ਨਿਊਜ਼ ਡੈਸਕ (ਜਨਗਾਥਾ ਟਾਈਮਜ਼) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਠੇਕੇ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਇਕ ਵਿਸ਼ੇਸ਼ ਕਾਨੂੰਨ ਲਿਆਉਣ ਤੋਂ ਇਲਾਵਾ ਅਧਿਆਪਕਾਂ ਅਤੇ ਸੂਬਾਈ ਸਰਕਾਰ ਦੇ ਹੋਰ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੋਰ ਕਦਮ ਚੁੱਕਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਉਹ ਭਲੀ ਭਾਂਤ ਜਾਣੂ ਹਨ ਅਤੇ ਇਨ੍ਹਾਂ ਦੇ ਹੱਲ ਲਈ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਵਿਧਾਨ ਸਭਾ ’ਚ ਆਪਣੀ ਤਕਰੀਰ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵਸੀਲਿਆਂ ਦੀ ਘਾਟ ਕਾਰਨ ਕੁਝ ਮੰਗਾਂ ਨੂੰ ਪੂਰਾ ਕਰਨ ’ਚ ਦੇਰੀ ਹੋ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕਈ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਨੂੰ ਵਾਪਸ ਲੈਣਾ ਪਿਆ ਸੀ ਕਿਉਂਕਿ ਹਾਈ ਕੋਰਟ ਨੇ ਉਸ ਨੂੰ ਰੱਦ ਕਰਨ ਦੀ ਚਿਤਾਵਨੀ ਦਿੱਤੀ ਸੀ, ਜਿਵੇਂ ਕਿ ਉਸ ਨੇ ਹਰਿਆਣਾ ਦੇ ਮਾਮਲੇ ’ਚ ਕੀਤਾ ਸੀ। ਉਨ੍ਹਾਂ ਨੇ ਠੇਕੇ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਕਾਨੂੰਨ ਦੇ ਫੈਸਲੇ ਦਾ ਐਲਾਨ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਮੁਲਾਜ਼ਮਾਂ ਨੂੰ 6 ਫੀਸਦੀ ਮਹਿੰਗਾਈ ਭੱਤਾ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸਾਰੇ ਸਰਕਾਰੀ ਵੋਕੇਸ਼ਨਲ/ਪ੍ਰੋਫੈਸ਼ਨਲ ਕਾਲਜਾਂ ਵਿੱਚ ਸਰਕਾਰੀ ਮੁਲਾਜ਼ਮਾਂ (ਗਰੁੱਪ ਸੀ ਅਤੇ ਡੀ) ਦੇ ਬੱਚਿਆਂ ਲਈ ਦੋ ਫੀਸਦੀ ਸੀਟਾਂ ਰਾਖਵੀਂਆਂ ਰੱਖੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਐਂਪਲਾਇਜ਼ ਕੋਆਪਰੇਟਿਵ ਗਰੁੱਪ ਹਾਊਸਿੰਗ ਸੁਸਾਇਟੀਜ਼ ਲਈ ਡਿਵੈਲਪਮੈਂਟ ਅਥਾਰਟੀਜ਼, ਇੰਪਰੂਵਮੈਂਟ ਟਰੱਸਟਜ਼ ਅਤੇ ਮਿਊਂਸਪਲ ਕੌਂਸਲਜ਼ ਨੂੰ ਜ਼ਮੀਨ ਰਾਖਵੀਂ ਕੀਮਤ ’ਤੇ ਅਲਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ 40 ਮੁਲਾਜ਼ਮਾਂ ਲਈ ਇਕ ਏਕੜ ਜ਼ਮੀਨ ਅਲਾਟ ਕਰਨ ਲਈ ਇਸ ਲੋੜੀਂਦੀ ਯੋਜਨਾ ਬਾਰੇ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਮੁਲਾਜ਼ਮਾਂ ਲਈ ਇਕ ਹੋਰ ਅਹਿਮ ਵੱਡੀ ਰਹਿਤ ਤਹਿਤ ਸਰਕਾਰ ਵੱਲੋਂ ਲੋੜੀਂਦੀ ਯੋਗਤਾ ਸੇਵਾ ਵਿੱਚ ਕਟੌਤੀ ਰਾਹੀਂ ਤਰੱਕੀ ਵਿੱਚ ਤੇਜ਼ੀ ਲਿਆਉਣ ਵਾਸਤੇ ਨਿਯਮਾਂ ਵਿੱਚ ਸੋਧ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।