ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)
ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਦੇ ਦਿੱਲੀ ਵੱਲ ਕੂਚ ਨੂੰ ਮਿਲੇ ਹੁੰਗਾਰੇ ਨੇ ਕੇਂਦਰ ਸਰਕਾਰ ਨੂੰ ਤ੍ਰੇਲੀਆਂ ਲਿਆਂ ਦਿੱਤੀਆਂ ਹਨ। ਕੱਲ੍ਹ ਕਿਸਾਨ ਰੋਹ ਅੱਗੇ ਝੁਕਣ ਤੇ ਦਿੱਲੀ ਵਿਚ ਕਿਸਾਨਾਂ ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣ ਤੋਂ ਬਾਅਦ ਅੱਜ ਕੇਂਦਰ ਸਰਕਾਰ ਨੇ ਆਖ ਦਿੱਤਾ ਹੈ ਕਿ ਉਹ ਹਰ ਮੁੱਦੇ ਉੱਤੇ ਚਰਚਾ ਲਈ ਤਿਆਰ ਹੈ।
ਕਿਸਾਨਾਂ ਨੂੰ ਆਪਣਾ ਅੰਦੋਲਨ ਖ਼ਤਮ ਕਰਨ ਦੀ ਅਪੀਲ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਉਨ੍ਹਾਂ ਨਾਲ ਸਾਰੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਤਿਆਰ ਹੈ। ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਵਿੱਚ ਸ਼ਾਮਲ ਹਜ਼ਾਰਾਂ ਕਿਸਾਨ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਦਾਖ਼ਲ ਹੋਣੇ ਸ਼ੁਰੂ ਹੋਏ, ਪਾਣੀ ਦੀਆਂ ਬੁਛਾੜਾਂ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਝੜਪਾਂ ਸਾਹਮਣੇ ਆਈਆਂ।
ਇਸ ਤੋਂ ਪਹਿਲਾਂ ਤੋਮਰ ਨੇ ਕਿਹਾ ਸੀ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨਾਲ ਕਿਸਾਨਾਂ ਦੀ ਜ਼ਿੰਦਗੀ ਵਿਚ ਅਥਾਹ ਸੁਧਾਰ ਹੋਏਗਾ। ਵੱਖ-ਵੱਖ ਕਿਸਾਨ ਸੰਗਠਨਾਂ ਨੂੰ 3 ਦਸੰਬਰ ਨੂੰ ਵਿਚਾਰ ਵਟਾਂਦਰੇ ਲਈ ਬੁਲਾਇਆ ਗਿਆ ਹੈ। ਹੁਣ ਤੋਮਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧਰਨੇ ਖ਼ਤਮ ਕਰਕੇ ਗੱਲਬਾਤ ਲਈ ਅੱਗੇ ਆਉਣ। ਮੰਤਰੀ ਨੇ ਕਿਹਾ, ‘ਸਰਕਾਰ ਹਰ ਮੁੱਦੇ’ ਤੇ ਵਿਚਾਰ ਕਰਨ ਲਈ ਤਿਆਰ ਹੈ …। ‘ ਇਹ ਐਲਾਨ ਤੋਮਰ ਵੱਲੋਂ ਉਦੋਂ ਕੀਤਾ ਗਿਆ ਜਦੋਂ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਆਉਣ ਦੀ ਆਗਿਆ ਦਿੱਤੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ, ਹਰਿਆਣਾ ਤੇ ਹੋਰ ਰਾਜਾਂ ਤੋਂ ਦਿੱਲੀ ਦੀਆਂ ਬਰੂਹਾਂ ਤੱਕ ਕਾਫਲਿਆਂ ਦੇ ਰੂਪ ਵਿੱਚ ਪਹੁੰਚੇ ਕਿਸਾਨਾਂ ਨੂੰ ‘ਸ਼ਾਂਤਮਈ’ ਪ੍ਰਦਰਸ਼ਨ ਅਤੇ ਰੈਲੀ ਕਰਨ ਦੀ ਇਜਾਜ਼ਤ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਿੱਚ ਬੁਰਾੜੀ ਸਥਿਤ ਨਿਰੰਕਾਰੀ ਗਰਾਊਂਡ ਵਿੱਚ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।
ਕਿਸਾਨਾਂ ਨੂੰ ਦੁਪਹਿਰ ਤਕਰੀਬਨ 3 ਵਜੇ ਦਿੱਲੀ ਜਾਣ ਦੀ ਸਹਿਮਤੀ ਦੇ ਦਿੱਤੀ ਸੀ। ਦੇਰ ਰਾਤ ਤੱਕ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦੀਆਂ ਬੈਠਕਾਂ ਦਾ ਦੌਰ ਜਾਰੀ ਰਿਹਾ ਅਤੇ ਅੱਜ ਕਿਸਾਨ ਜੱਥੇਬੰਦੀਆਂ ਵੱਲੋਂ ਬੁਰਾੜੀ ਵਿਖੇ ਚਾਲੇ ਪਾਉਣ ਜਾਂ ਸਿੰਘੂ ਬਾਰਡਰ ’ਤੇ ਹੀ ਧਰਨਾ ਜਾਰੀ ਰੱਖਣ ਬਾਰੇ ਫ਼ੈਸਲਾ ਕੀਤਾ ਜਾਵੇਗਾ। ਇਸ ਦੌਰਾਨ ਦਿੱਲੀ ਵੱਲ ਕੂਚ ਕਰ ਰਹੇ ਨੌਜਵਾਨਾਂ ਦੀ ਰਾਇ ਵੀ ਲਈ ਜਾਵੇਗੀ।