ਇਹ ਤੀਜੇ ਮੋਰਚੇ ਦੀ ਬਜਾਏ ਦੂਜਾ ਮੋਰਚਾ ਹੋਵੇਗਾ ਕਿਉਂਕਿ ਪ੍ਰਮੁੱਖ ਵਿਰੋਧੀ ਧਿਰ ਕਾਂਗਰਸ ਹੁਣ ਸਰਬ ਭਾਰਤੀ ਪਾਰਟੀ ਨਹੀਂ ਰਹੀ।

    ਉਨ੍ਹਾਂ ਨੇ ਕਿਹਾ ਕਿ ਭਾਜਪਾ ਨਵੇਂ ਫ਼ਰੰਟ ਦਾ ਮੁੱਖ ਨਿਸ਼ਾਨਾ ਹੋਵੇਗੀ। ਸੁਖਬੀਰ ਨੇ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ‘ਚ ਖੇਤੀ ਕਾਨੂੰਨ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਮੁੱਦਾ ਹੋਣਗੇ ਤੇ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਉਹ ਕਾਨੂੰਨਾਂ ਦੇ ਵਿਰੋਧ ‘ਚ ਜਾਰੀ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਸਾਰੇ ਕਿਸਾਨਾਂ ਦੇ ਪਰਿਵਾਰ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇਗੀ ਤੇ ਮਰਨ ਵਾਲੇ ਕਿਸਾਨਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਏਗੀ।

    LEAVE A REPLY

    Please enter your comment!
    Please enter your name here