Select Page

ਕਿਸੇ ਵੀ ਲੋੜਵੰਦ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ : ਡਿਪਟੀ ਕਮਿਸ਼ਨਰ

ਕਿਸੇ ਵੀ ਲੋੜਵੰਦ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜਿੱਥੇ ਲੋੜਵੰਦਾਂ ਨੂੰ ਮੁਫਤ ਫੂਡ ਪੈਕੇਟ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੀ ਅਗਵਾਈ ਵਿੱਚ ਵੀ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਕਰਫਿਊ ਲਗਾਇਆ ਗਿਆ ਹੈ ਅਤੇ ਕਰਫਿਊ ਦੌਰਾਨ ਜ਼ਿਲ੍ਹੇ ਦੇ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ਅਜਿਹੇ ਲੋੜਵੰਦ ਵਿਅਕਤੀਆਂ ਨੂੰ ਫੂਡ ਪੈਕੇਟ ਮੁਹੱਈਆ ਕਰਵਾਏ ਜਾ ਰਹੇ, ਉਥੇ ਆਮ ਜਨਤਾ ਨੂੰ ‘ਹੋਮ ਡਿਲੀਵਰੀ’ ਰਾਹੀਂ ਕਰਿਆਨੇ ਦੀਆਂ ਜ਼ਰੂਰੀ ਵਸਤਾਂ ਅਤੇ ਦਵਾਈਆਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਦੇ ਵਲੰਟੀਅਰਾਂ ਦੀ ਟੀਮ ਵਲੋਂ ਰੋਜ਼ਾਨਾ ਦੀ ਕਮਾਈ ‘ਤੇ ਹੀ ਨਿਰਭਰ ਲੋੜਵੰਦ ਵਿਅਕਤੀਆਂ ਨੂੰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਖਾਲੀ ਪੇਟ ਨਾ ਰਹਿਣਾ ਪਵੇ। ਉਨ੍ਹਾਂ ਨੇ ਦੱਸਿਆ ਕਿ ਦਾਨੀ-ਸੱਜਣਾਂ ਦੇ ਸਹਿਯੋਗ ਨਾਲ ਜਿੱਥੇ ਰੈਡ ਕਰਾਸ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਉਥੇ ਪੈਦਾ ਹੋਏ ਮੌਜੂਦਾ ਹਾਲਾਤ ਦੌਰਾਨ ਵੀ ਦਾਨੀ-ਸੱਜਣਾਂ ਦੇ ਸਹਿਯੋਗ ਸਦਕਾ ਗਰੀਬ ਪਰਿਵਾਰਾਂ ਦੀ ਬਾਂਹ ਫੜੀ ਜਾ ਰਹੀ ਹੈ।

ਅਪਨੀਤ ਰਿਆਤ ਨੇ ਮਾਨਵਤਾ ਦੀ ਸੇਵਾ ਲਈ ਅੱਗੇ ਆਈਆਂ ਵੱਖ-ਵੱਖ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਜ਼ੁਕ ਦੌਰ ਵਿੱਚ ਇਕਜੁੱਟਤਾ ਨਾਲ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਇਸ ਹਾਲਾਤ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਕਰਫਿਊ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਿਥੇ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ‘ਹੋਮ ਡਿਲੀਵਰੀ’ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ, ਉਥੇ ਰੇਹੜੀਆਂ ਰਾਹੀਂ ਘਰਾਂ ਵਿੱਚ ਫ਼ਲ ਅਤੇ ਸਬਜ਼ੀਆਂ ਵੀ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਜ਼ਰੂਰੀ ਵਸਤਾਂ ਅਤੇ ਦਵਾਈਆਂ ਤੋਂ ਵਾਂਝਾ ਨਾ ਰਹਿ ਸਕੇ, ਇਸ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਕਿਹਾ ਕਿ ਰੇਹੜੀ ਵਾਲੇ ਵਿਅਕਤੀਆਂ ਵਲੋਂ ਅੱਜ ਭਾਰੀ ਗਿਣਤੀ ਵਿੱਚ ਘਰ-ਘਰ ਜਾ ਕੇ ਫ਼ਲ ਅਤੇ ਸਬਜ਼ੀਆਂ ਦੀ ਸਪਲਾਈ ਕੀਤੀ ਗਈ ਹੈ। ਉਨ੍ਹਾਂ  ਨੇ ਦੱਸਿਆ ਕਿ ਅੱਜ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ‘ਹੋਮ ਡਿਲੀਵਰੀ’ ਰਾਹੀਂ ਦਵਾਈਆਂ ਵੀ ਸਬੰਧਤ ਘਰਾਂ ਤੱਕ ਪਹੁੰਚਾਈਆਂ ਗਈਆਂ ਹਨ। ਇਸ ਤੋਂ ਇਲਾਵਾ ਉਪਭੋਗਤਾਵਾਂ ਨੂੰ ਘਰੇਲੂ ਗੈਸ ਸਿਲੰਡਰ ਵੀ ਮੁਹੱਈਆ ਕਰਵਾਏ ਗਏ ਹਨ।

About The Author

Leave a reply

Your email address will not be published. Required fields are marked *